ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਜਾਗਰੂਕਤਾ ਦੇ ਨਾਲ-ਨਾਲ ਮੁਹੱਈਆ ਕਰਵਾਇਆ ਜਾ ਰਿਹੈ ਮੁਫ਼ਤ ਇਲਾਜ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਸੰਗਰੂਰ ਪੁਲਿਸ ਨਸ਼ਾਖੋਰੀ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ: ਐਸ.ਐਸ.ਪੀ. ਸਰਤਾਜ ਸਿੰਘ ਚਹਿਲ
ਵਿਦਿਆਰਥੀਆਂ, ਖਿਡਾਰੀਆਂ, ਯੂਥ ਕਲੱਬਾਂ ਦੇ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੇ ਸਹੁੰ ਚੁੱਕ ਕੇ ਨਸ਼ਿਆਂ ਵਿਰੁੱਧ ਡਟਣ ਦਾ ਕੀਤਾ ਪ੍ਰਣ
ਸੰਗਰੂਰ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਨਸ਼ਿਆਂ ਦੀ ਵਰਤੋਂ ਵਿਰੁੱਧ ਲਾਮਬੰਦ ਕਰਨ ਲਈ ਕਰਵਾਈਆਂ ਜਾ ਰਹੀਆਂ ਉਸਾਰੂ ਗਤੀਵਿਧੀਆਂ ਤਹਿਤ ਅੱਜ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ 5 ਕਿਲੋਮੀਟਰ ਲੰਬੀ ਵਾਕਥੌਨ ਕਰਵਾਈ ਗਈ ਜੋ ਕਿ ਵਾਰ ਹੀਰੋਜ਼ ਸਟੇਡੀਅਮ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿੱਚੋਂ ਲੰਘਦੇ ਹੋਏ ਮੁੜ ਸਟੇਡੀਅਮ ਵਿਖੇ ਸਮਾਪਤ ਹੋਈ। ਇਸ ਵਾਕਥੌਨ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਦੀ ਅਗਵਾਈ ਵਿੱਚ ਹਜ਼ਾਰਾਂ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਾਕਥੌਨ ਵਿੱਚ ਸ਼ਾਮਲ ਵਿਦਿਆਰਥੀਆਂ ਨੇ ਹੱਥਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਤਖ਼ਤੀਆਂ ਫੜ੍ਹ ਕੇ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ। ਇਸ ਵਾਕਥੌਨ ਤੋਂ ਬਾਅਦ ਵਾਰ ਹੀਰੋਜ਼ ਸਟੇਡੀਅਮ ਵਿਖੇ 4×400 ਮੀਟਰ ਰਿਲੇਅ ਦੌੜ ਵੀ ਕਰਵਾਈ ਗਈ ਅਤੇ ਸੰਗਰੂਰ ਵਾਸੀਆਂ ਨੂੰ ਨਸ਼ਾਖੋਰੀ ਵਿਰੁੱਧ ਡਟਣ ਲਈ ਸਹੁੰ ਵੀ ਚੁਕਵਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਉੱਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸੰਗਰੂਰ ਵਾਸੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜਾਗਰੂਕਤਾ ਗਤੀਵਿਧੀਆਂ ਚਲਾਉਣ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਨੂੰ ਮੁਫ਼ਤ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਨਸ਼ਿਆਂ ਦੇ ਆਦੀ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਤ ਵੀ ਕੀਤਾ ਜਾਂਦਾ ਹੈ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਦੇ ਨਾਲ-ਨਾਲ ਓਟ ਕੇਂਦਰਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਕਥੌਨ ਤੋਂ ਪਹਿਲਾਂ ਜ਼ਿਲ੍ਹੇ ਦੇ ਸਮੂਹ ਅਪਰ-ਪ੍ਰਾਇਮਰੀ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਸਨ ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਬਹੁਤ ਵਧੀਆ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਸੰਗਰੂਰ ਵਾਸੀਆਂ ਖਾਸ ਕਰਕੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਨਾਗਰਿਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ਸੰਗਰੂਰ ਪੁਲਿਸ ਨਸ਼ਾਖੋਰੀ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਤਸਕਰੀ ਦਾ ਲੱਕ ਤੋੜਨ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਰਤੋਂ ਖਿਲਾਫ਼ ਡੱਟ ਕੇ ਪਹਿਰਾ ਦੇਣ ਅਤੇ ਨਸ਼ਿਆਂ ਬਾਰੇ ਕੋਈ ਵੀ ਜਾਣਕਾਰੀ ਮਿਲਣ ਤੇ ਇਸਦੀ ਸੂਚਨਾ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਦੇਣ ਤਾਂ ਜੋ ਇਸਦਾ ਮੁੱਢੋਂ ਖਾਤਮਾ ਕੀਤਾ ਜਾ ਸਕੇ। ਇਸ ਮੌਕੇ ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਅਤੇ ਰਿਲੇਅ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ ਡੀ ਐਮ ਲਹਿਰਾ ਸੂਬਾ ਸਿੰਘ, ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ,ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕਿਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ, ਡੀ.ਐਸ.ਪੀ. ਮਨੋਜ ਗੋਰਸੀ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਖਿਡਾਰੀ, ਅਧਿਕਾਰੀ ਅਤੇ ਵੱਡੀ ਗਿਣਤੀ ਪਤਵੰਤੇ ਸੱਜਣ ਹਾਜ਼ਰ ਸਨ।