ਡੀਟੀਐਫ ਵਲੋਂ ਸਮੂਹ ਅਧਿਆਪਕਾਂ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦੀ ਅਪੀਲ

0
50
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,15 ਫਰਵਰੀ
ਡੈਮੋਕ੍ਰੇਟਿਕ ਟੀਚਰਜ ਫਰੰਟ ਜਿਲ਼੍ਹਾ ਤਰਨ ਤਾਰਨ ਦੇ ਜਨਰਲ ਸਕੱਤਰ ਕਸ਼ਮੀਰ ਸਿੰਘ ਅਤੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਵਲੋਂ ਸਾਂਝੇ ਬਿਆਨ ਰਾਹੀਂ ਸਮੂਹ ਅਧਿਆਪਕਾਂ ਨੂੰ 16 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਹਨਾ ਕਿਹਾ ਕਿ ਦੇਸ਼ ਵਿੱਚ 1991 ਤੋਂ ਲਾਗੂ ਨਿੱਜੀਕਰਨ,ਉਦਾਰੀਕਰਨ ਤੇ ਸੰਸਾਰੀਕਰਨ ਦੀਆਂ ਨੀਤੀਆਂ ਕਾਰਨ ਜਨਤਕ ਖੇਤਰ ਦਾ ਵਿਆਪਕ ਪੱਧਰ ‘ਤੇ ਉਜਾੜਾ ਕੀਤਾ ਜਾ ਰਿਹਾ ਹੈ।ਇਹਨਾਂ ਨੀਤੀਆਂ ਤਹਿਤ ਹੀ ਮੌਜੂਦਾ ਦੌਰ ਵਿਚ ਜਨਤਕ ਸਿੱਖਿਆ ਅਤੇ ਸਿਹਤ ਸੇਵਾਵਾਂ ਦਾ ਵੱਡੇ ਪੱਧਰ ‘ਤੇ ਖਾਤਮਾ ਕੀਤਾ ਜਾ ਰਿਹਾ ਹੈ।ਰੈਗੂਲਰ ਰੁਜ਼ਗਾਰ ਦੇ ਮੌਕੇ ਸੀਮਤ ਕੀਤੇ ਜਾ ਰਹੇ ਹਨ ਅਤੇ ਪੈਨਸ਼ਨ ਦਾ ਹੱਕ ਖੋਹਿਆ ਜਾ ਚੁੱਕਾ ਹੈ।ਠੇਕੇਦਾਰੀ ਪ੍ਰਣਾਲੀ ਤਹਿਤ ਕਰੋੜਾਂ ਨੌਜਵਾਨਾਂ ਨੂੰ ਕੱਚੀ ਅਤੇ ਆਊਟਸੋਰਸ ਨੌਕਰੀ ਰਾਹੀਂ ਅਲਪ ਰੁਜ਼ਗਾਰ ਵੱਲ ਧੱਕ ਦਿੱਤਾ ਗਿਆ ਹੈ। ਕੌਮੀ ਸਿੱਖਿਆ ਨੀਤੀ-2020 (ਐਨਈਪੀ) ਨੇ ਬਚੀ-ਖੁਚੀ ਸਿੱਖਿਆ ਪ੍ਰਣਾਲੀ ਨੂੰ ਵੀ ਤਬਾਹ ਕਰ ਦੇਣ ਵੱਲ ਵਧਣਾ ਸੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਬਾਹਕੁੰਨ ਨੀਤੀਆਂ ਵਿਰੁੱਧ ਲੋਕਤੰਤਰੀ ਢੰਗ ਨਾਲ ਰੋਸ ਪ੍ਰਗਟ ਕਰਨ ਲਈ ਟਰੇਡ ਯੂਨੀਅਨਾਂ,ਮੁਲਾਜ਼ਮ ਫੈਡਰੇਸ਼ਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਹੜਤਾਲ ਅਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।ਉਹਨਾਂ  ਕਿਹਾ ਕਿ ਉਕਤ ਸੱਦਾ ਦੇਸ਼ ਦੇ ਕਰੋੜਾਂ ਲੋਕਾਂ ਦੀ ਸਿੱਖਿਆ,ਸਿਹਤ, ਰੁਜ਼ਗਾਰ ਅਤੇ ਪੈਨਸ਼ਨ ਵਰਗੀਆਂ ਬੁਨਿਆਦੀ ਲੋੜਾਂ ਨਾਲ ਜੁੜਿਆ ਹੋਇਆ ਹੈ,ਜੇ ਅੱਜ ਅਸੀਂ ਦੇਸ਼ ਦੀਆਂ ਸਾਰੀਆਂ ਸੂਬਾਈ ਤੇ ਕੇਂਦਰੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਭੁਗਤਣ ਦੇ ਫੈਸਲਿਆ ਨੂੰ ਰੋਕਣਾ ਹੈ ਤਾਂ ਸਾਨੂੰ ਇਸ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸੁਖੀ ਜੀਵਨ ਬਤੀਤ ਕਰਨ ਲਈ ਸਰਕਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਸਾਂਝ ਨੂੰ ਤੋੜਨਾ ਜ਼ਰੂਰੀ ਹੈ।

LEAVE A REPLY

Please enter your comment!
Please enter your name here