ਡੀਟੀਐੱਫ ਵੱਲੋਂ ਕੰਪਿਊਟਰ ਅਧਿਆਪਕਾਂ ਤੇ ਹੋਏ ਲਾਠੀਚਾਰਜ਼ ਦੀ ਸਖ਼ਤ ਨਿਖੇਧੀ

0
72

ਚੰਡੀਗੜ੍ਹ, 5 ਮਾਰਚ, 2024: ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੂਰੇ ਤਨਖਾਹ ਸਕੇਲਾਂ ਸਮੇਤ ਸਿੱਖਿਆਂ ਵਿਭਾਗ ਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਤੇ ਚੰਡੀਗੜ੍ਹ ਵਿਖੇ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ ਕਰਨ ਅਤੇ ਉਹਨਾਂ ਨੂੰ ਜੇਲ੍ਹਾਂ ਚ ਡੱਕਣ ਦੀ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਖ਼ਤ ਨਿਖੇਧੀ ਕਰਦਿਆਂ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।

ਡੀਟੀਐੱਫ ਦੇ ਸੂਬਾਈ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਅਧਿਆਪਕਾਂ ਨੂੰ ਪੁਲਿਸ ਹਿਰਾਸਤ ਵਿਚ ਲੈਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਡਰਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕੰਪਿਊਟਰ ਆਪਣੀ ਜਾਇਜ਼ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ। ਅੱਜ ਜਦੋਂ ਉਹ ਆਪਣੀ ਮੰਗ ਲੈ ਕੇ ਵਿਧਾਨ ਸਭਾ ਵੱਲ ਵਧੇ ਤਾਂ ਸਰਕਾਰ ਨੇ ਗੱਲ ਸੁਣਨ ਦੀ ਬਜਾਏ ਥਾਣਿਆਂ ਵਿੱਚ ਭੇਜ ਦਿੱਤਾ ਜੋ ਬਹੁਤ ਨਿੰਦਣਯੋਗ ਹੈ। ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਸਮੇਂ ਕੰਪਿਊਟਰ ਅਧਿਆਪਕਾਂ ਉੱਤੇ ਪੁਲਿਸ ਵੱਲੋਂ ਲਾਠੀਚਾਰਜ਼ ਕਰਕੇ ਵੱਖ-ਵੱਖ ਬੱਸਾਂ ਵਿੱਚ ਜ਼ਬਰੀ ਬਿਠਾ ਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ ਲਗਪਗ ਅਠਾਰਾਂ ਸਾਲਾਂ ਤੋਂ ਸਿੱਖਿਆ ਵਿਭਾਗ ਅਧੀਨ ਸਕੂਲਾਂ ਚ ਸੇਵਾਵਾਂ ਨਿਭਾਅ ਰਹੇ ਹਨ, ਪ੍ਰੰਤੂ ਸਰਕਾਰ ਦੁਆਰਾ ਇਹਨਾਂ ਅਧਿਆਪਕਾਂ ਨੂੰ ਸੁਸਾਇਟੀ ਅਧੀਨ ਰੱਖ ਕੇ ਇਹਨਾਂ ਦਾ ਆਰਥਿਕ ਤੇ ਮਾਨਸਿਕ ਸੋਸਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਮਰਜ਼ ਕਰਨ ਸਬੰਧੀ ਸੋਸ਼ਲ ਮੀਡੀਆ ਤੇ ਬਿਆਨ ਜਾਰੀ ਕੀਤਾ ਗਿਆ ਸੀ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਮਰਜ਼ ਕਰਕੇ ਦੀਵਾਲੀ ਦਾ ਤੋਹਫ਼ਾ ਦੇਣਗੇ, ਪ੍ਰੰਤੂ ਉਹਨਾਂ ਦਾ ਐਲਾਨ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ।

LEAVE A REPLY

Please enter your comment!
Please enter your name here