ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ 908 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
*ਖਰੀਦੇ ਗਏ 4 ਲੱਖ 41 ਹਜ਼ਾਰ 159 ਮੀਟਰਕ ਟਨ ਝੋਨੇ ਵਿੱਚੋਂ 3 ਲੱਖ 41 ਹਜ਼ਾਰ 203 ਦੀ ਹੋਈ ਲਿਫਟਿੰਗ
ਮਾਨਸਾ, 9 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 908 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੀਤੀ ਸ਼ਾਮ ਤੱਕ 5 ਲੱਖ 983 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 41 ਹਜ਼ਾਰ 159 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ ਅਤੇ 3 ਲੱਖ 41 ਹਜ਼ਾਰ 203 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਪਨਗਰੇਨ ਵੱਲੋਂ 148149 ਮੀਟਰਕ ਟਨ, ਮਾਰਕਫੈਡ ਨੇ 133123, ਪਨਸਪ ਵੱਲੋਂ 104025 ਅਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਵੱਲੋਂ 55842 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਧਾਰਤ ਨਮੀ ਵਾਲੀ ਆਪਣੀ ਫਸਲ ਮੰਡੀ ਵਿੱਚ ਲਿਆਉਣ, ਤਾਂ ਜੋ ਉਨਾਂ ਨੂੰ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਾਲ ਅਪੀਲ ਕੀਤੀ ਉਹ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਸਗੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਹੋਰ ਤਰੀਕਿਆਂ ਨਾਲ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।