ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਹੈ। ਕੈਬਨਿਟ ਅਰੋੜਾ ਨੇ ਕਿਹਾ ਹੈ ਮੁੱਖ ਮੰਤਰੀ ਇਸ ਮਾਮਲੇ ਦੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਛੇਤੀ ਹੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਖਾਲਿਸਤਾਨ ਦੀ ਗੱਲ ਪਿਛਲੇ 40 ਸਾਲ ਤੋਂ ਚਲ ਰਹੀ ਹੈ। ਪਰ ਨਾ ਤਾ ਖਾਲਿਸਤਾਨ ਪਹਿਲਾਂ ਬਣਿਆ ਅਤੇ ਨਾ ਹੀ ਅੱਗੇ ਬਣੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕ ਖਾਲਿਸਤਾਨ ਬਣਾਉਣ ਦੇ ਦਿਨੇ ਸੁਪਨੇ ਲੈ ਰਹੇ ਹਨ ਪਰ ਪੰਜਾਬ ਸਰਕਾਰ ਅਜਿਹਾ ਕੁਝ ਨਹੀਂ ਹੋਣ ਦੇਵੇਗੀ। ਉਨ੍ਹਾਂ ਨੂੰ ਸੁਪਨੇ ਲੈਣ ਦਿਉ ਅਤੇ ਕੁਝ ਲੋਕਾਂ ਦੇ ਬੋਲਣ ਨਾਲ ਕੋਈ ਫਰਕ ਨਹੀਂ ਪੈਂਦਾ।
ਅੰਮ੍ਰਿਤਪਾਲ ਦੀ ਜਾਨ ਨੂੰ ਖਤਰੇ ਦੇ ਸਵਾਲ ਉਤੇ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਇਸ ਬਾਰੇ ਕੋਈ ਏਜੰਸੀ ਜਾਂ ਮੁੱਖ ਮੰਤਰੀ ਮਾਨ ਹੀ ਦੱਸ ਸਕਦੇ ਹਨ। ਗੈਂਗਸਟਰਾਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਇਹ ਪਿਛਲੀ ਸਰਕਾਰਾਂ ਦੀ ਦੇਣ ਹੈ। ਅਸੀਂ ਇਸ ਨੂੰ ਠੀਕ ਕਰਨ ਵਿੱਚ ਲੱਗੇ ਹੋਏ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲੋਕਾਂ ਵੱਲੋਂ ਚੁਣੀ ਸਰਕਾਰ ਦੇ ਕੰਟਰੋਲ ਵਿੱਚ ਹੈ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦਾ ਕਿਸੇ ਨੂੰ ਇਜ਼ਾਜਤ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਮੈਂ ਵਿਰੋਧੀ ਪਾਰਟੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਜਾਣਬੁਝ ਕੇ ਲੋਕਾਂ ਨੂੰ ਡਰਾਉਣ ਵਾਲੇ ਬਿਆਨ ਨਾ ਦੇਣ। ਪੰਜਾਬ ਵਿੱਚ ਸਭ ਕੁਝ ਠੀਕ ਚਲ ਰਿਹਾ ਹੈ।ਰਾਹੁਲ ਗਾਂਧੀ ਦੇ ਬਿਆਨ ਉਤੇ ਅਮਨ ਅਰੋੜਾ ਨੇ ਕਿਹਾ ਕਿ ਸਾਡਾ ਦੇਸ਼ ਫੁੱਲਾਂ ਦੇ ਗੁਲਦਸਤੇ ਵਾਂਗ ਹੈ, ਜਿੱਥੇ ਸਾਰੇ ਮਿਲ ਜੁਲ ਕੇ ਖੁਸ਼ੀ ਨਾਲ ਇਕੱਠੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਵਿਦੇਸ਼ ਵਿੱਚ ਜਾ ਕੇ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਹਨ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ।
ਕਬਲੇਗੌਰ ਹੈ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਭੀੜ ਵੱਲੋਂ ਤਲਵਾਰਾਂ, ਬੰਦੂਕਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਮਲਾ ਕਰਕੇ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਉਰਫ ਤੂਫਾਨ ਸਿੰਘ ਨੂੰ ਛੁਡਵਾਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।