ਹੁਣ ਕੇਵਲ ਇੱਕ ਹੀ ਮਰੀਜ਼ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਇਲਾਜ ਅਧੀਨ
ਲੋਕਾਂ ਨੂੰ ਨਕਲੀ ਸ਼ਰਾਬ ਤੋਂ ਸੁਚੇਤ ਰਹਿਣ ਲਈ ਜਾਗਰੂਕ ਕਰਨ ਬਾਰੇ ਅਭਿਆਨ ਜਾਰੀ
ਸੰਗਰੂਰ, 27 ਮਾਰਚ, 2024: ਪਿਛਲੇ ਦਿਨਾਂ ਦੌਰਾਨ ਮਿਲਾਵਟੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਵਿਅਕਤੀਆਂ ਵਿੱਚੋਂ ਹੁਣ ਕੇਵਲ ਇੱਕ ਵਿਅਕਤੀ ਹੀ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹੈ ਜਦਕਿ ਬਾਕੀ ਦੇ 27 ਵਿਅਕਤੀ ਵੱਖ ਵੱਖ ਹਸਪਤਾਲਾਂ ਵਿੱਚੋਂ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜੇਰੇ ਇਲਾਜ ਇਹ ਵਿਅਕਤੀ, ਲੋੜੀਂਦੀ ਮੈਡੀਕਲ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ ਤੰਦਰੁਸਤ ਹੋ ਕੇ ਆਪੋ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਅਹਿਤਿਆਤ ਵਜੋਂ ਸਬੰਧਤ ਸਬ ਡਵੀਜ਼ਨਾਂ ਦੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਸਪਤਾਲੋਂ ਪਰਤੇ ਇਨ੍ਹਾਂ ਵਿਅਕਤੀਆਂ ਦੀ ਸਿਹਤ ਦੀ ਢੁਕਵੀਂ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਗੁੱਜਰਾਂ, ਰਵਿਦਾਸਪੁਰਾ ਟਿੱਬੀ ਤੇ ਢੰਡੋਲੀ ਖੁਰਦ ਦੇ ਨਾਲ ਨਾਲ ਹੋਰਨਾਂ ਨੇੜਲੇ ਪਿੰਡਾਂ ਵਿੱਚ ਵੀ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਹੈ ਅਤੇ ਲੋਕਾਂ ਨੂੰ ਨਕਲੀ ਸ਼ਰਾਬ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਦੋਸ਼ੀਆਂ ਖਿਲਾਫ਼ ਨਿਯਮਾਂ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਸ ਕਾਲੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਤੇ ਐਕਸਾਈਜ਼ ਵਿਭਾਗ ’ਤੇ ਅਧਾਰਿਤ ਟੀਮਾਂ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਨਿਰੰਤਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜਿਆ ਪਾਇਆ ਜਾਂਦਾ ਹੈ ਤਾਂ ਉਸ ਬਾਰੇ ਸੂਚਨਾ ਪੁਲਿਸ ਕੰਟਰੋਲ ਰੂਮ ਜਾਂ ਹੈਲਪਲਾਈਨ ਨੰਬਰ 112 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ।