ਪੀਐੱਸਯੂ (ਸ਼ਹੀਦ ਰੰਧਾਵਾ) ਵੱਲੋਂ ਦਲਿਤ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

0
160

ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪਣ ਤੋਂ ਪਹਿਲਾਂ ਕੀਤੀ ਕਾਲਜ ਵਿੱਚ ਰੈਲੀ

ਦਲਜੀਤ ਕੌਰ

ਸੰਗਰੂਰ, 24 ਜੂਨ, 2023: ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਰੈਲੀ ਕਰਕੇ ਕਾਲਜ਼ ਪ੍ਰਿੰਸੀਪਲ ਪ੍ਰੋ. ਸੁਖਬੀਰ ਸਿੰਘ ਨੂੰ ਐਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਨਾ ਵਸੂਲਣ ਸੰਬੰਧੀ ਮੰਗ ਪੱਤਰ ਦਿੱਤਾ।

ਮੰਗ ਪੱਤਰ ਦੇਣ ਤੋਂ ਪਹਿਲਾਂ ਕੀਤੀ ਰੈਲੀ ਦੌਰਾਨ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਅਤੇ ਕਾਲਜ ਕਮੇਟੀ ਪ੍ਰਧਾਨ ਲਵਪ੍ਰੀਤ ਸਿੰਘ ਮਹਿਲਾ ਨੇ ਕਿਹਾ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਕੋਈ ਬਦਲਾਅ ਨਹੀਂ ਆਇਆ ਹੈ। ਸਰਕਾਰਾਂ ਕਾਲਜਾਂ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਭਾਰੀ ਫੀਸਾਂ ਬਟੌਰੀਆਂ ਜਾ ਰਹੀਆਂ ਹਨ। ਆਗੂ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਿਸੇ ਤਰ੍ਹਾਂ ਦੀ ਨਾਨ-ਰਿਫੰਡਏਬਲ ਫੀਸ ਐਸ .ਸੀ ਵਿਦਿਆਰਥੀਆਂ ਤੋਂ ਨਹੀਂ ਭਰਾਈ ਜਾ ਸਕਦੀ। ਬਹੁਤ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਦੇ ਸੰਘਰਸ਼ ਦੇ ਸਦਕਾ ਐਸ. ਸੀ. ਵਿਦਿਆਰਥੀਆਂ ਦੇ ਦਾਖਲੇ ਬਿਨਾਂ ਪੀਟੀਏ ਫੰਡ ਭਰਵਾਏ ਦਾਖਲੇ ਹੋਏ ਹਨ, ਕਈ ਜ਼ਿਲ੍ਹਾ ਭਲਾਈ ਅਫ਼ਸਰਾਂ ਨੇ ਕਾਲਜਾਂ ਨੂੰ ਨੋਟਿਸ ਜਾਰੀ ਕਰਕੇ ਹੁਕਮ ਦੇਣੇ ਪਏ ਹਨ ਕਿ ਪੀਟੀਏ ਫੰਡ ਨਾ ਵਸੂਲਿਆ ਜਾਵੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਵੀ ਆਪਣੇ ਬਾਹਰਲੇ ਕੇਂਦਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਐਸ. ਸੀ. ਵਿਦਿਆਰਥੀਆਂ ਤੋਂ ਪੀਟੀਏ ਫੰਡ ਨਾ ਵਸੂਲਿਆ ਜਾਵੇ, ਪਰ ਬਹੁਤ ਸਾਰੇ ਕਾਲਜਾਂ ਵਿੱਚ ਇਸ ਫੰਡਾਂ ਦੇ ਨਾਮ ‘ਤੇ ਕਰੋੜਾਂ ਰੁਪਏ ਵਿਦਿਆਰਥੀਆਂ ਤੋਂ ਇੱਕਤਰ ਕਰ ਲਏ ਜਾਂਦੇ ਹਨ।

ਵਿਦਿਆਰਥੀ ਆਗੂ ਸੁਖਚੈਨ ਸਿੰਘ ਪੁੰਨਾਵਾਲ ਨੇ ਕਿਹਾ ਕਿ ਵੱਖ ਵੱਖ ਸਰਕਾਰਾਂ ਵੱਲੋਂ ਐਸ ਸੀ ਵਿਦਿਆਰਥੀਆਂ ਤੋਂ ਸਿੱਖਿਆ ਖੋਹਣ ਦੀਆਂ ਵਿਉਂਤਾਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਦੀਆਂ ਡਿਗਰੀਆਂ/ਨਤੀਜੇ ਰੋਕੇ ਜਾ ਰਹੇ ਹਨ। ਵਿਦਿਆਰਥੀਆਂ ਤੇ ਫੀਸਾਂ ਫੰਡਾਂ ਦਾ ਬੋਝ ਵਧਾਇਆ ਜਾ ਰਿਹਾ ਹੈ। ਵਿਦਿਆਰਥੀਆਂ ਨੇ ਐਲਾਨ ਕੀਤਾ ਕਿ ਜੇਕਰ ਪੀਟੀਏ ਫੰਡ ਵਸੂਲਣਾ ਬੰਦ ਨਾ ਕੀਤਾ ਗਿਆ ਤਾਂ ਅਗਲਾ ਸੰਘਰਸ਼ ਵਿਉਂਤਿਆ ਜਾਵੇਗਾ।

LEAVE A REPLY

Please enter your comment!
Please enter your name here