ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਡੇਂਗੂ ਤੋਂ ਬਚਾਅ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

0
169

ਨਿਯਮਤ ਫੋਗਿੰਗ ਤੇ ਲਾਰਵਾਸਾਈਡ ਸਪਰੇਅ ਕਰਨ ਦੀ ਹਦਾਇਤ

ਸੀਵਰੇਜ ਲਾਈਨਾਂ ਦੀ ਮੁਕੰਮਲ ਸਫਾਈ ਦੇ ਆਦੇਸ਼

ਖੜ੍ਹੇ ਸਾਫ਼ ਪਾਣੀ ਦੇ ਸੋਮਿਆ ’ਤੇ ਪੈਦਾ ਹੁੰਦਾ ਹੈ ਡੇਂਗੂ ਮੱਛਰ, ਇਸ ਲਈ ਡਰਾਈ ਡੇਅ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾਵੇ

ਸੰਗਰੂਰ, 24 ਜੁਲਾਈ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਡੇਂਗੂ ਤੋਂ ਬਚਾਅ ਲਈ ਵਿਭਾਗੀ ਪੱਧਰ ’ਤੇ ਹੋ ਰਹੇ ਉਪਰਾਲਿਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲਾਂ ਵਿੱਚ ਡੇਂਗੂ ਪ੍ਰਭਾਵਿਤ ਪੇਂਡੂ ਤੇ ਸ਼ਹਿਰੀ ਇਲਾਕਿਆਂ (ਹੌਟ ਸਪੋਟ) ਵਿੱਚ ਇਸ ਵਾਰ ਵਿਸ਼ੇਸ਼ ਸਾਵਧਾਨੀਆਂ ਵਰਤੇ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿੱਚ ਪਹਿਲਾਂ ਤੋਂ ਹੀ ਫੋਗਿੰਗ ਤੇ ਲਾਰਵਾਸਾਈਡ ਸਪਰੇਅ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਖੇਤਰ ਵਿੱਚ ਫੋਗਿੰਗ ਤੇ ਲਾਰਵਾਸਾਈਡ ਸਪਰੇਅ ਕਰਨ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ ਅਤੇ ਇਸ ਦਾ ਸ਼ਡਿਊਲ ਤਿਆਰ ਕਰਕੇ ਹਰ ਘਰ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਲਾਈਨਾਂ ਦੀ ਨਿਰੰਤਰ ਸਫ਼ਾਈ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਹਰ ਖੇਤਰ ਵਿੱਚ ਚੌਕਸੀ ਵਧਾਉਂਦੇ ਹੋਏ ਜਨਤਕ ਤੇ ਵਪਾਰਕ ਸੰਸਥਾਨਾਂ, ਸਰਕਾਰੀ ਦਫ਼ਤਰਾਂ ਆਦਿ ਵਿੱਚ ਲਾਰਵੇ ਦੀ ਜਾਂਚ ਕੀਤੀ ਜਾਵੇ ਅਤੇ ਲਾਰਵਾ ਪਾਏ ਜਾਣ ’ਤੇ ਚਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਕਿਤੇ ਵੀ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਕਿਉਂਕਿ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ’ਤੇ ਡੇਂਗੂ ਮੱਛਰ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡਰਾਈ ਡੇਅ ਸਬੰਧੀ ਜਾਰੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਸਰਕਾਰੀ ਸਿਹਤ ਸੰਸਥਾਨਾਂ ਤੇ ਹਸਪਤਾਲਾਂ ਦੇ ਅੰਦਰੂਨੀ ਤੇ ਬਾਹਰੀ ਹਿੱਸਿਆਂ ਵਿੱਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਇਸ ਸਬੰਧੀ ਵਧੇਰੇ ਜਾਗਰੂਕਤਾ ਫੈਲਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

LEAVE A REPLY

Please enter your comment!
Please enter your name here