ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਲਾਭ ਮੁਹੱਈਆ
ਕਰਵਾਉਣਾ ਯਕੀਨੀ ਬਣਾਇਆ ਜਾਵੇ
*ਵਧੀਕ ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ
ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਮਾਨਸਾ, 17 ਅਪ੍ਰੈਲ:
ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ ਜੋ ਵੀ ਨਾਜ਼ਇਜ਼ ਕਬਜ਼ੇ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕਰਦਿਆਂ ਕਬਜ਼ੇ ਹਟਾਉਣ ਦੀ ਹਦਾਇਤ ਕੀਤੀ ਜਾਵੇ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਨੇ ਵੱਖ ਵੱਖ ਵਿਭਾਗਾਂ ਦੇ ਵਿਕਾਸ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਯਤਨ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਸੜਕਾਂ ’ਤੇ ਟਰੈਫਿਕ ਵਿਚ ਵਿਘਨ ਪਾਉਂਦੇ ਕਬਜ਼ਿਆਂ ’ਤੇ ਵੀ ਗ਼ੌਰ ਕਰਕੇ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਚਲਾਣ ਕੀਤੇ ਜਾਣ।
ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅਧੀਨ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਇਨ੍ਹਾਂ ਸਕੀਮਾਂ ਨਾਲ ਰਜਿਸਟਰਡ ਲਾਭਪਾਤਰੀਆਂ ਬਾਰੇ ਜਾਣਕਾਰੀ ਲਈ, ਉੱਥੇ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲਿਆਂ, ਵਿਭਾਗ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਮਿਡ ਡੇਅ ਮੀਲ ਦੀ ਕਾਰਜਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਮਿਡ ਡੇਅ ਮੀਲ ਵਿਚ ਖਾਣੇ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ।
ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾੳੋੁਣ ਲਈ ਬੱਸਾਂ ਦੀ ਨਿਰੰਤਰ ਚੈਕਿੰਗ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀਆਂ ਉਲੰਘਣਾਂ ਕਰਨ ਵਾਲੀਆਂ ਸਕੂਲੀ ਬੱਸਾਂ ਦੇ ਚਲਾਣ ਕੀਤੇ ਜਾਣ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਕੋਵਿਡ ਵੈਕਸੀਨੇਸ਼ਨ, ਟੈਸਟਿੰਗ ਅਤੇ ਕੋਵਿਡ ਕੇਸਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਅਤੇ ਇੱਥੇ ਆਉਣ ਵਾਲੇ ਮਰੀਜ਼ਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਨੂੰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰਜਿਸਟਰ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾ ਦੀ ਪਲੇਸਮੈਂਟ ਲਈ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਬਾਰੇ ਜਾਣਕਾਰੀ ਲਈ, ਉੱਥੇ ਹੀ ਪਬਲਿਕ ਵਰਕਸ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਪਾਸੋਂ ਸਮਾਰਟ ਵਿਲੇਜ਼ ਕੰਪੇਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਜਾਰੀ ਗਰਾਂਟ ਅਤੇ ਇਸ ਦੀ ਲਾਗਤ ਬਾਰੇ ਜਾਣਕਾਰੀ ਲਈ।
ਇਸ ਤੋਂ ਇਲਾਵਾ ਉਨ੍ਹਾਂ ਅਸ਼ੀਰਵਾਦ ਸਕੀਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਲੋੜਵੰਦ ਲੋਕਾਂ ਲਈ ਚੱਲ ਰਹੀਆਂ ਇਨ੍ਹਾਂ ਯੋਜਨਾਵਾਂ ਦਾ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਲਾਭ ਮੁਹੱਈਆ ਕਰਵਾਇਆ ਜਾਵੇ।
Boota Singh Basi
President & Chief Editor