ਚੰਡੀਗੜ੍ਹ, 20 ਅਕਤੂਬਰ ( ) ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਹਤ ਮੁਲਾਜ਼ਮ ਨੇ ਉਸ ਵਿਰੁੱਧ ਜਾਰੀ ਹੋ ਚੁੱਕੀ ਮੈਡੀਕੋ-ਲੀਗਲ ਰਿਪੋਰਟ (ਐਮ.ਐਲ.ਆਰ.) ਵਿੱਚ ਡਾਕਟਰਾਂ ਦੇ ਵਿਸ਼ੇਸ਼ ਬੋਰਡ ਤੋਂ ਮੁੜ੍ਹ ਪੜਤਾਲ ਕਰਵਾਕੇ ਸੋਧ ਕਰਵਾਉਣ ਵਿੱਚ ਉਸਦੀ ਮੱਦਦ ਕਰਨ ਬਦਲੇ 50,000 ਰੁਪਏ ਲਏ ਸਨ। ਉਕਤ ਮੁਲਜ਼ਮ ਵੱਲੋਂ ਇਸ ਬਾਰੇ ਲਗਾਤਾਰ ਝੂਠੇ ਵਾਅਦੇ ਕਰਨ ਵਜੋਂ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਉਕਤ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਪੇਸ਼ ਕੀਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਰੇਂਜ ਫਿਰੋਜ਼ਪੁਰ ਵੱਲੋਂ ਮੁੱਦਈ ਵੱਲੋਂ ਦਿੱਤੀ ਦਰਖ਼ਾਸਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਬਤੌਰ ਰਿਸ਼ਵਤ ਲਏ ਸਨ। ਉਪਰੋਕਤ ਮੁਲਾਜ਼ਮ ਨੂੰ ਉਕਤ ਮਾਮਲੇ ‘ਚ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ‘ਤੇ ਬਿਉਰੋ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧ ‘ਚ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।