ਮਾਨਸਾ, 28 ਅਗਸਤ:
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ ਵੱਲੋਂ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ ਲਈ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ‘ਕੈਚ ਦਾ ਰੇਨ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕੇਵਲ ਗਰਗ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੌਨਸੂਨ ਦੇ ਮੌਸਮ ਦੌਰਾਨ ਮੀਂਹ ਦੇ ਪਾਣੀ ਦੀ ਸੰਭਾਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸਕੂਲਾਂ ਅਤੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਟੈਸਟਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚ ਸਕੇ। ਇਸ ਤੋਂ ਇਲਾਵਾ ਸਕੂਲਾਂ, ਡਿਸਪੈਂਸਰੀਆਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿਚ ਡਾਇਰੀਆ ਕੰਪੇਨ ਚਲਾਈ ਜਾ ਰਹੀ ਹੈ ਜਿਸ ਤਹਿਤ ਬੱਚਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਪਾਣੀ ਦੀ ਸਾਫ ਸਫਾਈ ਅਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।