ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼: ਜ਼ਿਲ੍ਹਾ ਚੋਣ ਅਫ਼ਸਰ
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ 18 ਸਾਲ ਉਮਰ ਦੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਵੰਡੇ ਗਏ ਵੋਟ ਸ਼ਨਾਖਤੀ ਕਾਰਡ
ਚੋਣ ਪ੍ਰਕਿਰਿਆ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਕੀਤਾ ਗਿਆ ਸਨਮਾਨਤ
ਸੰਗਰੂਰ,
ਚੋਣਾਂ ਵਿੱਚ ਆਮ ਲੋਕਾਂ ਦੀ ਭਾਈਵਾਲੀ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ ਯਾਨੀ ਕਿ 25 ਜਨਵਰੀ ਨੂੰ ਹਰ ਸਾਲ ਕੌਮੀ ਵੋਟਰ ਦਿਵਸ ਵਜੋਂ ਮਨਾਉਣ ਦੇ ਉਪਰਾਲੇ ਨੂੰ ਜਾਰੀ ਰੱਖਦਿਆਂ ਅੱਜ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਆਡੀਟੋਰੀਅਮ ’ਚ 14ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮਾਗਮ ’ਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਪਹਿਲੀ ਵਾਰ ਵੋਟ ਬਣਾਉਣ ਵਾਲੇ 18 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਸ਼ਨਾਖਤੀ ਕਾਰਡ ਤਕਸੀਮ ਕੀਤੇ ਗਏ ਅਤੇ ਉਥੇ ਹੀ ਵੋਟਰ ਦਿਵਸ ਅਤੇ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਚੋਣਾਂ ਦੌਰਾਨ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ ਅਤੇ ਕਿਸੇ ਵੀ ਨਾਗਰਿਕ ਨਾਲ ਰੰਗ, ਭੇਦ, ਨਸਲ ਜਾਂ ਜਾਤ ਆਧਾਰਤ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰਾਂ ਵਿਚੋਂ ਸੱਭ ਤੋਂ ਵੱਡਾ ਅਧਿਕਾਰ ਹੈ ਵੋਟ ਪਾਉਣ ਦਾ ਅਧਿਕਾਰ ਅਤੇ ਇਸ ਦੀ ਵਰਤੋਂ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਇਹ ਸਾਡਾ ਸੰਵਿਧਾਨਕ ਫ਼ਰਜ ਬਣਦਾ ਹੈ ਕਿ ਅਸੀਂ ਆਪਣਾ ਨਾਮ ਆਪਣੇ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਜ਼ਰੂਰ ਦਰਜ ਕਰਵਾਈਏ।
ਇਸ ਮੌਕੇ ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ www.voters.eci.gov.in ਵੈੱਬਸਾਈਟ ਉੱਪਰ ਕਈ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਇਸ ਵੈੱਬਸਾਈਟ ‘ਤੇ ਪਹੁੰਚ ਕੇ ਵੋਟਰ ਆਪਣੀ ਵੋਟ, ਹਲਕੇ ਸਬੰਧੀ ਜਾਣਕਾਰੀ, ਏਰੀਏ ਦੇ ਬੀ.ਐਲ.ਓ. ਆਦਿ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਤਹਿਸੀਲਦਾਰ ਚੋਣਾਂ ਵਿਜੇ ਕੁਮਾਰ, ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਅਤੇ ਕਾਲਜ ਦਾ ਸਟਾਫ਼, ਵਿਦਿਆਰਥੀ ਅਤੇ ਵੱਡੀ ਗਿਣਤੀ ’ਚ ਨੌਜਵਾਨ ਹਾਜ਼ਰ ਸਨ।