ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ

0
97

*ਸ਼ਹੀਦਾਂ ਦੀਆਂ ਕੁਰਬਾਨੀਆਂ ਦੇਸ਼ ਦੀ ਆਨ ਤੇ ਸ਼ਾਨ ਲਈ ਸਾਨੂੰ ਸਦਾ ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ-ਐਸ.ਐਸ.ਪੀ.
*ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ
ਹੱਲ ਕੀਤਾ ਜਾਵੇਗਾ-ਡਾ. ਨਾਨਕ ਸਿੰਘ

ਮਾਨਸਾ, 21 ਅਕਤੂਬਰ:
ਪੁਲਿਸ ਲਾਈਨਜ਼ ਮਾਨਸਾ ਵਿਖੇ ਅੱਜ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਡਾ. ਨਾਨਕ ਸਿੰਘ ਅਤੇ ਜ਼ਿਲ੍ਹਾ ਕਮਾਂਡੈਂਟ ਹੋਮਗਾਰਡ ਸ੍ਰੀ ਰਛਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡੀ.ਐਸ.ਪੀ. ਸ੍ਰੀ ਜਸਵੀਰ ਸਿੰਘ ਗਿੱਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਕਿਸੇ ਵੀ ਮੁਸੀਬਤ ਦਾ ਡਟ ਕੇ ਸਾਹਮਣਾ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਆਪਣੀ ਡਿਊਟੀ ਦੌਰਾਨ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ ਜਦੋਂ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾ ਕੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਦੇਸ਼ ਦੀ ਰਾਖੀ ਲਈ ਸੁਰੱਖਿਆ ਬਲਾਂ ’ਤੇ ਪੁਲਿਸ ਦੇ ਜਵਾਨਾਂ ਨੇ ਆਪਣਾ ਬਲਿਦਾਨ ਦਿੱਤਾ ਅਤੇ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਿਆ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਜ਼ਿਲ੍ਹਾ ਪੁਲਿਸ ਦੇ ਕਿਸੇ ਵੀ ਅਧਿਕਾਰੀ ਜਾਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ, ਜ਼ਿਲ੍ਹਾ ਕਮਾਂਡੈਂਟ ਹੋਮਗਾਰਡ ਸ੍ਰੀ ਰਛਪਾਲ ਸਿੰਘ ਸਮੇਤ ਪੁਲਿਸ ਦੇ ਹੋਰ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਛੇਤੀ ਹੀ ਯੋਗ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਤੋਂ ਪਹਿਲਾ ਜ਼ਿਲ੍ਹਾ ਮਾਨਸਾ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਧਾਰਨ ਕਰਕੇ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਐਸ.ਪੀ. ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ. ਸ੍ਰੀ ਜਸਕੀਰਤ ਸਿੰਘ, ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਇਸ਼ਾਨ ਸਿੰਗਲਾ, ਡੀ.ਐਸ.ਪੀ. ਸ੍ਰੀ ਮਨਜੀਤ ਸਿੰਘ, ਡੀ.ਐਸ.ਪੀ. ਸ੍ਰੀ ਪੁਸ਼ਪਿੰਦਰ ਸਿੰਘ, ਡੀ.ਐਸ.ਪੀ. ਸ੍ਰੀ ਲਖਵੀਰ ਸਿੰਘ ਟਿਵਾਣਾ, ਡੀ.ਐਸ.ਪੀ. ਸ੍ਰੀ ਸੰਜੀਵ ਕੁਮਾਰ, ਚੀਫ਼ ਸਕਿਊਰਟੀ ਅਫ਼ਸਰ ਥਰਮਲ ਪਲਾਂਟ ਬਣਾਂਵਾਲੀ ਸ੍ਰੀ ਜਗਦੀਪ ਘੁੰਮਣ, ਸ੍ਰੀ ਵਿਸ਼ਾਲ ਸ਼ਰਮਾ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here