ਡਾ. ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਵੱਲੋਂ ਜ਼ੋਰਦਾਰ ਪ੍ਰਦਰਸ਼ਨ

0
24

ਡਾ. ਅੰਬੇਡਕਰ ‘ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ ‘ਚ ‘ਆਪ’ ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਆਪ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਫੂਕਿਆ ਪੁਤਲਾ, ਭਾਜਪਾ ਤੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

‘ਆਪ’ ਨੇਤਾਵਾਂ ਨੇ ਉਠਾਈ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ, ਕਿਹਾ – ਭਾਜਪਾ ਬਾਬਾ ਸਾਹਿਬ ਅੰਬੇਡਕਰ ਨੂੰ ਨਫ਼ਰਤ ਕਰਦੀ ਹੈ!

‘ਆਪ’ ਦਾ ਦੋਸ਼: ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਅਤੇ ਰਾਖਵਾਂਕਰਨ ਪ੍ਰਣਾਲੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ

‘ਆਪ’ ਨੇਤਾ ਨੇ ਕਿਹਾ – ਭਾਜਪਾ ਦਲਿਤ ਭਾਈਚਾਰੇ ਨੂੰ ਨਫ਼ਰਤ ਕਰਦੀ ਹੈ, ਇਹ ਪਾਰਟੀ ਮਨੁਸਮ੍ਰਿਤੀ ਦੀ ਸਮਰਥਕ ਹੈ

ਚੰਡੀਗੜ੍ਹ, 20 ਦਸੰਬਰ 2024

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਅਮਿਤ ਸ਼ਾਹ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੱਤਾ।

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂਆਂ, ਅਹੁਦੇਦਾਰਾਂ, ਵਿਧਾਇਕਾਂ ਅਤੇ ਮੰਤਰੀਆਂ ਸਮੇਤ ਸੈਂਕੜੇ ਪਾਰਟੀ ਵਰਕਰਾਂ ਨੇ ਜਲੰਧਰ, ਪਠਾਨਕੋਟ, ਬਠਿੰਡਾ, ਮਾਨਸਾ, ਲੁਧਿਆਣਾ ਫ਼ਰੀਦਕੋਟ ਮੋਗਾ ਸਮੇਤ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਦੇ ਬਾਹਰ ਧਰਨਾ ਦਿੱਤਾ ਅਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਮੰਗ ਪੱਤਰ ਸੌਂਪਿਆ। ‘ਆਪ’ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮੰਗ ਪੱਤਰ ਵਿੱਚ ਪਾਰਟੀ ਨੇ ਅਮਿਤ ਸ਼ਾਹ ਦੀ ਟਿੱਪਣੀ ਨੂੰ ਦੇਸ਼ ਦੇ ਲੋਕਤੰਤਰ, ਸੰਵਿਧਾਨ ਅਤੇ ਸੰਵਿਧਾਨ ਨਿਰਮਾਤਾ ਦਾ ਅਪਮਾਨ ਦੱਸਿਆ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਾਰਵਾਈ ਕਰੇ ਅਤੇ ਉਨ੍ਹਾਂ ਨੂੰ ਤੁਰੰਤ ਮੰਤਰੀ ਮੰਡਲ ਤੋਂ ਹਟਾਵੇ। ‘ਆਪ’ ਆਗੂਆਂ ਨੇ ਭਾਰਤੀ ਜਨਤਾ ਪਾਰਟੀ ‘ਤੇ ਡਾ. ਭੀਮ ਰਾਓ ਅੰਬੇਡਕਰ ਅਤੇ ਉਨ੍ਹਾਂ ਦੇ ਸੰਵਿਧਾਨ ਨੂੰ ਨਫ਼ਰਤ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ |

ਅਮਿਤ ਸ਼ਾਹ ਦੀ ਟਿੱਪਣੀ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ‘ਆਪ’ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਲੋਕਾਂ ਵਿੱਚ ਵਿਆਪਕ ਗ਼ੁੱਸੇ ਅਤੇ ਰੋਸ ਨੂੰ ਦਰਸਾਉਂਦੇ ਹਨ। ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਨੂੰ ਯਕੀਨੀ ਬਣਾਇਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬਾਬਾ ਸਾਹਿਬ ਨੂੰ ਆਪਣਾ ਸਿਆਸੀ ਅਦਰਸ਼ ਮੰਨਦੇ ਹਨ। ਉਹ ਰਾਸ਼ਟਰੀ ਪੱਧਰ ‘ਤੇ ਅਮਿਤ ਸ਼ਾਹ ਦੇ ਬਿਆਨਾਂ ਖ਼ਿਲਾਫ਼ ਲਗਾਤਾਰ ਆਵਾਜ਼ ਉਠਾ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।

ਧਰਨੇ ਦੌਰਾਨ ਵੱਖ-ਵੱਖ ਮੀਡੀਆ ਅਦਾਰਿਆਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਅਮਿਤ ਸ਼ਾਹ ਨੇ ਆਪਣੇ ਬਿਆਨ ਨਾਲ ਨਾ ਸਿਰਫ਼ ਭੀਮ ਰਾਓ ਅੰਬੇਡਕਰ ਦਾ ਅਪਮਾਨ ਕੀਤਾ ਹੈ ਸਗੋਂ ਅਜਿਹਾ ਕਹਿ ਕੇ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ।

ਡਾ. ਅੰਬੇਡਕਰ ਨੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਨੂੰ ਸੰਵਿਧਾਨ ਤਹਿਤ ਰਾਜਨੀਤਿਕ ਅਤੇ ਸਮਾਜਿਕ ਅਧਿਕਾਰ ਦਿੱਤੇ ਅਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕੀਤਾ। ਅਮਿਤ ਸ਼ਾਹ ਦੇ ਬਿਆਨ ਨਾਲ ਦੇਸ਼ ਦੇ ਦਲਿਤ ਭਾਈਚਾਰੇ ਅੰਦਰ ਨਿਰਾਸ਼ਾ ਦੀ ਲਹਿਰ ਫੈਲ ਗਈ ਹੈ। ਭਾਰਤੀ ਜਨਤਾ ਪਾਰਟੀ ਨੂੰ ਇਸ ਮਾਮਲੇ ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਦਲਿਤ ਭਾਈਚਾਰੇ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

ਜਲੰਧਰ ਤੋਂ ‘ਆਪ’ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਮਜ਼ਾਕ ਉਡਾਇਆ ਗਿਆ। ਲੋਕਤੰਤਰ ਲਈ ਇਸ ਤੋਂ ਵੱਧ ਦੁਖਦਾਈ ਗੱਲ ਹੋਰ ਕੋਈ ਨਹੀਂ ਹੋ ਸਕਦੀ।

ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਕਿਉਂਕਿ ਉਹ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਤੋਂ ਡਰਦੀ ਹੈ। ਭਾਜਪਾ ਨੂੰ ਦਲਿਤ ਭਾਈਚਾਰੇ ਤੋਂ ਨਫ਼ਰਤ ਹੈ। ਇਹ ਮਨੁਸਮ੍ਰਿਤੀ ਦਾ ਸਮਰਥਨ ਕਰਨ ਵਾਲੀ ਪਾਰਟੀ ਹੈ।

LEAVE A REPLY

Please enter your comment!
Please enter your name here