* 12 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
ਚੰਡੀਗੜ੍ਹ (ਸਾਂਝੀ ਸੋਚ ਬਿਊਰੋ)-ਪੰਚਕੂਲਾ ਵਿਚਲੀ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸੰਨ 2002 ਵਿੱਚ ਡੇਰੇ ਦੇ ਸਾਬਕਾ ਮੈਨੇਜਰ ਦੀ ਹੱਤਿਆ ਲਈ ਦੋਸ਼ੀ ਕਰਾਰ ਦਿੱਤਾ ਹੈ। ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਡੇਰਾ ਮੁਖੀ 2017 ਤੋਂ ਜੇਲ੍ਹ ਵਿੱਚ ਬੰਦ ਹੈ। ਵਿਸ਼ੇਸ਼ ਅਦਾਲਤ ਨੇ ਕਤਲ ਦੇ ਦੋਸ਼ ਹੇਠ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਨਾਂ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਤੇ ਸਬਦਿਲ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਜ਼ਾ 12 ਅਕਤੂਬਰ ਨੂੰ ਸੁਣਾਈ ਜਾਵੇਗੀ। ਕਤਲ ਮਾਮਲੇ ਵਿੱਚ ਨਾਮਜ਼ਦ ਇਕ ਹੋਰ ਦੋਸ਼ੀ ਦੀ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਪੰਚਕੂਲਾ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਤੋਂ ਪੰਜਾਬ ਦੀ ਕਿਸੇ ਹੋਰ ਵਿਸ਼ੇਸ਼ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਗ਼ੌਰਤਲਬ ਹੈ ਕਿ ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਜੋ ਡੇਰੇ ਦਾ ਸ਼ਰਧਾਲੂ ਵੀ ਸੀ, ਦੀ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦਾ ਕਤਲ ਸ਼ੱਕੀ ਪੱਤਰ ਵੰਡੇ ਜਾਣ ਕਾਰਨ ਕੀਤਾ ਗਿਆ ਸੀ ਜਿਸ ਵਿੱਚ ਖੁਲਾਸਾ ਕੀਤਾ ਗਿਆ ਸੀ ਕਿ ਡੇਰਾ ਮੁਖੀ ਵੱਲੋਂ ਡੇਰੇ ਵਿੱਚ ਔਰਤਾਂ ਦਾ ਕਿਵੇਂ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ। ਸੀ ਬੀ ਆਈ ਦੀ ਚਾਰਜਸ਼ੀਟ ਮੁਤਾਬਕ ਡੇਰਾ ਮੁਖੀ ਨੂੰ ਲੱਗਦਾ ਸੀ ਕਿ ਸ਼ੱਕੀ ਪੱਤਰ ਵੰਡਣ ਪਿੱਛੇ ਰਣਜੀਤ ਸਿੰਘ ਦਾ ਹੱਥ ਹੈ ਜਿਸ ਕਾਰਨ ਉਸ ਦੇ ਕਤਲ ਦੀ ਸਾਜਿਸ਼ ਰਚੀ ਗਈ। ਦੋ ਕੁ ਸਾਲ ਪਹਿਲਾਂ ਡੇਰਾ ਮੁਖੀ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਹੇਠ ਉਮਰ ਭਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
Boota Singh Basi
President & Chief Editor