ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ.

0
293

ਫਤਿਆਬਾਦ-ਚੋਹਲਾ ਸਾਹਿਬ ਸੜਕ ਦੇ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਪੈਸ਼ਲ ਰਿਪੇਅਰ ਦੇ ਕੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 22 ਅਗਸਤ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜਿਲ੍ਹੇ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ।

ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਲੰਬਾਈ ਲੱਗਭੱਗ 21 ਕਿਲੋਮੀਟਰ ਹੈ ਅਤੇ ਇਹ ਸੜਕ 2 ਮਹੱਤਵਪੂਰਨ ਨੈਸ਼ਨਲ ਹਾਈਵੇ ਐੱਨ. ਐੱਚ-54 ਅਤੇ ਐੱਨ. ਐੱਚ-703 ਏ ਨੂੰ ਜੋੜਦੀ ਹੈ। ਉਹਨਾਂ ਦੱਸਿਆ ਕਿ ਇਹ ਸੜਕ ਜ਼ਿਲ੍ਹਾ ਤਰਨ ਤਾਰਨ ਦੇ ਇਤਹਾਸਿਕ ਨਗਰ ਖਡੂਰ ਸਾਹਿਬ, ਫਤਿਆਬਾਦ, ਛਾਪੜੀ ਸਾਹਿਬ, ਡੇਹਰਾ ਸਾਹਿਬ ਅਤੇ ਚੋਹਲਾ ਸਾਹਿਬ ਨੂੰ ਵੀ ਜੋੜਦੀ ਹੈ। ਉਹਨਾਂ ਕਿਹਾ ਕਿ ਇਹ ਸੜਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵੱਲੋਂ ਹੀ ਇਸ ਦੇ ਰੱਖ-ਰਖਾਵ ਦੀ ਕੰਮ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ 31 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਵਿੱਚ ਵੀ ਨਵੀਂ ਭਰਤੀ ਕੀਤੀ ਗਈ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਵੀ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਰਾਬ ਸੀ। ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬੜੀ ਸਹੂਲਤ ਹੋਵੇਗੀ ਅਤੇ ਅਣਸੁਖਾਵੀਆਂ ਘਟਨਾਵਾਂ ਤੋਂ ਵੀ ਬਚਿਆ ਜਾ ਸਕੇਗਾ।

LEAVE A REPLY

Please enter your comment!
Please enter your name here