ਵਿਜੀਲੈਂਸ ਬਿਊਰੋ ਪੰਜਾਬ
ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 7 ਜਨਵਰੀ 2025 –
ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ਼ ਰਾਜ ਕੁਮਾਰ ਉਰਫ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਮ ਉਪਰ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਸਰਾਭਾ ਨਗਰ ਮਲੋਟ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸ ਵੱਲੋਂ ਆਪਣੀ ਪਤਨੀ ਦੇ ਨਾਮ ਉਪਰ ਪਿੰਡ ਹੁਸਨਰ ਵਿਖੇ ਜਮੀਨ ਖਰੀਦੀ ਸੀ ਜਿਸ ਦੇ ਸਬੰਧ ਵਿੱਚ ਰਜਿਸਟਰੀ ਕਰਵਾਉਣ ਲਈ ਦਫਤਰ ਜਾਇੰਟ ਸਬ ਰਜਿਸਟਰਾਰ ਗਿੱਦੜਬਾਹਾ ਵਿਖੇ ਗਿਆ ਸੀ ਤਾਂ ਉੱਥੇ ਮੌਜੂਦ ਵਸੀਕਾ ਨਵੀਸ਼ ਰਾਜ ਕੁਮਾਰ ਤੋਂ ਰਜਿਸਟਰੀ ਲਿਖਵਾਈ ਗਈ। ਤਹਿਸੀਲਦਾਰ ਦਫਤਰ ਵਿਖੇ ਰਜਿਸਟਰੀ ਜਮ੍ਹਾਂ ਕਰਵਾਉਣ ਤੋਂ ਬਾਅਦ ਉਕਤ ਮੁਲਜ਼ਮ ਨੇ ਦੱਸਿਆ ਕਿ ਤਹਿਸੀਲਦਾਰ ਗਿੱਦੜਬਾਹਾ ਵੱਲੋਂ ਇਹ ਰਜਿਸਟਰੀ ਕਰਨ ਬਦਲੇ 11,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਫੋਨ ਉੱਪਰ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਜੋ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।
ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ, ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਵਸੀਕਾ ਨਵੀਸ਼ ਰਾਜ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤ ਕਰਤਾ ਪਾਸੋਂ 11,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਅਤੇ ਰਜਿਸਟਰੀ ਵਸੀਕਾ ਨਵੀਸ਼ ਦੇ ਦਫਤਰ ਦੇ ਦਰਾਜ ਵਿੱਚੋਂ ਬਰਾਮਦ ਕਰ ਲਈ। ਇਸ ਸਬੰਧੀ ਉਕਤ ਵਸੀਕਾ ਨਵੀਸ਼ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਵਸੀਕਾ ਨਵੀਸ਼ ਨੂੰ ਕੱਲ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁਕੱਦਮਾ ਦੀ ਅਗਲੇਰੀ ਤਫਤੀਸ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
——–
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ
੍ਹ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਅਧਿਕਾਰੀਆਂ ਨੂੰ 20 ਹਜ਼ਾਰ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
੍ਹਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ
ਚੰਡੀਗੜ੍ਹ, 7 ਜਨਵਰੀ:
ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ।
ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ।
ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ।
ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ.ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ, ਆਦਿ ਸਥਾਪਤ ਕੀਤੀਆਂ ਹੋਈਆਂ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ।
ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ।
——-
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ
ਚੰਡੀਗੜ੍ਹ, 7 ਜਨਵਰੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇੰਨ੍ਹਾਂ ਦੇ ਹੱਲ ਵੱਲ ਕਦਮ ਪੁੱਟਿਆ।
ਭਾਰਤ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਸੂਬੇ ਵਿੱਚ ਨੇਤਰਹੀਣਾਂ ਲਈ ਨਵਾਂ ਸਕੂਲ ਖੋਲ੍ਹਣ ਅਤੇ ਜਮਾਲਪੁਰ, ਲੁਧਿਆਣਾ ਸਥਿਤ ਸਕੂਲ ਦੇ ਸਟਾਫ ਦੀ ਗਿਣਤੀ ਅਤੇ ਹੋਰ ਲੜੀਂਦੀਆਂ ਸਹੂਲਤਾਂ ਮੁਹੱਈਆ ਕਰਨ ਸਬੰਧੀ ਅਧਿਅਨ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਵਿੱਤੀ ਸਾਲ 2025-26 ਲਈ ਬਜ਼ਟ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।
ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਆਊਟਸੋਰਸ ਦੇ ਆਧਾਰ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਦਿੱਕਤਾਂ ਅਤੇ ਮੰਗਾਂ ਨੂੰ ਸਾਂਝਾ ਕੀਤਾ ਗਿਆ। ਵਿੱਤ ਮੰਤਰੀ ਨੇ ਬਿਜਲੀ ਵਿਭਾਗ ਨੂੰ ਯੂਨੀਅਨ ਨਾਲ ਮੀਟਿੰਗ ਕਰਕੇ ਯੋਗ ਮੰਗਾਂ ਦੇ ਹੱਲ ਲਈ ਲੋੜੀਂਦੇ ਕਦਮ ਪੁੱਟਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਯੂਨੀਅਨ ਨਾਲ ਮੀਟਿੰਗ ਦੇ ਸਿੱਟੇ ਦੇ ਆਧਾਰ ‘ਤੇ ਕੈਬਨਿਟ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਮਾਮਲੇ ਨੂੰ ਵਿਚਾਰਿਆ ਜਾਵੇਗਾ ਤਾਂ ਜੋ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।
ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਵਿੱਤ ਵਿਭਾਗ ਵੱਲੋਂ ਉਨ੍ਹਾਂ ਦੀ ਮਹਿੰਗਾਈ ਭੱਤੇ ਨਾਲ ਸਬੰਧਤ ਮੰਗ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਹੋਰ ਜਾਇਜ਼ ਮੰਗਾਂ ਵੀ ਵਿਚਾਰ ਅਧੀਨ ਹਨ।
ਬੇਰੁਜ਼ਗਾਰ ਸਾਂਝਾ ਮੋਰਚਾ, ਪੰਜਾਬ ਵੱਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਭਰਤੀ ਵਿੱਚ ਉਮਰ ਹੱਦ ਦੀ ਛੋਟ ਦੇਣ ਸਬੰਧੀ ਮੰਗਾਂ ਉਠਾਈਆਂ ਗਈਆਂ। ਵਿੱਤ ਮੰਤਰੀ ਵੱਲੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਮੋਰਚੇ ਦੀਆਂ ਮੰਗਾਂ ਦੀ ਵੈਧਤਾ ਸਬੰਧੀ ਕਾਨੂੰਨੀ ਮਾਹਿਰਾਂ ਅਤੇ ਮੋਰਚੇ ਦੇ ਆਗੂਆਂ ਦੀ ਹਾਜਰੀ ਵਿੱਚ ਮੀਟਿੰਗ ਕੀਤੀ ਜਾਵੇ ਤਾਂ ਜੋ ਇੰਨ੍ਹਾਂ ਮੰਗਾਂ ਦਾ ਕਾਨੂੰਨੀ ਤੌਰ ‘ਤੇ ਸਹੀ ਹੱਲ ਮਿਲ ਸਕੇ।
ਅੱਜ ਦੀਆਂ ਮੀਟਿੰਗਾਂ ਵਿੱਚ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਸਹਾਇਕ ਸਕੱਤਰ ਟੇਕ ਚੰਦ, ਸੂਬਾ ਦਫਤਰੀ ਸਕੱਤਰ ਸ਼ੇਰ ਸਿੰਘ, ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਤੋਂ ਪਰਮਵੀਰ ਸਿੰਘ ਅਤੇ ਪ੍ਰਦੀਪ ਕੁਮਾਰ, ਕੰਪਿਊਟਰ ਅਧਿਆਪਕ ਯੂਨੀਅਨ ਤੋਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਰਬੀ ਮੰਨਣ, ਬੇਰੁਜ਼ਗਾਰ ਸਾਂਝਾ ਮੋਰਚਾ ਤੋਂ ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ ਅਤੇ ਸੁਖਵਿੰਦਰ ਸਿੰਘ ਢਿਲਵਾਂ, ਨੇਤਰਹੀਣਾਂ ਦੇ ਮੁੱਦੇ ਉਠਾਉਣ ਲਈ ਭਾਰਤ ਨੈਸ਼ਨਲ ਫੈਡਰੇਸ਼ਨ ਆਫ਼ ਬਲਾਈਂਡ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਅਤੇ ਨੇਤਰਹੀਣ ਸਮਾਜ ਸੇਵਕ ਤੋਂ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।
——–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ: ਡੀਜੀਪੀ ਗੌਰਵ ਯਾਦਵ
– ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਤਾ ਲਗਾਇਆ ਜਾਵੇਗਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚ ਔਰਤ ਸ਼ਾਮਲ ਹੈ, ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (19) ਅਤੇ ਬਲਜੀਤ ਕੌਰ (32) ਦੋਵੇਂ ਵਾਸੀ ਪਿੰਡ ਮੁਠਿਆਵਾਲ ਜ਼ਿਲ੍ਹਾ ਤਰਨਤਾਰਨ, ਮਨਿੰਦਰ ਸਿੰਘ (34) ਵਾਸੀ ਭਿੱਖੀਵਿੰਡ, ਤਰਨਤਾਰਨ ਅਤੇ ਹਰਪ੍ਰੀਤ ਸਿੰਘ (26) ਵਾਸੀ ਪਿੰਡ ਲੋਧੀ ਗੁੱਜਰਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪਾਕਿਸਤਾਨ ਅਧਾਰਤ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰਦੇ ਸਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਡਰੋਨ ਦੀ ਵਰਤੋਂ ਕਰਕੇ ਖੇਪ ਪਹੁੰਚਾਈ ਜਾ ਰਹੀ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ’ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਅਤੇ ਸੀਆਈਏ ਸਟਾਫ-1 ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਗਵਾਈ ‘ਚ ਪੁਲੀਸ ਟੀਮ ਨੇ ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦਿੱਤਾ ਅਤੇ ਗੁਰੂ ਕੀ ਵਡਾਲੀ ਇਲਾਕੇ ’ਚੋਂ 1 ਜਨਵਰੀ ਨੂੰ 3 ਕਿਲੋ ਹੈਰੋਇਨ ਸਮੇਤ ਗੁਰਪ੍ਰੀਤ ਸਿੰਘ ਅਤੇ ਬਲਜੀਤ ਕੌਰ ਨੂੰ ਕਾਬੂ ਕੀਤਾ।
ਜਾਂਚ ਦੌਰਾਨ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਬਲਜੀਤ ਕੌਰ ਰਿਸ਼ਤੇਦਾਰ ਵਜੋਂ ਭੂਆ-ਭਤੀਜਾ ਹਨ। ਬਲਜੀਤ ਕੌਰ ਦੇ ਪਤੀ ਬਲਬੀਰ ਸਿੰਘ ਨੂੰ 2022 ਵਿੱਚ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਹਿੰਦੂਮਲਕੋਟ ਥਾਣੇ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੋਂ ਉਸ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ ਸੀ। ਦੱਸਣਯੋਗ ਹੈ ਕਿ ਉਹ ਇਸ ਸਮੇਂ ਰਾਜਸਥਾਨ ਦੀ ਕਰਨਪੁਰ ਜੇਲ੍ਹ ਵਿੱਚ ਬੰਦ ਹੈ।
ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਛੇਹਰਟਾ ਥਾਣਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), 23, ਅਤੇ 29/61/85 ਤਹਿਤ ਐਫਆਈਆਰ ਨੰਬਰ 1, ਮਿਤੀ 1 ਜਨਵਰੀ, 2025 ਅਧੀਨ ਕੇਸ ਦਰਜ ਕੀਤਾ ਗਿਆ ਹੈ।
——-
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਚੰਡੀਗੜ੍ਹ, 7 ਜਨਵਰੀ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ ’ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।
ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲਿ੍ਹਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲਿ੍ਹਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।
——
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ
ਪੰਜਾਬ ਪੁਲਿਸ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ
ਗ੍ਰਿਫਤਾਰ ਮੁਲਜ਼ਮ ਗੈਂਗਸਟਰ ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ ’ਤੇ ਚਲਾ ਰਹੇ ਸਨ ਫਿਰੌਤੀ ਰੈਕੇਟ: ਡੀ.ਜੀ.ਪੀ. ਗੌਰਵ ਯਾਦਵ
ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਹੋਏ ਜਖ਼ਮੀ : ਐੱਸ.ਐੱਸ.ਪੀ. ਤਰਨਤਾਰਨ ਅਭਿਮਨਿਊ ਰਾਣਾ
ਚੰਡੀਗੜ੍ਹ/ਤਰਨਤਾਰਨ, 7 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਜਾਰੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਵਲਟੋਹਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਜ਼ਿਲ੍ਹਾ ਤਰਨਤਾਰਨ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ (ਡੀਜੀਪੀ) ਗੌਰਵ ਯਾਦਵ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਪ੍ਰੀਤ ਸਿੰਘ ਉਰਫ ਕਰਨ ਵਾਸੀ ਪਿੰਡ ਤੂਤ (ਤਰਨਤਾਰਨ) ਅਤੇ ਗੁਰਲਾਲਜੀਤ ਸਿੰਘ ਉਰਫ ਲਾਲੀ ਪਿੰਡ ਭੰਗਾਲਾ (ਤਰਨਤਾਰਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ .32 ਬੋਰ ਦਾ ਪਿਸਤੌਲ, ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਖਾਲੀ ਖੋਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਐਕਟਿਵਾ ਸਕੂਟਰ, ਜਿਸ ’ਤੇ ਉਹ ਸਵਾਰ ਸਨ, ਵੀ ਜ਼ਬਤ ਕੀਤਾ ਹੈ।
ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ, ਹੈਂਡਲਰ ਪ੍ਰਭ ਦਾਸੂਵਾਲ , ਜੋ ਕਿ ਘਨਸ਼ਿਆਮਪੁਰੀਆ ਗਿਰੋਹ ਨਾਲ ਸਬੰਧਤ ਹੈ, ਦੇ ਨਿਰਦੇਸ਼ਾਂ ’ਤੇ ਜ਼ਬਰਨ ਵਸੂਲੀ ਦਾ ਰੈਕੇਟ ਚਲਾ ਰਹੇ ਸਨ ਅਤੇ ਗੋਲੀਬਾਰੀ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ। ਗੋਲੀਬਾਰੀ ਦੀ ਤਾਜ਼ਾ ਘਟਨਾ ਇਸ ਸਾਲ 1 ਜਨਵਰੀ ਨੂੰ ਪਿੰਡ ਘਰਿਆਲਾ ਦੇ ਇਕ ਮੈਡੀਕਲ ਸਟੋਰ ’ਤੇ ਵਾਪਰੀ ਸੀ ਅਤੇ ਵਲਟੋਹਾ ਵਿਖੇ ਗੋਲੀਬਾਰੀ ਦੀ ਇਕ ਹੋਰ ਘਟਨਾ 2 ਦਸੰਬਰ, 2024 ਨੂੰ ਵਾਪਰੀ ਸੀ, ਜਦੋਂ ਇੱਕ ਆੜ੍ਹਤੀਏ ਨੂੰ 20 ਲੱਖ ਰੁਪਏ ਦੀ ਫਿਰੌਤੀ ਲਈ ਨਿਸ਼ਾਨਾ ਬਣਾਇਆ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਤੋਂ ਬਾਅਦ ਤਰਨਤਾਰਨ ਪੁਲਿਸ ਨੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਹੈ ਅਤੇ ਤਕਨੀਕੀ ਪਹਿਲੂਆਂ ਤੇ ਮਨੁੱਖੀ ਸੂਝ-ਬੂਝ ਤਹਿਤ ਕਾਰਵਾਈ ਕਰਦੇ ਹੋਏ ਦੋਵੇਂ ਮਾਮਲਿਆਂ ’ਚ ਸ਼ਾਮਲ ਦੋਵਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ।
ਉਨ੍ਹਾਂ ਦੱਸਿਆ ਕਿ ਵਲਟੋਹਾ ਖੇਤਰ ’ਚ ਘੁੰਮ ਰਹੇ ਕਥਿਤ ਦੋਸ਼ੀਆਂ ਬਾਰੇ ਪੁਖ਼ਤਾ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਐਸ.ਪੀ ਇਨਵੈਸਟੀਗੇਸ਼ਨ ਅਜੈਰਾਜ ਸਿੰਘ, ਡੀ.ਐਸ.ਪੀ ਇਨਵੈਸਟੀਗੇਸ਼ਨ ਰਜਿੰਦਰ ਮਿਨਹਾਸ ਅਤੇ ਡੀ.ਐਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਵਲਟੋਹਾ ਵਿਖੇ ਨਾਕੇ ’ਤੇ ਉਨ੍ਹਾਂ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ’ਤੇ ਸਵੈਰੱਖਿਆ ਲਈ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ।
ਹੋਰ ਵੇਰਵੇ ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਕਰਨਪ੍ਰੀਤ ਅਤੇ ਗੁਰਲਾਲਜੀਤ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਕਰਨ ਅਤੇ ਗੁਰਲਾਲਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਕਰਨਪ੍ਰੀਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਐਸਐਸਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਦੋਵਾਂ ਮਾਮਲਿਆਂ ਵਿੱਚ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰ. 3 ਮਿਤੀ 07/01/2025 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132, 221 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 (6) (7) ਤਹਿਤ ਥਾਣਾ ਵਲਟੋਹਾ ਵਿਖੇ ਕੇਸ ਦਰਜ ਕੀਤਾ ਗਿਆ ਹੈ।
———
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਦੀ ਅੰਤਿਮ ਵੋਟਰ ਸੂਚੀ 2025 ਦੀ ਪ੍ਰਕਾਸ਼ਨਾ ਹੋਈ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
– ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.13 ਕਰੋੜ ਤੋਂ ਵੱਧ
– 24 ਹਜ਼ਾਰ ਤੋਂ ਵਧੇਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਵਿਵਸਥਾ
ਚੰਡੀਗੜ੍ਹ, 7 ਜਨਵਰੀ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ।
ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 7 ਜਨਵਰੀ, 2025 ਨੂੰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 13 ਲੱਖ 80 ਹਜ਼ਾਰ 565 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 12 ਲੱਖ 31 ਹਜ਼ਾਰ 744, ਔਰਤਾਂ 1 ਕਰੋੜ 01 ਲੱਖ 48 ਹਜ਼ਾਰ 76, ਤੀਜਾ ਲਿੰਗ 745, ਐਨ.ਆਰ.ਆਈ 1611, ਦਿਵਿਆਂਗ ਵੋਟਰ 1 ਲੱਖ 56 ਹਜ਼ਾਰ 130 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 257 ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਨੇ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੱਗੋਂ ਵੀ ਵੋਟਰ ਸੂਚੀਆਂ ਪ੍ਰਕਾਸ਼ਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਜਾਰੀ ਰਹੇ।
ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।