ਪਰਾਲੀ ਦੀਆਂ ਗਿੱਟੀਆਂ ਬਣਾਉਣ ਵਾਲੇ ਯੂਨਿਟਾਂ ਨਾਲ ਜ਼ਿਲ੍ਹੇ ਦੇ ਭੱਠਾ ਮਾਲਕਾਂ ਦਾ ਕਰਵਾਇਆ ਜਾਵੇ ਤਾਲਮੇਲ: ਜਤਿੰਦਰ ਜੋਰਵਾਲ
ਸੰਗਰੂਰ, 22 ਅਗਸਤ, 2023: ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਰੁਝਾਨ ਨੂੰ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਸ਼ੁਰੂ ਹੋਣ ਵਿੱਚ ਅਜੇ ਕਾਫ਼ੀ ਸਮਾਂ ਹੈ ਅਤੇ ਇਸ ਲਈ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਾਏ ਜਾਣ ਦੀ ਮਾੜੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਸਦੇ ਢੁੱਕਵੇਂ ਹੱਲ ਅਮਲ ਵਿੱਚ ਲਿਆਂਦੇ ਜਾਣੇ ਯਕੀਨੀ ਬਣਾਏ ਜਾਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਇਕੱਠੀ ਕਰਨ ਦੀ ਪ੍ਰਕਿਰਿਆ ਨੂੰ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਖੇਤਾਂ ਵਿੱਚ ਅੱਗ ਲਾਏ ਜਾਣ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੇ ਯੂਨਿਟ ਲਗਾਉਣ ਲਈ ਨਿਵੇਸ਼ਕਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ ਅਤੇ ਸਥਾਪਤ ਯੂਨਿਟਾਂ ਨਾਲ ਭੱਠਾ ਮਾਲਕਾਂ ਦਾ ਤਾਲਮੇਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਪਰਾਲੀ ਨੂੰ ਖੇਤਾਂ ਵਿੱਚੋਂ ਇਕੱਠਾ ਕਰਨ ਤੇ ਕਰਵਾਉਣ ਲਈ ਕਿਸਾਨਾਂ ਨੂੰ ਵਾਧੂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜੇ ਜਾਣ ਦੀ ਮਾੜੀ ਪ੍ਰਥਾ ਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਨਿਯਮਤ ਤੌਰ ਉੱਪਰ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਾਏ ਜਾਣ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਇਨ੍ਹਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਵਿੱਚ ਹਿੱਸਾ ਪਾਉਣ।