ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ- ਕਿਸਾਨ ਮੋਰਚਾ

0
303
New Delhi: Samyukt Kisan Morcha leader Jagjit Singh Dallewal addresses the media during a press conference at Singhu border in New Delhi, Friday, Oct. 15, 2021. Party leaders Balwant Singh (L) and Ruldu Singh Mansa (R) are also present. (PTI Photo/Ravi Choudhary) (PTI10_15_2021_000080B)

ਨਵੀਂ ਦਿੱਲੀ (ਸਾਂਝੀ ਸੋਚ ਬਿਊਰੋ) -ਸੰਯੁਕਤ ਕਿਸਾਨ ਮੋਰਚੇ ਨੇ ਸਿੰਘੂ ਬਾਰਡਰ ’ਤੇ ਤਰਨ ਤਾਰਨ ਦੇ ਵਿਅਕਤੀ ਦੀ ਹੱਤਿਆ ਦੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਘਟਨਾ ਪਿੱਛੇ ਕੋਈ ਸਾਜਿਸ਼ ਵੀ ਹੋ ਸਕਦੀ ਹੈ। ਮੋਰਚੇ ਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਧਾਰਮਿਕ ਰੰਗਤ ਵੀ ਦਿੱਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਅੰਦੋਲਨ ‘ਚ ਕਿਸੇ ਕਿਸਮ ਦੀ ਵੀ ਹਿੰਸਾ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ,‘‘ਸਾਨੂੰ ਸਾਰਿਆਂ ਨੂੰ ਘਟਨਾ ਦਾ ਬਹੁਤ ਅਫ਼ਸੋਸ ਹੈ। ਸੰਯੁਕਤ ਕਿਸਾਨ ਮੋਰਚਾ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਲੜ ਰਿਹਾ ਹੈ। ਇਹ ਹੱਤਿਆ ਕੋਈ ਸਾਜਿਸ਼ ਵੀ ਹੋ ਸਕਦੀ ਹੈ।’’ ਉਨ੍ਹਾਂ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸ੍ਰੀ ਡੱਲੇਵਾਲ ਨੇ ਕਿਹਾ ਕਿ ਮਾਰਿਆ ਗਿਆ ਵਿਅਕਤੀ ਲਖਬੀਰ ਸਿੰਘ ਨਿਹੰਗ ਸਿੰਘਾਂ ਨਾਲ ਰਹਿ ਰਿਹਾ ਸੀ ਅਤੇ ਉਸ ਨੇ ‘ਸਰਬਲੋਹ ਗ੍ਰੰਥ’ ਕਥਿਤ ਤੌਰ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਕਿਸੇ ਵੀ ਧਰਮ ਦੇ ਅਨਾਦਰ ਦੀ ਨਿਖੇਧੀ ਕਰਦਾ ਹੈ ਅਤੇ ਉਹ ਇਸ ਦੇ ਪ੍ਰਤੀਕਰਮ ‘ਚ ਕੀਤੀ ਗਈ ਹੱਤਿਆ ਦੀ ਨਿੰਦਾ ਕਰਦੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਦਾਅਵਾ ਕੀਤਾ ਕਿ ਇਹ ਘਟਨਾ ਨਿਹੰਗ ਸਿੰਘਾਂ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਦਾ ਕਿਸਾਨ ਅੰਦੋਲਨ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਇਕ ਹੋਰ ਕਿਸਾਨ ਆਗੂ ਕੁਲਵੰਤ ਸਿੰਘ ਨੇ ਦੋਸ਼ ਲਾਇਆ ਕਿ ਇਸ ਘਟਨਾ ਪਿੱਛੇ ਕੇਂਦਰੀ ਏਜੰਸੀਆਂ ਦਾ ਹੱਥ ਹੈ। ਇਕ ਵੀਡੀਓ ਸੁਨੇਹੇ ‘ਚ ਯੋਗੇਂਦਰ ਯਾਦਵ ਨੇ ਵੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੱਭਿਅਕ ਸਮਾਜ ‘ਚ ਅਜਿਹੀਆਂ ਘਟਨਾਵਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਪਿਛਲੇ 2-3 ਦਿਨਾਂ ਤੋਂ ਨਿਹੰਗ ਸਿੰਘਾਂ ਨਾਲ ਰਹਿ ਰਿਹਾ ਸੀ ਅਤੇ ਬੀਤੀ ਰਾਤ ਉਨ੍ਹਾਂ ਵਿਚਕਾਰ ਝਗੜਾ ਹੋਇਆ ਸੀ ਅਤੇ ਬੇਅਦਬੀ ਦੇ ਦੋਸ਼ ਵੀ ਲੱਗੇ ਸਨ। ਉਨ੍ਹਾਂ ਕਿਹਾ ਕਿ ਇਹ ਕੋਈ ਧਾਰਮਿਕ ਨਹੀਂ ਸਗੋਂ ਕਿਸਾਨਾਂ ਦਾ ਅੰਦੋਲਨ ਹੈ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਕਈ ਆਗੂਆਂ ਨੇ ਨਿਹੰਗ ਸਿੰਘਾਂ ਨੂੰ ਉਥੋਂ ਕਈ ਵਾਰ ਜਾਣ ਲਈ ਆਖਿਆ ਸੀ ਪਰ ਇਸ ਦੇ ਬਾਵਜੂਦ ਉਹ ਪ੍ਰਦਰਸ਼ਨ ਵਾਲੀ ਥਾਂ ’ਤੇ ਡਟੇ ਹੋਏ ਹਨ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਇਹ ਕਤਲ ਬਹੁਤ ਹੀ ਘਿਨੌਣਾ ਕਾਰਾ ਹੈ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਪੁਲੀਸ ਜਾਂਚ ਨਿਰਪੱਖ ਕੀਤੀ ਜਾਵੇ ਤੇ ਜੇਕਰ ਕੋਈ ਸਾਜ਼ਿਸ਼ ਹੈ ਤਾਂ ਉਹ ਵੀ ਨਸ਼ਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕਿਸਾਨ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਵਾਲਾ ਕਾਰਾ ਹੈ। ਹੋਰ ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਜੋਗਿੰਦਰ ਸਿੰਘ ਉਗਰਾਹਾਂ ਤੇ ਸੁਖਦਰਸ਼ਨ ਨੱਤ ਨੇ ਵੀ ਇਸ ਕਤਲੇਆਮ ਦੀ ਸਖ਼ਤ ਨਿੰਦਾ ਕੀਤੀ ਹੈ।

LEAVE A REPLY

Please enter your comment!
Please enter your name here