ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਲਈ ਖੇਤੀਬਾੜੀ ਵਿਭਾਗ ਸਰਗਰਮ—ਮੁੱਖ ਖੇਤੀਬਾੜੀ ਅਫ਼ਸਰ
ਖੀਵਾ ਕਲਾਂ, ਤਲਵੰਡੀ ਅਕਲੀਆ, ਗੇਹਲੇ ਤੇ ਮੌਜੋ ਖੁਰਦ ਵਿਖੇ ਜਾਗਰੂਕਤਾ ਅਤੇ ਕਿਸਾਨ ਸਿਖਲਾਈ ਕੈਂਪ ਆਯੋਜਿਤ
ਮਾਨਸਾ, 29 ਸਤੰਬਰ 2025:
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੀਆਂ ਹਦਾਇਤਾਂ ‘ਤੇ ਝੋਨੇ ਦੇ ਸੀਜ਼ਨ ਦੌਰਾਨ ਜਿ਼ਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਉਣ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ ਹਨ, ਜਿੰਨ੍ਹਾਂ ਵੱਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਹਿਤ ਜਾਗਰੂਕਤਾ ਤੇ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ, ਸਗੋਂ ਖੇਤੀਬਾੜੀ ਵਿਭਾਗ ਦੁਆਰਾ ਦਿੱਤੀ ਜਾ ਰਹੀ ਸਬਸਿਡੀ ‘ਤੇ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਆਈ.ਈ.ਸੀ. ਗਤੀਵਿਧੀਆਂ ਤਹਿਤ ਪਿੰਡ—ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਮਸ਼ੀਨਰੀ ਬਾਬਤ ਸਿਖਲਾਈ ਪ੍ਰਦਾਨ ਕਰ ਰਹੇ ਹਨ।ਇਸ ਲੜੀ ਤਹਿਤ ਅੱਜ ਪਿੰਡ ਖੀਵਾ ਕਲਾਂ, ਤਲਵੰਡੀ ਅਕਲੀਆ, ਗੇਹਲੇ, ਮੋਜੋ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ।
ਇੰਨ੍ਹਾਂ ਕੈਂਪਾਂ ਵਿੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਦਾ ਵੱਧ ਤੋਂ ਵੱਧ ਪ੍ਰਬੰਧਨ ਕੀਤਾ ਜਾਵੇ।ਉਹਨਾਂ ਵੱਲੋਂ ਕਿਸਾਨਾਂ ਨੂੰ ਇਨ ਸਿਟੂ ਅਤੇ ਐਕਸ ਸਿਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇੱਥੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜੇਕਰ ਪਰਾਲੀ ਪ੍ਰਬੰਧਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇੰਨ੍ਹਾਂ ਜਾਗਰੂਕਤਾ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜ਼ਰ ਸਨ।