ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਬੀਰੇਵਾਲਾ ਡੋਗਰਾ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

0
79

*ਮਾਨਸਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚੋ ਕੱਢ ਕੇ ਸੁਰੱਖਿਅਤ ਥਾਂ ਬਣਾਏ ਰਾਹਤ ਕੇਂਦਰਾਂ ’ਚ ਪਹੁੰਚਾਉਣ ਲਈ ਉੱਦਮ ਜਾਰੀ
*ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਫੋਨ ਨੰਬਰ 01652-229082 ’ਤੇ ਕਰ
ਸਕਦੇ ਹਨ ਸੰਪਰਕ-ਡਿਪਟੀ ਕਮਿਸ਼ਨਰ
ਮਾਨਸਾ, 17 ਜੁਲਾਈ :
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਚਾਂਦਪੁਰ ਬੰਨ੍ਹ ਦੇ ਨੇੜੇ ਪਏ ਪਾੜ ਕਾਰਣ ਬੀਰੇਵਾਲਾ ਡੋਗਰਾ ਦੇ ਰਿਹਾਇਸ਼ੀ ਖੇਤਰ ਅੰਦਰ ਪਾਣੀ ਆਉਣ ਦੀ ਸੂਚਨਾ ਮਿਲਦੇ ਹੀ ਤੁਰੰਤ ਖੁਦ ਨਿੱਜੀ ਤੌਰ ’ਤੇ ਐਨ.ਡੀ.ਆਰ.ਐਫ ਦੇ ਜਵਾਨਾਂ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ।
ਡਿਪਟੀ ਕਮਿਸ਼ਨਰ ਨੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਲੋਕਾਂ ਦੇ ਘਰਾਂ ’ਚ ਜਾ ਕੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਰਾਹਤ ਦੇਣ ਅਤੇ ਬਚਾਅ ਕਾਰਜ਼ਾਂ ਨਾਲ ਮੁੜ ਤੋਂ ਉਨ੍ਹਾਂ ਦੀ ਜਿੰਦਗੀ ਲੀਹ ’ਤੇ ਲਿਆਉਣ ਲਈ ਦਿਨ ਰਾਤ ਕੰਮ ਰਿਹਾ ਹੈ, ਜਿਸਦੇ ਵਿੱਚ ਤੁਹਾਡੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਪ੍ਰਭਾਵਿਤ ਲੋਕਾਂ ਦੀਆਂ ਜਰੂਰਤਾਂ ਅਤੇ ਮੁਸ਼ਕਿਲਾਂ ਨੂੰ ਸੁਣ ਕੇ ਤੁਰੰਤ ਅਧਿਕਾਰੀਆਂ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਾਲ-ਨਾਲ ਸੌ ਫ਼ੀਸਦੀ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਂਦਪੁਰ ਬੰਨ੍ਹ ਨੂੰ ਜਲਦ ਪੂਰ ਲਿਆ ਜਾਵੇਗਾ। ਉਨ੍ਹਾਂ ਪਾਣੀ ਦੀ ਸਥਿਤੀ ਨੂੰ ਦੇਖਦਿਆਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦਿਆਂ ਸੁਰੱਖਿਅਤ ਥਾਵਾਂ ਤੇ ਬਣਾਏ ਰਾਹਤ ਕੇਂਦਰਾਂ ਵਿੱਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਪਾਣੀ ਨਾਲ ਪ੍ਰਭਾਵਿਤ ਪਿੰਡ ਵਾਸੀਆਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਕੇਂਦਰਾਂ ਅੰਦਰ ਖਾਣ ਪੀਣ ਸਮੇਤ ਰਹਿਣ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਉਥੇ ਪਸ਼ੂਆਂ ਲਈ ਤੂੜੀ ਹਰੇ ਚਾਰੇ ਆਦਿ ਦੇ ਵੀ ਪ੍ਰਬੰਧ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 8 ਪਿੰਡ ਹੀ ਪਾਣੀ ਤੋਂ ਪ੍ਰਭਾਵਿਤ ਹੋਏ ਹਨ ਅਤੇ ਰਾਹਤ ਸਮੱਗਰੀ ਦੀ ਸੁਚਾਰੂ ਅਤੇ ਪਾਰਦਰਸ਼ੀ ਵੰਡ ਲਈ ਅਧਿਕਾਰੀ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਪਿੰਡ ਵਿਚ ਜਾ ਕੇ ਲੋਕਾਂ ਨੂੰ ਸਿਹਤ ਸਹੁਲਤਾਂ ਦੇਣ ਕਿਉਂਕਿ ਹੁਣ ਜਦ ਪਾਣੀ ਘਟੇਗਾ ਤਾਂ ਇਨ੍ਹਾਂ ਇਲਾਕਿਆਂ ਵਿਚ ਬਿਮਾਰੀਆਂ ਵੱਧਣ ਦਾ ਡਰ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ 24 ਘੰਟੇ ਕੰਮ ਕਰ ਰਿਹਾ ਹੈ। ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਫੋਨ ਨੰਬਰ 01652-229082 ’ਤੇ ਕਾਲ ਕਰ ਸਕਦੇ ਹਨ।

LEAVE A REPLY

Please enter your comment!
Please enter your name here