ਸੰਗਰੂਰ, 31 ਅਗਸਤ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਜੰਗ ਵਿੱਢਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਸੰਗਰੂਰ ਵੱਲੋਂ ਵਧੀਆ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਪਿਛਲੇ ਇੱਕ ਹਫਤੇ ਅੰਦਰ ਸੰਗਰੂਰ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ 11 ਕੇਸ ਦਰਜ ਕਰਦੇ ਹੋਏ 12 ਵਿਅਕਤੀਆਂ ਨੂੰ ਗ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 24 ਅਗਸਤ ਤੋਂ 31 ਅਗਸਤ ਤੱਕ ਐਨਡੀਪੀਐਸ ਐਕਟ ਤਹਿਤ ਡਰੱਗ ਦੇ 8 ਮੁਕੱਦਮੇ ਦਰਜ ਕਰਕੇ 9 ਵਿਅਕਤੀ ਕਾਬੂ ਕੀਤੇ ਗਏ ਹਨ ਜਦ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ 3 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 24 ਤੋਂ 31 ਅਗਸਤ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 10 ਗ੍ਰਾਮ ਹੈਰੋਇਨ, 57 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 74 ਗ੍ਰਾਮ ਗਾਂਜਾ ਅਤੇ 630 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਕਸਾਇਜ ਐਕਟ ਤਹਿਤ 3 ਕੇਸ ਦਰਜ ਕਰਕੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨਾਂ ਕੋਲੋਂ ਸ਼ਰਾਬ ਠੇਕਾ ਦੇਸੀ 58.500 ਲੀਟਰ, ਸ਼ਰਾਬ ਨਜਾਇਜ਼ 15.000 ਲੀਟਰ ਬਰਾਮਦ ਕੀਤੀ ਗਈ।
ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਪੁਲਿਸ ਦੀ ਇਸ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਆਮ ਲੋਕਾਂ ਨਾਲ ਮੀਟਿੰਗਾਂ ਕਰਦੇ ਹੋਏ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ੍ਰੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ ਤੇ ਕਸਬਿਆਂ ਵਿੱਚ ਨਾਗਰਿਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਜਾਰੀ ਹੈ।