ਡਿਪਟੀ ਕਮਿਸ਼ਨਰ ਵੱਲੋਂ ਧੂਰੀ ਦੇ ਸਬ ਡਵੀਜ਼ਨਲ ਹਸਪਤਾਲ ਦੇ ਨਵੀਨੀਕਰਨ ਸਬੰਧੀ ਸਮੀਖਿਆ ਮੀਟਿੰਗ

0
151

ਹਸਪਤਾਲ ਦੇ ਨਵੀਨੀਕਰਨ ਸਮੇਂ ਇਮਾਰਤੀ ਢਾਂਚੇ ਨੂੰ ਵਾਤਾਵਰਨ ਪੱਖੀ ਅਤੇ ਮਰੀਜ਼ਾਂ ਦੀ ਸਹੂਲਤ ਅਨੁਸਾਰ ਕਰਵਾਇਆ ਜਾਵੇਗਾ ਤਿਆਰ: ਜਤਿੰਦਰ ਜੋਰਵਾਲ

ਦਲਜੀਤ ਕੌਰ

ਸੰਗਰੂਰ, 31 ਅਗਸਤ, 2023: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਧੂਰੀ ਸਥਿਤ ਸਰਕਾਰੀ ਸਬ-ਡਵੀਜ਼ਨਲ ਹਸਪਤਾਲ ਦੇ ਨਵੀਨੀਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਧੂਰੀ ਦੇ ਸਰਕਾਰੀ ਸਬ+ਡਵੀਜਨਲ ਹਸਪਤਾਲ ਨੂੰ ਨਮੂਨੇ ਦੀ ਸਿਹਤ ਸੰਸਥਾ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੇ ਨਵੀਨੀਕਰਨ ਲਈ ਤਿਆਰ ਕੀਤੇ ਜਾ ਰਹੇ ਨਕਸ਼ਿਆਂ ਨੂੰ ਇਸ ਢੰਗ ਨਾਲ ਬਣਾਇਆ ਜਾਵੇ ਜਿਸ ਨਾਲ ਇਮਾਰਤ ਨੂੰ ਪੂਰੀ ਤਰ੍ਹਾਂ ਵਾਤਾਵਰਨ ਪੱਖੀ ਤਰੀਕੇ ਨਾਲ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਮਾਰਤੀ ਢਾਂਚੇ ਨੂੰ ਮਰੀਜ਼ਾਂ ਦੀ ਸਹੂਲਤ ਅਨੁਸਾਰ ਤਿਆਰ ਕਰਵਾਇਆ ਜਾਵੇ ਤਾਂ ਜੋ ਇਲਾਜ ਲਈ ਆਉਣ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਹਸਪਤਾਲ ਦੇ ਨਵੀਨੀਕਰਨ ਦੌਰਾਨ ਕੰਮ ਦੀ ਗੁਣਵਤਾ ਦਾ ਵੀ ਖਾਸ ਧਿਆਨ ਰੱਖਿਆ ਜਾਵੇ ਅਤੇ ਸਾਰੇ ਦਾ ਸਾਰਾ ਕੰਮ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੂਰੀ ਨਵੀਨੀਕਰਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀ ਕੋਈ ਵੀ ਕੁਤਾਹੀ ਸਾਹਮਣੇ ਆਉਣ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਸਮੇਤ ਸਿਹਤ, ਲੋਕ ਨਿਰਮਾਣ ਵਿਭਾਗ ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here