ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਆਰੀ ਢੰਗ ਨਾਲ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡੀ.ਸੀ. ਜਤਿੰਦਰ ਜੋਰਵਾਲ
ਸੰਗਰੂਰ, 4 ਮਾਰਚ, 2024: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਾਰਾ ਰਿਕਾਰਡ ਭੰਗ ਕੀਤੀਆਂ ਗਈਆਂ ਪੰਚਾਇਤਾਂ ਦੇ ਨੁਮਾਇੰਦਿਆਂ ਤੋਂ ਜਲਦ ਤੋਂ ਜਲਦ ਉਹ ਆਪਣੇ ਅਧਿਕਾਰ ਵਿੱਚ ਲੈ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਆਰੀ ਢੰਗ ਨਾਲ ਪੂਰਾ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਕੰਮ ਵਿੱਚ ਘਟੀਆ ਸਾਮਾਨ ਦੀ ਵਰਤੋਂ ਕਿਸੇ ਵੀ ਹਾਲਤ ਵਿੱਚ ਨਾ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਪੰਚਾਇਤਾਂ ਦੇ ਕਿਸੇ ਕੰਮ ਵਿੱਚ ਕੋਈ ਊਣਤਾਈ ਪਾਈ ਗਈ ਤਾਂ ਸਬੰਧਤ ਪ੍ਰਬੰਧਕ ਵਿਰੁੱਧ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਭੇਜੇ ਗਏ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਤਹਿਤ ਖਰਚਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ, ਸਮੂਹ ਬੀ.ਡੀ.ਪੀ.ਓਜ਼, ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਪ੍ਰਬੰਧਕ ਵੀ ਹਾਜ਼ਰ ਸਨ।