ਲੋਕਾਂ ਨੂੰ ਚੌਕਸੀ ਰੱਖਣ ਤੇ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
ਦਲਜੀਤ ਕੌਰ
ਸੰਗਰੂਰ, 28 ਮਾਰਚ, 2024: ਪਿਛਲੇ ਦਿਨੀਂ ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਹੀ 28 ਨਾਗਰਿਕਾਂ ਨੂੰ ਵੱਖ ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚੋਂ ਛੁੱਟੀ ਮਿਲ ਗਈ ਹੈ ਅਤੇ ਇਹ ਵਿਅਕਤੀ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੋਣ ਮਗਰੋਂ ਆਪੋ ਆਪਣੇ ਘਰਾਂ ਵਿੱਚ ਪਰਤ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਮਾਹਿਰ ਇਨ੍ਹਾਂ ਵਿਅਕਤੀਆਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਰੱਖਣਗੇ ਤਾਂ ਜੋ ਮੁੜ ਕਿਸੇ ਵੀ ਕਿਸਮ ਦੀ ਸਿਹਤ ਸਮੱਸਿਆ ਪੇਸ਼ ਨਾ ਆ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਨਕਲੀ ਸ਼ਰਾਬ ਕਾਰਨ ਪ੍ਰਭਾਵਿਤ ਪਿੰਡਾਂ ਦੇ ਨਾਲ ਨਾਲ ਹੋਰ ਨੇੜਲੇ ਇਲਾਕਿਆਂ ਵਿੱਚ ਪੂਰੀ ਮੁਸਤੈਦੀ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਸਬੰਧੀ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ, ਐਕਸਾਈਜ਼ ਵਿਭਾਗਾਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਚੌਕਸੀ ਟੀਮਾਂ ਦਾ ਗਠਨ ਕੀਤਾ ਹੋਇਆ ਹੈ ਜੋ ਕਿ ਨਿਰੰਤਰ ਚੈਕਿੰਗ ਪ੍ਰਕਿਰਿਆ ਨੂੰ ਅਮਲ ਵਿੱਚ ਲਿਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੇ ਚਲਦਿਆਂ ਹਰੇਕ ਕਿਸਮ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਵੱਡੀ ਗਿਣਤੀ ਵਿੱਚ ਫਲਾਇੰਗ ਸਕੂਐਡ ਕਾਰਜਸ਼ੀਲ ਹਨ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਆਪਣੇ ਆਲੇ ਦੁਆਲੇ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਨੂੰ ਦੇਖਣ ਤਾਂ ਇਸ ਬਾਰੇ ਸੂਚਨਾ ਪੁਲਿਸ ਦੇ ਹੈਲਪਲਾਈਨ ਨੰਬਰ 112 ’ਤੇ ਜ਼ਰੂਰ ਸਾਂਝੀ ਕੀਤੀ ਜਾਵੇ।