ਮਾਂ ਦਾ ਦੁੱਧ ਬੱਚਿਆਂ ’ਚ ਰੋਗਾਂ ਨਾਲ ਲੜਨ ਦੀ ਵਧਾਉਂਦਾ ਹੈ ਤਾਕਤ: ਡਾ. ਕਿਰਪਾਲ ਸਿੰਘ
ਦਲਜੀਤ ਕੌਰ
ਸੰਗਰੂਰ, 1 ਅਗਸਤ, 2024: ਸਿਹਤ ਵਿਭਾਗ ਸੰਗਰੂਰ ਵੱਲੋਂ 1 ਤੋਂ 7 ਅਗਸਤ ਤੱਕ ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੁਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸ ਦੀ ਰਸਮੀ ਸ਼ੁਰੂਆਤ ਅੱਜ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਸਿਵਲ ਹਸਪਤਾਲ ਸੰਗਰੂਰ ਤੋਂ ਕੀਤੀ। ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੁਆਰਾ ਸਮੇਂ ਸਮੇਂ ਤੇ ਪ੍ਰਕਾਸ਼ਿਤ ਖੋਜ ਰਿਪੋਰਟਾਂ ਅਨੁਸਾਰ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਵਿਕਾਸ ਲਈ ਮਾਂ ਦਾ ਦੁੱਧ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਬੱਚੇ ਦੇ ਜਨਮ ਤੋਂ 1 ਘੰਟੇ ਦੇ ਅੰਦਰ ਮਾਂ ਦਾ ਦੁੱਧ ਸ਼ੁਰੂ ਕਰਵਾਉਣਾ ਅਤੇ ਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਬਾਅਦ ਪੂਰਕ ਖੁਰਾਕ ਦੇ ਨਾਲ-ਨਾਲ ਘਟੋਂ ਘੱਟ 2 ਸਾਲ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਾਂ ਦੇ ਦੁੱਧ ਨੂੰ ਉਚਿਤ ਸਮੇਂ ਤੱਕ ਜਾਰੀ ਨਾ ਰੱਖਣ ਦੇ ਕਾਰਨ ਬੱਚਿਆਂ ਵਿੱਚ ਨਿਮੋਨਿਆ ਅਤੇ ਡਾਇਰਿਆ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਦੇ ਮਾਨਸਿਕ, ਸਰੀਰਕ ਅਤੇ ਸਰਵਪੱਖੀ ਵਿਕਾਸ ਲਈ ਲਾਭਦਾਇਕ ਹੈ। ਉਹਨਾਂ ਕਿਹਾ ਕਿ ਮਾਂ ਆਪਣੇ ਬੱਚੇ ਦੇ ਜਨਮ ਦੇ ਪਹਿਲੇ ਦੋ ਤਿੰਨ ਦਿਨਾਂ ਦੌਰਾਨ ਆਪਣਾ ਪਹਿਲਾਂ ਗਾੜਾ ਜਾਂ ਪੀਲੇ ਰੰਗ ਦਾ ਦੁੱਧ ਜਿਸ ਨੂੰ ਬੋਲਾ ਦੁੱਧ ਕਹਿੰਦੇ ਹਨ ਜਰੂਰ ਪਿਲਾਏ ,ਬੱਚੇ ਦਾ ਜਨਮ ਹੋਣ ਉਪਰੰਤ ਮਾਂ ਦੇ ਦੁੱਧ ਤੋਂ ਪਹਿਲਾਂ ਹੋਰ ਕੋਈ ਚੀਜ਼ ਨਹੀਂ ਦੇਣੀ ਚਾਹੀਦੀ ਆਪਣੇ ਬੱਚੇ ਨੂੰ ਕਿਸੇ ਪ੍ਰਕਾਰ ਦੀ ਗੁੜ੍ਹਤੀ ਨਹੀਂ ਦੇਣੀ ਚਾਹੀਦੀ। ਜੇਕਰ ਮਾਂ ਖੁਦ ਬਿਮਾਰ ਹੈ ਤਾਂ ਵੀ ਆਪਣੇ ਬੱਚੇ ਨੂੰ ਬਿਨਾਂ ਕਿਸੇ ਨੁਕਸਾਨ ਡਰ ਤੋਂ ਦੁੱਧ ਪਿਲਾਉਣਾ ਚਾਹੀਦਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਆਪਣੇ ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਹੀ ਠੋਸ ਖੁਰਾਕ ਦੇਣੀ ਸ਼ੁਰੂ ਕਰਨੀ ਚਾਹੀਦੀ ਹੈ। ਮਾਂ ਦਾ ਦੁੱਧ ਓਪਰੇ ਦੁੱਧ ਨਾਲੋਂ ਹਮੇਸ਼ਾ ਲਾਭਦਾਇਕ ਹੁੰਦਾ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅੰਜੂ ਸਿੰਗਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਇੰਦਰਜੀਤ ਸਿੰਗਲਾ, ਸੀਨੀਅਰ ਮੈਡੀਕਲ ਅਫ਼ਸਰ ਡਾ ਸੰਜੇ ਕਾਂਮਰਾ, ਔਰਤ ਰੋਗਾਂ ਦੇ ਮਾਹਰ ਡਾ. ਹਰਪ੍ਰੀਤ ਕੌਰ ਰੇਖੀ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸਰੋਜ ਰਾਣੀ, ਮਲਟੀਪਰਪਜ ਹੈਲਥ ਸੁਪਰਵਾਈਜ਼ਰ ਫੀਮੇਲ ਅਮਰਜੀਤ ਕੌਰ, ਮ.ਪ.ਹ.ਵ.( ਮੇਲ) ਯਾਦਵਿੰਦਰ ਸਿੰਘ, ਮ.ਪ.ਕਹ.ਵ (ਫੀਮੇਲ) ਸਰਬਜੀਤ ਕੌਰ, ਗਗਨਪਾਲ ਕੌਰ ਆਦਿ ਹਾਜ਼ਰ ਸਨ।