ਮਾਨਸਾ, 4 ਜੂਨ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਬੀਤੇ ਦਿਨੀਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਪਿੰਡ ਰਾਏਪੁਰ ਅਤੇ ਟਾਂਡੀਆਂ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਦੇ ਲੋਕਾਂ ਨੂੰ ਮੀਟਿੰਗ ਦੌਰਾਨ ਨਸ਼ਿਆਂ ਦੇ ਮਾੜੇ ਪ੍ਭਾਵਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਨੌਜਵਾਨੀ ਅਤੇ ਸਮਾਜ ਦਾ ਨਾਸ਼ ਕਰ ਦਿੰਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਨਸ਼ੇ ਦੀ ਅਲਾਮਤ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਜਾਂ ਤੁਹਾਡਾ ਨਜ਼ਦੀਕੀ ਨਸ਼ਾ ਕਰਨ ਦਾ ਆਦੀ ਹੋ ਚੁੱਕਾ ਹੈ, ਤਾਂ ਉਸਦੇ ਇਲਾਜ ਲਈ ਉਸਨੂੰ ਨੇੜੇ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵਿੱਚ ਗਰਕ ਕਰ ਦਿੰਦਾ ਹੈ। ਇਸ ਲਈ ਨਸ਼ੇ ਦੇ ਆਦੀ ਵਿਅਕਤੀ ਨੂੰ ਪ੍ਰੇਰਿਤ ਕਰਕੇ ਉਸਦਾ ਨਸ਼ਾ ਛੁਡਵਾਉਣ ਵਿੱਚ ਉਸਦੀ ਮਦਦ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਜਿੱਥੇ ਸਰੀਰਕ ਤੌਰ ਤੇ ਕਾਫ਼ੀ ਕਮਜ਼ੋਰ ਹੋ ਜਾਂਦਾ ਹੈ, ਉਥੇ ਹੀ ਮਾਨਸਿਕ ਪੱਖੋਂ ਵੀ ਕਮਜ਼ੋਰ ਹੁੰਦਾ ਜਾਂਦਾ ਹੈ ਕਿਉਂਕਿ ਨਸ਼ਾ ਵਿਅਕਤੀ ਦੀ ਸੋਚਣ ਸਮਝਨ ਦੀ ਸ਼ਕਤੀ ਨੂੰ ਖ਼ਤਮ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ ਅਤੇ ਜਲਦ ਹੀ ਲੋਕਾਂ ਦੇ ਸਾਥ ਨਾਲ ਇਨ੍ਹਾਂ ਨਸ਼ਿਆਂ ਨੂੰ ਪੰਜਾਬ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ। ਚੇਅਰਮੈਨ ਅੱਕਾਂਵਾਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ । ਉਨ੍ਹਾਂ ਕਿਹਾ ਕਿ ਨੌਜਵਾਨ ਇਨ੍ਹਾਂ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਹੋਰ ਹੁਨਰ ਸਿੱਖ ਕੇ ਆਪਣੇ ਜੀਵਨ ਨੂੰ ਰੁਸ਼ਨਾਉਣ।