ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

0
35

ਪੁਲਿਸ ਲਾਈਨ ’ਚ ਸਥਿਤ ਸ਼ਹੀਦੀ ਯਾਦਗਾਰ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ

ਪੰਜਾਬ ਸਰਕਾਰ ਵੱਲੋਂ ਸੰਗਰੂਰ ਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕਰਵਾਇਆ ਜਾਣੂ, ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਲੋੜਵੰਦਾਂ ਨੂੰ ਟਰਾਈ ਸਾਈਕਲਾਂ ਤੇ ਸਿਲਾਈ ਮਸ਼ੀਨਾਂ ਵੰਡੀਆਂ, ਸ਼ਲਾਘਾਯੋਗ ਕਾਰਜ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਵੱਲੋਂ ਪੁਲਿਸ ਲਾਈਨ ਸਟੇਡੀਅਮ ਲਈ 20 ਲੱਖ ਰੁਪਏ ਦੇਣ ਦਾ ਐਲਾਨ

ਸੰਗਰੂਰ, 15 ਅਗਸਤ, 2023: ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਪੰਜਾਬ ਦੇ ਜਲ ਸਰੋਤ, ਖਾਣਾਂ ਤੇ ਭੂ ਵਿਗਿਆਨ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ’ਤੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਸਮੇਤ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ ਸਮੇਂ ’ਤੇ ਆਰੰਭੇ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ ਸੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਈ ਸਾਲਾਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਅਤੇ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਿਥੇ ਸਰਕਾਰ ਸ਼ਹੀਦੇ ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਦੇਸ਼ ਦੌਰਾਨ ਪੰਜਾਬ ਸਰਕਾਰ ਦੀਆਂ ਪਿਛਲੇ ਕਰੀਬ ਡੇਢ ਸਾਲ ਦੀਆਂ ਅਹਿਮ ਪ੍ਰਾਪਤੀਆਂ ਅਤੇ ਜ਼ਿਲ੍ਹਾ ਸੰਗਰੂਰ ਵਿਖੇ ਹੋਏ ਵਿਲੱਖਣ ਕਾਰਜਾਂ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਅਤੇ ਮੁੱਖ ਮੰਤਰੀ ਖੁੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਮਿਲਣ ਗਏ ਅਤੇ ਸਮੁੱਚੀ ਸਰਕਾਰ, ਸਿਵਲ ਤੇ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸਾਰ ਲੈਣ ਅਤੇ ਰਾਹਤ ਕਾਰਜਾਂ ਵਿੱਚ ਜੁਟਿਆ ਰਿਹਾ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਨੁਕਸਾਨ ਦੀ ਪੂਰਤੀ ਲਈ ਸਪੈਸ਼ਲ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਅਤੇ ਇਸ ਮੁਸ਼ਕਲ ਦੀ ਘੜੀ ਵਿੱਚ ਸਰਕਾਰ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਵੱਲੋਂ ਆਪਣੇ ਸੰਦੇਸ਼ ਦੌਰਾਨ ਸਿਹਤ, ਸਿੱਖਿਆ, ਬਿਜਲੀ, ਸਰਕਾਰੀ ਨੌਕਰੀਆਂ, ਪ੍ਰਸ਼ਾਸਨਿਕ ਸੁਧਾਰਾਂ, ਦੇ ਨਾਲ ਨਾਲ ਜਲ ਸਰੋਤ, ਵਾਤਾਵਰਣ, ਖੇਡਾਂ ਦੇ ਵਿਭਾਗਾਂ ਨਾਲ ਜੁੜੀਆਂ ਅਹਿਮ ਪਹਿਲਕਦਮੀਆਂ ਬਾਰੇ ਵੀ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੜ ਸੂਬੇ ਨੂੰ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਹੋ ਰਹੇ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਟੇਡੀਅਮ ਵਿਖੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਵੀ ਉਨ੍ਹਾਂ ਦੇ ਨਾਲ ਸਨ। ਪਰੇਡ ਦੇ ਨਿਰੀਖਣ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਡੀ.ਐਸ.ਪੀ ਦਿਹਾਤੀ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾਵਾਂ, ਹੋਮਗਾਰਡਜ਼ ਦੀਆਂ ਟੁਕੜੀਆਂ ਦੇ ਨਾਲ ਨਾਲ ਸਕਾਊਟ, ਗਰਲਜ਼ ਗਾਈਡ, ਐਨ.ਐਸ.ਐਸ ਤੇ ਐਨ.ਸੀ.ਸੀ ਦੀਆਂ ਟੁਕੜੀਆਂ ਨੇ ਅਕਾਲ ਅਕੈਡਮੀ ਬੈਂਡ ਚੀਮਾ ਸਮੇਤ ਪਰੇਡ ਵਿੱਚ ਹਿੱਸਾ ਲਿਆ। ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਇਸ ਉਪਰੰਤ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ’ਤੇ ਆਧਾਰਿਤ ਵੱਖ-ਵੱਖ ਸਭਿਆਚਾਰਕ ਕੋਰੀਓਗ੍ਰਾਫੀ ਅਤੇ ਰਵਾਇਤੀ ਲੋਕ ਨਾਚਾਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਕਰਕੇ ਦਰਸ਼ਕਾਂ ਦੇ ਮਨਾਂ ’ਤੇ ਆਪਣਾ ਪ੍ਰਭਾਵ ਪਾਇਆ। ਜ਼ਿਲ੍ਰਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਮੁਹੱਈਆ ਕਰਵਾਏ ਗਏ ਟਰਾਈ ਸਾਈਕਲਾਂ ਤੇ ਸਿਲਾਈ ਮਸ਼ੀਨਾਂ ਦੀ ਵੰਡ ਲੋੜਵੰਦਾਂ ਨੂੰ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹੇ ਵਿੱਚ ਸ਼ਲਾਘਾਯੋਗ ਕਾਰਜ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵਕਾਂ, ਅਧਿਆਪਕਾਂ, ਡਾਕਟਰਾਂ ਸਮੇਤ ਹੋਰਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੁੰਦਿਆਂ ਕੱਲ੍ਹ ਮਿਤੀ 16 ਅਗਸਤ ਨੂੰ ਉਹਨਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ, ਜਿਨ੍ਹਾਂ ਨੇ ਅੱਜ ਪੁਲਿਸ ਲਾਈਨ ਵਿਖੇ ਸਮਾਰੋਹ ਵਿੱਚ ਹਿੱਸਾ ਲਿਆ ਸੀ। ਇਸ ਮੌਕੇ ਉਨ੍ਹਾਂ ਪੁਲਿਸ ਲਾਈਨ ਸਟੇਡੀਅਮ ਤੇ ਸਕੇਟਿੰਗ ਗਰਾਊਂਡ ਲਈ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਹੋਰਨਾਂ ਸ਼ਖਸੀਅਤਾਂ ਸਮੇਤ ਪੁਲਿਸ ਲਾਈਨ ਵਿਖੇ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਮਹਾਨ ਸ਼ਹਾਦਤਾਂ ਨੂੰ ਨਮਨ ਕੀਤਾ।

ਇਸ ਮੌਕੇ ਵਿਧਾਇਕ ਲਹਿਰਾ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈ.ਜੀ ਲਾਅ ਐਂਡ ਆਰਡਰ ਪਰਦੀਪ ਕੁਮਾਰ ਯਾਦਵ, ਐਸ.ਐਸ.ਪੀ ਸੁਰੇਂਦਰ ਲਾਂਬਾ, ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਸਮੇਤ ਸਮੁੱਚੇ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਪ੍ਰੀਤਮ ਸਿੰਘ ਪੀਤੂ, ਸੀਨੀਅਰ ਆਗੂ ਮਨਦੀਪ ਸਿੰਘ ਲੱਖੇਵਾਲ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ ਨਵਰੀਤ ਕੌਰ ਸੇਖੋਂ ਸਮੇਤ ਹੋਰ ਅਧਿਕਾਰੀ, ਆਗੂ ਤੇ ਪਤਵੰਤੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here