ਬੰਗਾ, 04 ਜੂਨ -ਯੁੱਗੋ ਯੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਅੱਜ ਸਵੇਰੇ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ । ਉਪਰੰਤ ਸ਼ਹੀਦੀ ਗੁਰਮਤਿ ਸਮਾਗਮ ਵਿਚ ਭਾਈ ਗੁਰਬਚਨ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਾਇਆ ਅਤੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇੁਰਿਆ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਨੇ ਵੀ ਗੁਰਬਾਣੀ ਕੀਰਤਨ ਨਾਲ ਸਮਾਗਮ ਵਿਚ ਹਾਜ਼ਰੀਆਂ ਭਰੀਆਂ।
ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ, ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕੀਤਾ ਅਤੇ ਇਸ ਦੀ ਮਹਾਨਤਾ ਬਾਰੇ ਦੱਸਦੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਸਾਰਿਆਂ ਨੂੰ ਪ੍ਰਮਾਤਮਾ ਭਾਣੇ ਵਿਚ ਰਹਿਣ ਦਾ ਉਪਦੇਸ਼ ਦਿੱਤਾ ਹੈ । ਸ. ਢਾਹਾਂ ਦੇ ਗੁਰੂ ਜੀ ਦੀ ਅਦੁੱਤੀ ਸ਼ਹਾਦਤ ਅਤੇ ਗੁਰੂ ਅਰਜਨ ਦੇਵ ਜੀ ਦੇ ਬਚਪਨ ਤੋਂ ਲੈ ਕੇ ਸ਼ਹੀਦ ਹੋਣ ਤੱਕ ਦੇ ਗੁਰ ਇਤਿਹਾਸ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂੰ ਕਰਵਾਇਆ । ਹਰਦੇਵ ਸਿੰਘ ਕਾਹਮਾ ਸਾਬਕਾ ਪ੍ਰਧਾਨ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ ਅਤੇ ਗੁਰੂ ਸਾਹਿਬ ਦੇ ਦਰਸਾਏ ਸੇਵਾ ਤੇ ਸਿਮਰਨ ਦੇ ਰਾਹ ਚੱਲਦੇ ਹੋਏ ਸੰਗਤਾਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਲਈ ਪ੍ਰੇਰਿਆ । ਸ. ਕਾਹਮਾ ਨੇ ਸਮਾਜ ਵਿਚ ਵੱਧ ਰਹੀਆਂ ਬੁਰਾਈਆਂ ਪ੍ਰਤੀ ਵੀ ਸੰਗਤਾਂ ਨੂੰ ਚੇਤੰਨ ਕੀਤਾ ।
ਸ਼ਹੀਦੀ ਗੁਰਮਤਿ ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰਕੈਟਰ ਸਿੱਖਿਆ, ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸਮੂਹ ਡਾਕਟਰ ਸਾਹਿਬਾਨ, ਹਸਪਤਾਲ ਸਟਾਫ , ਵੱਖ-ਵੱਖ ਸੰਸਥਾਵਾਂ ਦੇ ਮੁਖੀ, ਨਰਸਿੰਗ ਕਾਲਜ, ਸੀਨੀਅਰ ਸੈਕੰਡਰੀ ਸਕੂਲ, ਪੈਰਾਮੈਡੀਕਲ ਕਾਲਜ ਅਧਿਆਪਕ ਅਤੇ ਸਮੂਹ ਵਿਦਿਆਰਥੀ, ਟਰੱਸਟ ਸਟਾਫ ਮੈਂਬਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ। ਇਸ ਮੌਕੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲੱਗੀਆਂ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ । ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜੋਗਾ ਸਿੰਘ ਨੇ ਨਿਭਾਈ।