* ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਯੋਗ ਪ੍ਰਬੰਧਨ ਕਰਕੇ ਖੇਤਾਂ ’ਚ ਵਾਹੁਣਾ ਸਹੀ ਹੱਲ-ਡਿਪਟੀ ਕਮਿਸ਼ਨਰ
*ਪਰਾਲੀ ਦਾ ਧੂੰਆਂ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਲਈ
ਹਾਨੀਕਾਰਕ-ਐਸ.ਐਸ.ਪੀ.
ਮਾਨਸਾ, 09 ਨਵੰਬਰ :
ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਉਸ ਦਾ ਯੋਗ ਪ੍ਰਬੰਧਨ ਕਰਕੇ ਖੇਤਾਂ ਵਿੱਚ ਵਾਹੁਣਾ ਹੀ ਸਹੀ ਹੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਉਨ੍ਹਾਂ ਪਿੰਡ ਗੁੜਦੀ, ਧਲੇਵਾਂ, ਬੱਛੋਆਣਾ, ਦੋਦੜਾ, ਭੀਖੀ ਆਦਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਜਿਨ੍ਹਾਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ, ਉਥੇ ਜਾ ਕੇ ਅੱਗ ਨੂੰ ਬੁਝਾਇਆ। ਉਨ੍ਹਾਂ ਕਿਸਾਨਾਂ ਸਮਝਾਇਆ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਯੋਗ ਵੈਕਲਪਿਕ ਤਰੀਕਿਆਂ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੁਰੱਖਿਆ ਵਿਚ ਸਹਿਯੋਗ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਲਗਾਤਾਰ ਨਜ਼ਰਸ਼ਾਨੀ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਫਸਲਾਂ ਦੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੱਬਾਂ ਭਾਰ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਐਕਸ-ਸੀਟੂ ਅਤੇ ਇਨ-ਸੀਟੂ ਮੈਨੇਜਮੈਂਟ ਰਾਹੀਂ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੇ ਮਿੱਤਰ ਕੀੜੇ ਮਰ ਜਾਂਦੇ ਹਨ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।
ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ’ਤੇ ਸਖਤ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਛੋਟੇ ਬੱਚਿਆਂ, ਬਜ਼ੁਰਗਾਂ ਤੋਂ ਇਲਾਵਾ ਮਨੁੱਖੀ ਸਿਹਤ ਅਤੇ ਜੀਵ-ਜੰਤੂਆਂ ਲਈ ਵੀ ਕਾਫ਼ੀ ਹਾਨੀਕਾਰਕ ਹੁੰਦਾ ਹੈ।
Boota Singh Basi
President & Chief Editor