ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ
ਸਰਕਾਰੀ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਮੰਡੀਆਂ ਵਿੱਚੋਂ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 7 ਲੱਖ 65 ਹਜ਼ਾਰ 580 ਮੀਟ੍ਰਿਕ ਟਨ ਕਣਕ ਦੀ ਖਰੀਦ- ਡਿਪਟੀ ਕਮਿਸ਼ਨਰ
ਸੰਗਰੂਰ, 28 ਅਪ੍ਰੈਲ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਅੱਜ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਮੁੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਚੱਲ ਰਹੇ ਸਾਰੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਨਾਜ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਅੱਜ ਸਮੂਹ ਉਪ ਮੰਡਲ ਮੈਜਿਸਟਰੇਟ ਨੇ ਵੀ ਆਪੋ ਆਪਣੀਆਂ ਸਬ ਡਵੀਜ਼ਨਾਂ ਅਧੀਨ ਆਉਂਦੀਆਂ ਮੁੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਨੇ ਅਨਾਜ ਮੰਡੀਆਂ ਵਿੱਚ ਮੌਜੂਦ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਆਦਿ ਨਾਲ ਗੱਲਬਾਤ ਵੀ ਕੀਤੀ। ਉਹਨਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੀ ਜਾ ਰਹੀ ਸੁੱਕੀ ਫਸਲ ਦੀ ਨਾਲੋਂ ਨਾਲ ਖਰੀਦ ਕਰਨ ਦੀ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਬਹਾਦਰਪੁਰ ਅਤੇ ਘਰਾਚੋਂ ਵਿਖੇ ਅਨਾਜ ਮੰਡੀਆਂ ਦੇ ਦੌਰੇ ਦੌਰਾਨ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਉਹ ਖੁਦ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਨਿਯਮਤ ਤੌਰ ਉਤੇ ਕਰ ਰਹੇ ਹਨ ਅਤੇ ਇਨਾਂ ਕਾਰਜਾਂ ਨਾਲ ਸੰਬੰਧਿਤ ਸਾਰੇ ਅਧਿਕਾਰੀਆਂ ਨੂੰ ਲਗਾਤਾਰ ਅਨਾਜ ਮੰਡੀਆਂ ਦਾ ਦੌਰਾ ਕਰਨ ਅਤੇ ਹਰੇਕ ਪ੍ਰਬੰਧ ਨੂੰ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 8 ਲੱਖ 10 ਹਜ਼ਾਰ 921 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 7 ਲੱਖ 65 ਹਜ਼ਾਰ 580 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਮਾਰਕਫੈਡ, ਪਨਗ੍ਰੇਨ, ਵੇਅਰ ਹਾਊਸ, ਪਨਸਪ ਆਦਿ ਸਰਕਾਰੀ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰ ਨੂੰ ਹਦਾਇਤ ਕੀਤੀ ਕਿ ਉਹ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨਿਰਧਾਰਤ ਸਮਾਂ ਸੀਮਾ ਅਨੁਸਾਰ ਨੇਪਰੇ ਚੜਾਉਣ।
ਅੱਜ ਜਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ. ਡੀ. ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ. ਡੀ. ਐਮ. ਧੂਰੀ ਅਮਿਤ ਕੁਮਾਰ ਅਤੇ ਡੀਐਫ਼ਐੱਸਸੀ ਮੇਜਰ ਗੁਰਪ੍ਰੀਤ ਸਿੰਘ ਕੰਗ ਸਮੇਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਦੌਰਾ ਕਰਕੇ ਕਣਕ ਦੀ ਆਮਦ, ਖਰੀਦ, ਚੁਕਾਈ, ਟਰਾਂਸਪੋਰਟੇਸ਼ਨ ਤੇ ਅਦਾਇਗੀ ਆਦਿ ਦਾ ਜਾਇਜ਼ਾ ਲਿਆ ਗਿਆ।