ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਚੌਕਸੀ ਟੀਮਾਂ ਪੂਰੀ ਤਰ੍ਹਾਂ ਮੁਸਤੈਦ

0
230
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਚੌਕਸੀ ਟੀਮਾਂ ਪੂਰੀ ਤਰ੍ਹਾਂ ਮੁਸਤੈਦ
ਵੱਖ ਵੱਖ ਥਾਈਂ ਖੇਤਾਂ ਵਿੱਚ ਕਈ ਏਕੜ ਰਹਿੰਦ ਖੂਹੰਦ ਨੂੰ ਸੜਨ ਤੋਂ ਰੋਕਿਆ
ਫਾਇਰ ਬ੍ਰਿਗੇਡ ਗੱਡੀਆਂ ਦੀ ਸਹਾਇਤਾ ਨਾਲ ਬੁਝਾਈ ਜਾ ਰਹੀ ਅੱਗ
ਸਮੂਹ ਐਸ ਡੀ ਐਮਜ਼ ਦੀ ਅਗਵਾਈ ਹੇਠ ਜਾਗਰੂਕਤਾ ਗਤੀਵਿਧੀਆਂ ਵੀ ਜਾਰੀ
ਡੀਸੀ ਜਤਿੰਦਰ ਜੋਰਵਾਲ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਸੰਗਰੂਰ,
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸੰਗਰੂਰ ਵਿਖੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਗਰਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲੇ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਉਤੇ ਆਧਾਰਿਤ ਚੌਕਸੀ ਟੀਮਾਂ, ਕਲੱਸਟਰ ਅਧਿਕਾਰੀ ਅਤੇ ਨੋਡਲ ਅਧਿਕਾਰੀ ਵੀ ਪੂਰੀ ਤਰ੍ਹਾਂ ਮੁਸਤੈਦ ਹਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਖੁਦ ਸਮੁੱਚੇ ਰੂਪ ਵਿੱਚ ਚੌਕਸੀ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਵੱਲੋਂ ਵੀ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੱਲ ਰਹੀ ਮੁਹਿੰਮ ਦੀ ਅਗਵਾਈ ਕੀਤੀ ਜਾ ਰਹੀ ਹੈ।
ਅੱਜ ਜ਼ਿਲੇ ਵਿੱਚ ਵੱਖ ਵੱਖ ਥਾਈਂ ਖੇਤਾਂ ਵਿੱਚ ਰਹਿੰਦ ਖੂਹੰਦ ਸਾੜਨ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਮਿਲਦਿਆਂ ਹੀ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਹੇਠ ਟੀਮਾਂ ਦੇ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕਰਦਿਆਂ ਫਾਇਰ ਬ੍ਰਿਗੇਡ ਗੱਡੀਆਂ ਰਾਹੀਂ ਅੱਗ ਉੱਤੇ ਕਾਬੂ ਪਾਇਆ ਜਿਸ ਸਦਕਾ ਕਈ ਏਕੜ ਰਕਬੇ ਵਿੱਚ ਰਹਿੰਦ ਖੂਹੰਦ ਨੂੰ ਸੜਨ ਤੋਂ ਰੋਕ ਲਿਆ ਗਿਆ।
ਇਸੇ ਦੌਰਾਨ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਭੂਮੀ ਰੱਖਿਆ ਵਿਭਾਗ, ਮੰਡੀ ਬੋਰਡ ਦੇ ਅਧਿਕਾਰੀ, ਮਾਲ ਵਿਭਾਗ ਦੇ ਅਧਿਕਾਰੀ, ਪਟਵਾਰੀ, ਨੰਬਰਦਾਰ ਆਦਿ ਵੀ ਪਿੰਡਾਂ ਅਤੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕਰਨ ਲਈ ਜੁਟੇ ਰਹੇ।
ਵੱਖ ਵੱਖ ਸਬ ਡਵੀਜ਼ਨਾਂ ਵਿਖੇ ਐਸ ਡੀ ਐਮ ਰਾਜੇਸ਼ ਸ਼ਰਮਾ, ਐਸ ਡੀ ਐਮ ਲਹਿਰਾ ਸੂਬਾ ਸਿੰਘ, ਐਸ ਡੀ ਐਮ ਧੂਰੀ ਅਮਿਤ ਗੁਪਤਾ, ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ ਡੀ ਐਮ ਭਵਾਨੀਗੜ੍ਹ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤਲਾ, ਰਾਮਪੁਰ ਗੁੱਜਰਾਂ, ਲਹਿਲ ਕਲਾਂ, ਕੜੈਲ, ਉਪਲੀ, ਬਰੜਵਾਲ, ਦੌਲਤਪੁਰ, ਬੇਨੜਾ, ਹਰਿਆਊ, ਸ਼ਦੀਹਰੀ, ਸੂਲਰ ਘਰਾਟ ਆਦਿ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਧਿਕਾਰੀ ਸਰਗਰਮ ਰਹੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਥਾਂ ਉਤੇ ਪਰਾਲੀ ਪ੍ਰਬੰਧਨ ਲਈ ਅੱਗੇ ਆਉਣ ਤਾਂ ਜੋ ਸਾਰਿਆਂ ਦੇ ਸਹਿਯੋਗ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਯੋਗਦਾਨ ਪਾਇਆ ਜਾ ਸਕੇ।
ਫੋਟੋ: ਐਸ ਡੀ ਐਮ ਧੂਰੀ ਅਮਿਤ ਗੁਪਤਾ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ।

LEAVE A REPLY

Please enter your comment!
Please enter your name here