ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ

0
315
ਕਪੂਰਥਲਾ,  26 ਸਤੰਬਰ -ਪੰਜਾਬ ਸਰਕਾਰ ਵੱਲੋਂ  ਸ਼ਹੀਦ -ਏ -ਆਜ਼ਮ  ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਬਾਰਕ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ, ਜਿਹਨਾਂ ਦਾ ਵੇਰਵਾ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਮੌਕੇ ਪ੍ਰਸ਼ਾਸ਼ਨ ਵੱਲੋਂ ਸਵੇਰੇ ਡੀ ਸੀ ਚੌਂਕ ਤੋਂ ਸਾਈਕਲ ਰੈਲੀ ਕੱਢੀ ਜਾਵੇਗੀ ਜੋ ਕਿ ਜਲੰਧਰ ਰੋਡ ਰਾਹੀਂ ਸਾਇੰਸ ਸਿਟੀ ਨੇੜੇ ਤੋਂ ਮੁੜਕੇ ਵਾਪਸ ਡੀ ਸੀ ਚੌਂਕ ਵਿੱਚ ਸਮਾਪਤ ਹੋਵੇਗੀ । ਇਹ ਰੈਲੀ ਸਵੇਰੇ 6.30 ਵਜੇ ਸ਼ੁਰੂ ਹੋਵੇਗੀ । ਇਸ ਤੋਂ ਇਲਾਵਾ ਪੁਲਿਸ ਲਾਇਨ ਵਿਖੇ ਸ੍ਰ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।ਜਿਲੇ ਵਿੱਚ ਨਗਰ ਨਿਗਮਾਂ , ਸਿੱਖਿਆ ਵਿਭਾਗ ਤੇ ਹੇਰਨਾਂ ਅਦਾਰਿਆਂ ਵੱਲੋਂ ਵੀ ਸਮਾਗਮ ਕਰਵਾਏ ਜਾਣਗੇ । ਉਸੇ ਦਿਨ ਸ਼ਾਮ ਨੂੰ 7 ਵਜੇ ਤੋਂ ਬਾਅਦ ਡੀ ਸੀ ਚੌਂਕ  ਤੋਂ ਬਜ਼ਾਰ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਤੱਕ ਕੈਂਡਲ ਲਾਈਟ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਭਾਗ ਲੈਣਗੇ। ਸਕੂਲਾਂ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਉਹਨਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ।ਇਸ ਤੋਂ ਇਲਾਵਾ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਨੂੰ ਬਿਜਲਈ ਰੌਸ਼ਨੀਆਂ ਨਾਲ ਸਜਾਇਆ ਜਾਵੇਗਾ । ਉਹਨਾਂ ਇਹ ਵੀ ਕਿਹਾ ਕਿ “ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ” ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਕੀਤਾ ਜਾਵੇਗਾ। ਇਸ ਦਿਨ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ।ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਨੂੰ ਉਹਨਾਂ ਦੇ 115ਵੇਂ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।

LEAVE A REPLY

Please enter your comment!
Please enter your name here