ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ।
ਅੰਮ੍ਰਿਤਸਰ 9 ਸਤੰਬਰ 2024:—ਮੁੱਖ ਖੇਤੀਬਾੜੀ ਅਫਸਰ ਅੰਮਿਤਸਰ ਡਾ. ਤਜਿੰਦਰ ਸਿੰਘ ਵਲੋਂ ਸਟੱਬਲ ਬਰਨਿੰਗ ਨੂੰ ਕੰਟਰੋਲ ਕਰਨ ਲਈ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਅਤੇ ਜਿਲ੍ਹੇ ਦੇ ਹਾਟ ਸਪਾਟ ਪਿੰਡਾਂ ਨਾਲ ਸਬੰਧਤ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਹਨਾਂ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤੋਂ ਜਾਣੂ ਕਰਵਾਇਆ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਬਾਗਬਾਨੀ, ਭੂਮੀ ਰੱਖਿਆ, ਬਿਜਲੀ, ਸਹਿਕਾਰੀ ਸਭਾਵਾਂ, ਨਹਿਰੀ ਆਦਿ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਬਤੌਰ ਕਲੱਸਟਰ ਅਫਸਰ ਅਤੇ ਪਿੰਡ ਪੱਧਰੀ ਨੋਡਲ ਅਫਸਰ ਵਜੋਂ ਲਗਾਈਆਂ ਗਈਆ ਹਨ ਜੋ ਕਿਸਾਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ ਅਤੇ ਅੱਗ ਲੱਗਣ ਦੀਆਂ ਘਟਾਨਾਵਾ ਨੂੰ ਰੋਕਣ ਲਈ ਕੰਮ ਕਰਨਗੇ।
ਉਹਨਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਵੱਡੀ ਮਾਤਰਾ ਵਿੱਚ ਜ਼ਰੂਰੀ ਖ਼ੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਜਮੀਨ ਵਿਚਲੇ ਮਿੱਤਰ ਕੀੜੇ ਅਤੇ ਹੋਰ ਲਾਭਦਾਇਕ ਸੂਖਮ ਜੀਵ ਸੜ ਜਾਂਦੇ ਹਨ। ਜੇਕਰ ਫਸਲੀ ਰਹਿੰਦ-ਖੂਹੰਦ ਨੂੰ ਖੇਤ ਵਿੱਚ ਹੀ ਦਬਾ ਦਿੱਤਾ ਜਾਵੇ ਤਾਂ ਇਸ ਨਾਲ ਧਰਤੀ ਵਿੱਚ ਪਾਣੀ ਜਜਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਫਸਲਾਂ ਦਾ ਝਾੜ ਵੀ ਵਧਦਾ ਹੈ। ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਜਾਂ ਪਰਾਲੀ ਦੀਆਂ ਗੱਠਾਂ ਬਣਾ ਕੇ ਸੰਭਾਲ ਕੀਤੀ ਜਾਵੇ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਕੀਤੀ ਜਾਵੇ। ਇਸ ਮੌਕੇ ਖੇਤੀਬਾੜੀ ਅਫਸਰ ਰਮਨ ਕੁਮਾਰ, ਦਿਲਬਾਗ ਸਿੰਘ, ਹਰਭਿੰਦਰ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੁਖਚੈਨ ਸਿੰਘ, ਬਲਵਿੰਦਰ ਸਿੰਘ ਛੀਨਾਂ, ਗੁਰਮੀਤ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜਰ ਸਨ।