ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਜਾਰੀ ਕੀਤੇ ਆਦੇਸ਼
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,01 ਅਗਸਤ
ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਹਰ ਵੀਰਵਾਰ ਸਵੇਰੇ 9:30 ਵਜੇ ਤੋਂ ਲੈ ਕੇ 1:30 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ,ਪ੍ਰੰਤੂ ਹੁਣ ਜ਼ਿਲ੍ਹਾ ਪੱਧਰ ‘ਤੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ.ਵਿੰਡੋ ਸਥਾਪਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾ ਦੇ ਹੱਲ ਲਈ ਦੂਰ ਨਾ ਜਾਣਾ ਪਵੇ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਤੈਅ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਨਿੱਜੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਖੋਲ੍ਹੇ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਉਣ ਵਾਲੇ ਨਾਗਰਿਕਾਂ ਦਾ ਸੁਚੱਜੇ ਢੰਗ ਨਾਲ ਮਾਰਗ ਦਰਸ਼ਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।