ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ ਚੰਨੋ, ਲੱਖੇਵਾਲ, ਨੂਰਪੁਰ ਸਮੇਤ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ
ਡੀ.ਐਸ.ਪੀ ਰਾਹੁਲ ਕੌਸ਼ਲ ਨੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਦੀ ਸੰਭਾਲੀ ਕਮਾਨ
ਚੰਨੋ, ਲੱਖੇਵਾਲ, ਨੂਰਪੁਰ ਸਮੇਤ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ
ਦਲਜੀਤ ਕੌਰ
ਭਵਾਨੀਗੜ੍ਹ, 18 ਅਕਤੂਬਰ, 2024: ਐਸਐਸਪੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਅੰਦਰ ਪੁਲਿਸ ਦੇ ਐਸਪੀ, ਡੀਐਸਪੀ, ਐਸ ਐਚ ਓ ਸਮੇਤ ਹੋਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਯੋਗ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਢੰਗਾਂ ਬਾਰੇ ਜਾਗਰੂਕ ਕਰਨ ਲਈ ਸਰਗਰਮ ਨਜ਼ਰ ਆ ਰਹੇ ਹਨ। ਇਸ ਜਾਗਰੂਕਤਾ ਮੁਹਿੰਮ ਤਹਿਤ ਡੀਐਸਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਵੱਲੋਂ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਕਰਮਚਾਰੀਆਂ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਵਿੱਚ ਮੌਜੂਦ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਰਾਹੁਲ ਕੌਸ਼ਲ ਨੇ ਦੱਸਿਆ ਕਿ ਖੇਤਾਂ ਵਿੱਚ ਵਾਢੀ ਕਰ ਰਹੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਵੀ ਮਿਲਿਆ ਗਿਆ ਹੈ ਅਤੇ ਸ਼ਾਮ 6 ਵਜੇ ਤੋਂ ਅਗਲੀ ਸਵੇਰ 10 ਵਜੇ ਤੱਕ ਵਾਢੀ ਨਾ ਕਰਨ ਬਾਰੇ ਸਰਕਾਰ ਦੀਆਂ ਹਦਾਇਤਾਂ ਸਬੰਧੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚੰਨੋ, ਲੱਖੇਵਾਲ, ਨੂਰਪੁਰ, ਮਾਝੀ, ਭੜੋ ਅਤੇ ਨੇੜਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸੀਨਰੀ ਬਾਰੇ ਦੱਸਿਆ ਗਿਆ ਹੈ ਅਤੇ ਸਬੰਧਿਤ ਪਿੰਡਾਂ ਦੇ ਨਾਲ ਨਾਲ ਨੇੜਲੇ ਹੋਰ ਪਿੰਡਾਂ ਵਿੱਚ ਮੌਜੂਦ ਸੰਦਾਂ ਬਾਰੇ ਵੀ ਸੁਚੇਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ ਅਤੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਵਾਤਾਵਰਣ ਦੀ ਰਾਖੀ ਵਿੱਚ ਸੁਹਿਰਦ ਯੋਗਦਾਨ ਪਾਉਣਗੇ।