ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਯੁੱਧ ਨਸ਼ਿਆਂ ਵਿਰੁੱਧ”
ਪਿੰਡ ਭੋਰਸ਼ੀ ਰਾਜਪੂਤਾਂ ਵਿਖੇ ਨਸ਼ਾ ਤਸਕਰ ਦੇ ਮਕਾਨ `ਤੇ ਚੱਲਿਆ ਪੀਲਾ ਪੰਜਾ
*ਨਸ਼ਾ ਤਸਕਰ ਤੇ ਉਸ ਦੇ ਪਰਿਵਾਰ ਖਿਲਾਫ ਐਨ.ਡੀ.ਪੀ.ਐਸ. , ਅਸਲਾ ਐਕਟ ਅਧੀਨ 35 ਮੁਕਦਮੇ ਹਨ ਦਰਜ਼
ਅੰਮ੍ਰਿਤਸਰ, 29 ਮਾਰਚ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਡੱਕਣ ਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਵਿੱਚ ਫੈਸਲਾਕੁੰਨ ਸਾਬਤ ਹੋਵੇਗੀ ਅਤੇ ਜ਼ਿਲੇ ਵਿੱਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਰਹਿਣ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਪਿੰਡ ਭੋਰਸੀ ਰਾਜਪੂਤਾਂ ਵਿਖੇ ਇੱਕ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਤੇ ਨਜਾਇਜ਼ ਢੰਗ ਨਾਲ ਉਸਾਰੇ ਜਾ ਰਹੇ ਮਕਾਨ ਨੂੰ ਢਾਹੁਣ ਸਬੰਧੀ ਹੋਈ ਕਾਰਵਾਈ ਸਬੰਧੀ ਗੱਲਬਾਤ ਕਰਦਿਆਂ ਕੀਤਾ।
ਐਸਐਸਪੀ ਨੇ ਕਿਹਾ ਕਿ ਪੁਲੀਸ ਕਿਸੇ ਵੀ ਨਾਗਰਿਕ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਕਰੇਗੀ ਪ੍ਰੰਤੂ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਵਿੱਚ ਕਿਸੇ ਕਿਸਮ ਦਾ ਸਮਝੌਤਾ ਵੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਪਿੰਡ ਵਾਸੀ ਜੇਠਾ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਸੁਖਜਿੰਦਰ ਸਿੰਘ, ਬਲਜਿੰਦਰ ਸਿੰਘ ਤੇ ਰਣਜੋਧ ਸਿੰਘ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਅਸਲਾ ਐਕਟ, ਐਨ ਡੀ ਪੀ ਐਸ ਐਕਟ, ਐਕਸਾਈਜ ਐਕਟ ਸਮੇਤ 35 ਪਰਚੇ ਦਰਜ਼ ਹਨ ।
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜ ਵਸੇਬਾ ਕੇਂਦਰ ਕਾਰਰਸ਼ੀਲ ਹਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
===–