ਨਵੀਂ ਦਿੱਲੀ, 31 ਜਨਵਰੀ ( ) – ਦਿੱਲੀ ਚੋਣਾਂ ਦਾ ਜ਼ਿਕਰ ਕਰਦਿਆਂ ਪੰਜਾਬ ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਵਾਰ ਜ਼ਬਰਦਸਤ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਹੈ ਅਤੇ ਇਸ ਨੂੰ ਲੋਕਾਂ ਦਾ ਭਰੋਸਾ ਪ੍ਰਾਪਤ ਹੈ। ਉਨਾਂ ਕਿਹਾ ਕਿ ਭਾਜਪਾ ਦੀ ਚੋਣ ਮੁਹਿੰਮ ਲੋਕਾਂ ਦੀ ਜ਼ਿੰਦਗੀ ਸੁਧਾਰਣ ‘ਤੇ ਕੇਂਦਰਿਤ ਹੈ, ਜੋ ਸਪੱਸ਼ਟ ਤੌਰ ’ਤੇ ਵੋਟਰਾਂ ਨੂੰ ਆਕਰਸ਼ਿਤ ਕਰ ਰਹੀ ਹੈ। ਆਮ ਆਦਮੀ ਪਾਰਟੀ ਦੀ ਸਿਆਸਤ ਨੂੰ ਸਿਰਫ਼ ਖੋਖਲੇ ਦਾਅਵਿਆਂ ਦਾ ਨਤੀਜਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀ ਲੋਕਾਂ ਨੂੰ ਸਿਰਫ਼ ਗੁੰਮਰਾਹ ਕਰਨ ਦੇ ਯਤਨ ਕਰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮਾਡਲ ਦੀ ਗੱਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਕੁੱਝ ਵੀ ਖਾਸ ਹਾਸਲ ਨਹੀਂ ਕੀਤਾ। ਇਨ੍ਹਾਂ ਵੱਡੇ ਵਾਅਦਿਆਂ ਦੇ ਪਿੱਛੇ ਸਿਰਫ਼ ਚੋਣ ਜਿੱਤਣ ਦਾ ਮਨਸੂਬਾ ਸੀ। ਗਰਚਾ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਿਆਸਤ ਤੋਂ ਸਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਹੀ ਚੋਣ ਕਰਨ ਦੀ ਜ਼ਰੂਰਤ ਹੈ ਅਤੇ ਇਹ ਸਮਾਂ ਹੈ ਜਦੋਂ ਲੋਕ ਆਪਣਾ ਭਰੋਸਾ ਭਾਜਪਾ ’ਤੇ ਰੱਖਣ। ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ, ਜਿਸ ਕਾਰਨ ਸਮਾਜ ਦੇ ਹਰ ਵਰਗ ਵਿਚ ਚਿੰਤਾ ਵਧ ਰਹੀ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਇਸ ਸਥਿਤੀ ਤੇ ਗਹਿਰਾ ਦੁਖ ਅਤੇ ਚਿੰਤਾ ਜਤਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਵਿਚ ਨਾਕਾਮ ਸਾਬਤ ਹੋਈ ਹੈ, ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ, ਪਰ ਹੁਣ ਇਹ ਸਪੱਸ਼ਟ ਹੈ ਕਿ ਉਹ ਵਾਅਦੇ ਸਿਰਫ਼ ਚੋਣ ਪ੍ਰਚਾਰ ਦਾ ਹਿੱਸਾ ਸਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੀ ਗਤੀਵਿਧੀਆਂ, ਅਪਰਾਧਾਂ ਵਿਚ ਵਾਧਾ ਅਤੇ ਅਮਨ- ਸ਼ਾਂਤੀ ਦੀ ਸਥਿਤੀ ਵਿਚ ਕਮੀ ਇਸ ਗੱਲ ਦਾ ਸਪੱਸ਼ਟ ਉਦਾਹਰਣ ਹਨ ਕਿ ਸਰਕਾਰ ਆਪਣੇ ਬੁਨਿਆਦੀ ਫਰਜ ਨੂੰ ਪੂਰਾ ਕਰਨ ਵਿਚ ਅਸਫਲ ਰਹੀ ਹੈ। ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਖਿਲਾਫ ਲੋਕਾਂ ਵਿਚ ਗੁੱਸਾ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਪੂਰੇ ਪੰਜਾਬ ਵਿਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਰਕਾਰ ਆਪਣੇ ਵਾਅਦਿਆਂ ‘ਤੇ ਖਰੀ ਨਹੀਂ ਉਤਰੀ ਅਤੇ ਲੋਕ ਇਸ ਨੂੰ ਛੱਡਣ ਲਈ ਤਿਆਰ ਹਨ।
Boota Singh Basi
President & Chief Editor