ਮਾਨਸਾ (ਸਾਂਝੀ ਸੋਚ ਬਿਊਰੋ) -ਡੇਂਗੂ, ਮਲੇਰੀਆ, ਚਿਕਨਗੁਨੀਆ, ਵੈਕਟਰ ਬੋਰਨ ਬਿਮਾਰੀਆਂ ਸੰਬੰਧੀ ਇਕ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨਾਲ ਪੂਰਨ ਸਹਿਯੋਗ ਦੇਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਸਾਰੇ ਵਿਭਾਗਾਂ ਵੱਲੋਂ ਡਰਾਈ ਡੇਅ ਮਨਾਇਆ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਕਰਮਚਾਰੀਆਂ ਨੂੰ ਅੱਜ ਹੀ ਡਿਪਟੀ ਕਮਿਸ਼ਨਰ ਕੰਪਲੈਕਸ ਅਤੇ ਕੋਰਟ ਕੰਪਲੈਕਸ ਵਿਖੇ ਡ੍ਰਾਈ ਡੇਅ ਮਨਾਉਣਾ ਯਕੀਨੀ ਬਣਾਊਣ ਦੀ ਹਦਾਇਤ ਕੀਤੀ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕਾਂ ਤੇ ਕਿਸੇ ਵੀ ਕਿਸਮ ਦੀਆ ਪੁਰਾਣੀਆਂ ਗੱਡੀਆਂ, ਟਾਇਰ, ਫਾਲਤੂ ਕੰਟੇਨਰ ਜਾਂ ਉਹ ਇਸ ਤਰ੍ਹਾਂ ਦਾ ਕੌਈ ਵਾਧੂ ਸਮਾਨ ਨਾ ਹੋਵੇ ਜਿਸ ਵਿੱਚ ਪਾਣੀ ਜਮ੍ਹਾਂ ਹੋ ਸਕੇ, ਜੇਕਰ ਅਜਿਹਾ ਹੈ ਤਾਂ ਉਸ ਨੂੰ ਤੁਰੰਤ ਚੁਕਾਇਆ ਜਾਵੇ। ਉਨ੍ਹਾਂ ਸੀਵਰੇਜ ਅਤੇ ਵਾਟਰ ਵਰਕਸ ਦੇ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਕਰਕੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੀ ਹਦਾਇਤ ਕੀਤੀ ਤਾਂ ਜੋ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੇ ਕਾਬੂ ਪਾਇਆ ਜਾ ਸਕੇ। ਮਿਉਂਸਪਲ ਕਮੇਟੀਆਂ ਨੂੰ ਫੋਗਿੰਗ ਸੰਬੰਧੀ ਅਤੇ ਪੰਚਾਇਤੀ ਵਿਭਾਗ ਨੂੰ ਪਿੰਡ ਪੱਧਰ ਉੱਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਾਲ ਹੀ ਸਿਹਤ ਵਿਭਾਗ ਨੂੰ ਪੈਂਫਲਿਟ,ਪੋਸਟਰ ਅਤੇ ਹੋਰ ਪ੍ਰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਮਿਉਂਸਪਲ ਕਮੇਟੀਆਂ ਨੂੰ ਫੋਗਿੰਗ ਦਾ ਸ਼ਡਿਊਲ ਸਿਹਤ ਵਿਭਾਗ ਨਾਲ ਸਾਂਝਾ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਸ਼ਹਿਰੀ ਇਲਾਕੇ ਵਿਚ ਫੋਗਿੰਗ ਨੂੰ ਸਹੀ ਢੰਗ ਨਾਲ ਅਤੇ ਚੰਗੀ ਤਰ੍ਹਾਂ ਕਰਨਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਡਾ.ਹਿਤਿੰਦਰ ਕੌਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ,ਤੇਜ਼ ਬੁਖਾਰ, ਸਿਰਦਰਦ,ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿੱਛੇ ਹਿੱਸੇ ਵਿਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਵਗਣਾ ਡੇਂਗੂ ਦੇ ਮੁੱਖ ਲੱਛਣ ਹਨ ।ਇਸ ਦੇ ਬਚਾਅ ਲਈ ਸਾਨੂੰ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ,ਟੁੱਟੇ ਬਰਤਨ,ਟਾਇਰਾਂ,ਡਰੰਮਾਂ ਆਦਿ ਵਿੱਚ ਪਾਣੀ ਨੂੰ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ ,ਬੁਖਾਰ ਹੋਣ ਤੇ ਬਰੂਫਨ ਤੇ ਐਸਪਰਿਨ ਦੀ ਗੋਲੀ ਨਾ ਖਾਧੀ ਜਾਵੇ, ਸਿਰਫ਼ ਪੈਰਾਸੀਟਾਮੋਲ ਦੀ ਗੋਲੀ ਲਈ ਜਾਵੇ ਅਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਤੁਰੰਤ ਜਾਂਚ ਕਰਵਾਈ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਬਲਜੀਤ ਕੌਰ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਅਰਸ਼ਦੀਪ ਸਿੰਘ, ਸ੍ਰੀ ਸੰਤੋਸ਼ ਭਾਰਤੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Boota Singh Basi
President & Chief Editor