* ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹਾਂ-ਸਿਵਲ ਸਰਜਨ
ਮਾਨਸਾ (ਸਾਂਝੀ ਸੋਚ ਬਿਊਰੋ) -ਡਾ. ਹਰਜਿੰਦਰ ਸਿੰਘ ਨੇ ਮੰਗਲਵਾਰ ਨੂੰ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਹੋਰ ਕਰਮਚਾਰੀਆਂ ਨੇ ਸਿਵਲ ਸਰਜਨ ਦਾ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਸਿਵਲ ਸਰਜਨ ਨੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇਕ ਮੀਟਿੰਗ ਲਈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਸੀ ਸਾਰੇ ਵਚਨਬੱਧ ਹਾਂ ਅਤੇ ਹਮੇਸ਼ਾਂ ਰਹਾਂਗੇ। ਕਰੋਨਾ ਦੀ ਸੰਭਾਵੀ ਤੀਜੀ ਲਹਿਰ ਅਤੇ ਨਵੇਂ ਵੈਰੀਐਂਟ ਓਮੀਕ੍ਰੌਨ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਸੰਭਾਵੀ ਤੀਜੀ ਲਹਿਰ ਅਤੇ ਓਮੀਕ੍ਰੋਨ ਵੈਰੀਐਂਟ ਦੇ ਨਵੇਂ ਖਤਰੇ ਨੂੰ ਦੇਖਦੇ ਹੋਏ,ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਖਾਸ ਤੌਰ ਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਦਰਸਾਈਆਂ ਕੋਰੋਨਾ ਦੇ ਬਚਾਓ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ, ਜਿਵੇਂ ਕਿ ਕੋਵਿਡ ਦੇ ਬਚਾਅ ਲਈ ਮਾਸਕ ਪਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਸਾਫ਼ ਕਰਨਾ ਜਾਂ ਸੈਨੀਟਾਈਜ਼ਰ ਦੀ ਵਰਤੋਂ ਕਰਨੀ, ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਵਰਗੀਆਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਣੀਆਂ ਜਾਣ ਤਾਂ ਜੋ ਕਿਸੇ ਵੀ ਸੂਰਤ ਵਿੱਚ ਲੋਕਲ ਟਰਾਂਸਮਿਸ਼ਨ ਦੇ ਖਤਰੇ ਤੋਂ ਬਚਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਹਰ ਨਾਗਰਿਕ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਜ਼ਰੂਰ ਲੁਆਵੇ ਤਾਂ ਜੋ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਖਤਰੇ ਤੋਂ ਬਚਿਆ ਜਾ ਸਕੇ। ਇਸ ਮੌਕੇ ਸਿਹਤ ਡਾ. ਵਿਜੈ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਕਰਮਜੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ, ਡਾ.ਅਰਸ਼ਦੀਪ ਜ਼ਿਲ੍ਹਾ ਐਪੀਡਮੋਲੋਜਿਸਟ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਅਤੇ ਪਵਨ ਕੁਮਾਰ,ਅਵਤਾਰ ਸਿੰਘ ਡੀ. ਪੀ. ਐੱਮ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
Boota Singh Basi
President & Chief Editor