ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ – ਹਰਪਾਲ ਸਿੰਘ ਚੀਮਾ

0
120

ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਲਈ 24 ਵਾਹਨਾਂ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 25 ਸਤੰਬਰ:

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ।

ਅੱਜ ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ।

ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫ਼ਲਤਾ ਦੇ ਇਸ ਗ੍ਰਾਫ ਨੂੰ ਡਿੱਗਣ ਨਾ ਦਿੱਤਾ ਜਾਵੇ।

ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਲੇਬਲ ਸਿਟੀਜ਼ਨ’ ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ।

LEAVE A REPLY

Please enter your comment!
Please enter your name here