ਜਿੱਤਾਂ ਦੀ ਹੈਟ੍ਰਿਕ ਦੇ ਨਾਲ-ਨਾਲ ਵਿਰੋਧੀਆਂ ਨੇ ਹਾਰਾਂ ਦੀ ਹੈਟ੍ਰਿਕ ਵੀ ਲਗਾਈ
ਔਜਲਾ ਨੇ ਕਾਂਗਰਸ ਲੀਡਰਸ਼ਿਪ ਅਤੇ ਗੁਰੂਨਗਰੀ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ।
ਅੰਮਿ੍ਤਸਰ- ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਤੋਂ ਤੀਜੀ ਵਾਰ ਜਿੱਤ ਦਰਜ ਕਰਦੇ ਹੋਏ ਆਪਣੇ ਵਿਰੋਧੀਆਂ ਨੂੰ ਤੀਜੀ ਵਾਰ ਵੀ ਹਾਰ ਦਾ ਮੂੰਹ ਵਿਖਾਇਆ ਹੈ। ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਭਾਜਪਾ ਦੇ ਤਿੰਨ ਉਮੀਦਵਾਰਾਂ ਦੀ ਤੀਜੀ ਵਾਰ ਹਾਰ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਧਰਮ ਦੇ ਨਾਂ ‘ਤੇ ਜਾਂ ਦੂਜਿਆਂ ਨੂੰ ਜ਼ਲੀਲ ਕਰਨ ਦੀ ਰਾਜਨੀਤੀ ‘ਤੇ ਨਹੀਂ ਸਗੋਂ ਕੀਤੇ ਕੰਮਾਂ ਦੇ ਆਧਾਰ ‘ਤੇ ਵੋਟਾਂ ਪਾਉਂਦੇ ਹਨ।
ਗੁਰਜੀਤ ਸਿੰਘ ਔਜਲਾ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਗੁਰੂ ਨਗਰੀ ਨੇ ਇੱਕ ਵਾਰ ਫਿਰ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਚੋਣਾਂ ਦੌਰਾਨ ਉਨ੍ਹਾਂ ਖੁਦ ਹੀ ਨਹੀਂ ਸਗੋਂ ਉਨ੍ਹਾਂ ਦੇ ਪੂਰੇ ਪਰਿਵਾਰ ਨੇ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਦਾ ਪਰਿਵਾਰ ਅਤੇ ਉਹ ਆਪ ਗੁਰੂ ਨਗਰੀ ਵਾਸੀਆਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਰਹਿਣਗੇ।
ਗੁਰਜੀਤ ਸਿੰਘ ਔਜਲਾ ਨੇ ਆਪਣੇ ਭਰਾ ਸੁਖਜਿੰਦਰ ਸਿੰਘ ਔਜਲਾ ਨਾਲ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਇਹ ਜਿੱਤ ਅੰਮ੍ਰਿਤਸਰ ਦੇ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਤੀਸਰੀ ਵਾਰ ਉਨ੍ਹਾਂ ‘ਤੇ ਵਿਸ਼ਵਾਸ ਪ੍ਰਗਟ ਕਰਦਿਆਂ ਵਿਰੋਧੀਆਂ ਨੂੰ ਕਿਹਾ ਕਿ ਲੋਕ ਕਾਂਗਰਸ ਦੇ ਨਾਲ ਹਨ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਦੀ ਜਿੱਤ ‘ਚ ਉਨ੍ਹਾਂ ਦਾ ਸਾਥ ਦਿੱਤਾ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਹੁਣ ਉਹ ਰੁਕੇ ਹੋਏ ਪ੍ਰਾਜੈਕਟਾਂ ਨੂੰ ਪਹਿਲਕਦਮੀ ਦੇ ਆਧਾਰ ’ਤੇ ਮੁਕੰਮਲ ਕਰਵਾਉਣਗੇ। ਅਸੀਂ ਸੂਬਾ ਸਰਕਾਰ ‘ਤੇ ਨਸ਼ਾਖੋਰੀ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਬਾਅ ਬਣਾਵਾਂਗੇ ਅਤੇ ਜੇਕਰ ਲੋੜ ਪਈ ਤਾਂ ਅਸੀਂ ਲੋਕਾਂ ਲਈ ਸੜਕਾਂ ‘ਤੇ ਵੀ ਉਤਰਾਂਗੇ, ਪਰ ਲੋਕਾਂ ਦੇ ਮਾਣ ਨੂੰ ਟੁੱਟਣ ਨਹੀਂ ਦੇਵਾਂਗੇ। ਗੁਰਜੀਤ ਸਿੰਘ ਔਜਲਾ ਦੀ ਜਿੱਤ ਦੇ ਐਲਾਨ ਦੇ ਨਾਲ ਹੀ ਕਾਂਗਰਸੀ ਸਮਰਥਕ ਉਨ੍ਹਾਂ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਦਫ਼ਤਰ ਅਤੇ ਘਰ ਪੁੱਜੇ। ਔਜਲਾ ਨੇ ਸਾਰਿਆਂ ਨੂੰ ਮਿਲ ਕੇ ਵਧਾਈਆਂ ਤਾਂ ਲਈਆਂ ਪਰ ਘੱਲੂਘਾਰਾ ਹਫ਼ਤਾ ਹੋਣ ਕਾਰਨ ਢੋਲ ਧਮਾਕਾ ਨਹੀੰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਵੱਲੋਂ ਕੋਈ ਲੱਡੂ ਨਹੀਂ ਵੰਡੇ ਗਏ ਜਾਂ ਢੋਲ ਨਹੀਂ ਵਜਾਇਆ ਗਿਆ।