ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ; ਪਿਸਤੌਲ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ
– ਗ੍ਰਿਫਤਾਰ ਦੋਸ਼ੀ ਵਿਜੇ ਨੇ 2017 ‘ਚ ਦੀਪਕ ਟੀਨੂੰ ਨੂੰ ਫਰਾਰ ਕਰਵਾਉਣ ‘ਚ ਕੀਤੀ ਸੀ ਮਦਦ
ਚੰਡੀਗੜ੍ਹ, 13 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮੇਹਮਦਪੁਰ, ਐਸ.ਏ.ਐਸ.ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ।
ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ ‘ਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਇਹ ਕਾਰਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਕੀਤੀ ਜਿਸ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਨੇ ਕੀਤੀ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2018 ਵਿੱਚ ਮੁਲਜ਼ਮ ਵਿਜੇ ਮਲੇਸ਼ੀਆ ਭੱਜ ਗਿਆ ਸੀ ਅਤੇ ਉਥੇ ਰਹਿੰਦਿਆਂ ਉਸ ਨੇ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਜਵੈਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ‘ਚ ਪੰਜਾਬ ਪੁਲਿਸ ਨੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਸੀ। ਇਸ ਮਾਮਲੇ ‘ਚ ਦੋਸ਼ੀ ਵਿਜੇ 2 ਸਾਲ ਤੱਕ ਅੰਬਾਲਾ ਜੇਲ ‘ਚ ਬੰਦ ਰਿਹਾ।
ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਦੇ ਤਹਿਤ ਐਫ.ਆਈ.ਆਰ. ਨੰਬਰ 23 ਮਿਤੀ 12-06-24 ਦਰਜ ਹੈ।