* ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਯੂਥ ਵਿੰਗ ਦਾ ਗਠਨ
ਜਲੰਧਰ, (ਦਲਜੀਤ ਕੌਰ ਭਵਾਨੀਗੜ੍ਹ) -ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 7 ਮੈਂਬਰੀ ਯੂਥ ਵਿੰਗ ਦੀ ਸੂਬਾ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਸ਼ੇਰਪੁਰ ਸੱਧਾ, ਕੌ-ਕਨਵੀਨਰ ਮੰਗਾਂ ਸਿੰਘ ਵੈਰੋਕੇ ਅਤੇ ਗੁਰਪ੍ਰੀਤ ਸਿੰਘ ਚੀਦਾ, ਲਖਵੰਤ ਕਿਰਤੀ, ਅਸ਼ੋਕ ਕੁਮਾਰ ਜਨਾਗਲ,ਮੇਜਰ ਸਿੰਘ ਟੋਡਰਮੱਲ ਅਤੇ ਜੀ ਐੱਸ ਅਟਵਾਲ ਕਮੇਟੀ ਮੈਂਬਰ ਚੁਣੇ ਗਏ। ਇਸ ਉਪਰੰਤ ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਭਖਦੀਆਂ ਮੰਗਾਂ ਮਨਵਾਉਣ ਲਈ ਉਲੀਕੇ ਸੰਘਰਸ਼ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਰੂਪ-ਰੇਖਾ ਉਲੀਕੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਦੱਸਿਆ ਕਿ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਮੁੱਖ ਮੰਤਰੀ ਵੱਲੋਂ ਮੰਨੀਆਂ ਮੰਗਾਂ ਲਈ ਸਬੰਧਤ ਮਹਿਕਮਿਆਂ ਨੂੰ ਹੁਕਮ ਨਾ ਭੇਜੇ ਜਾਣ ਕਾਰਨ ਭੰਬਲ ਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਮਜ਼ਦੂਰਾਂ ਵਿੱਚ ਪਾਈ ਜਾ ਰਹੀ ਬੇਚੈਨੀ ਨੂੰ ਧਿਆਨ ਵਿੱਚ ਰੱਖਦਿਆਂ ਮਜ਼ਦੂਰ ਜਥੇਬੰਦੀਆਂ ਨੇ ਆਪਣੀ 4 ਦਸੰਬਰ ਨੂੰ ਮੀਟਿੰਗ ਸੱਦ ਲਈ ਹੈ, ਜਿਸ ਵਿੱਚ ਪਹਿਲਾਂ ਹੀ ਐਲਾਨੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਚੱਲ ਰਹੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨਾਲ 23 ਨਵੰਬਰ ਨੂੰ ਦੇਰ ਰਾਤ ਤੱਕ ਢਾਈ ਘੰਟਿਆਂ ਦੇ ਕਰੀਬ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਮੁੱਖ ਮੰਤਰੀ ਵੱਲੋਂ ਬੇਘਰਿਆਂ ਦੇ ਨਾਲ ਲੋੜਵੰਦਾਂ ਨੂੰ ਵੀ ਪਲਾਟ ਦੇਣ, ਪਲਾਟ ਦੇਣ ਵਿੱਚ ਕੁਤਾਹੀ ਕਰਨ ਵਾਲੀਆਂ ਪੰਚਾਇਤਾਂ ਤੇ ਅਧਿਕਾਰੀਆਂ ਦੀ ਜਿੰਮੇਵਾਰੀ ਫਿਕਸ ਕਰਨ, ਕੱਟੇ ਪਲਾਟਾਂ ਦੇ ਫੌਰੀ ਕਬਜ਼ੇ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਤੁਰੰਤ ਜੋੜਨ, ਨੋਟੀਫਿਕੇਸ਼ਨ ਮੁਤਾਬਕ ਬਕਾਏ ਬਿਜਲੀ ਬਿੱਲ ਮੁਆਫ਼ ਕਰਨ, ਕੋਅਪਰੇਟਿਵ ਸੁਸਾਇਟੀਆਂ ‘ਚ ਮਜ਼ਦੂਰਾਂ ਦਾ 25 ਫੀਸਦੀ ਰਾਖਵਾਂਕਰਨ ਕਰਕੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਦੇਣ ਅਤੇ ਮਾਈਕਰੋਫਾਈਨਾਸ ਕੰਪਨੀਆਂ ਵੱਲੋਂ ਕਰਜ਼ੇ ਬਦਲੇ ਘਰੇਲੂ ਸਮਾਨ ਕੁਰਕ ਕਰਨ ਉਤੇ ਸਖ਼ਤੀ ਨਾਲ ਰੋਕ ਲਾੳਣ ਸਮੇਤ ਅਨੇਕਾਂ ਮੰਗਾਂ ਮੰਨੀਆਂ ਸਨ ਪਰ ਮੰਨੀਆਂ ਮੰਗਾਂ ਉੱਤੇ ਅਮਲਦਾਰੀ ਕਿਧਰੇ ਨਜ਼ਰ ਨਹੀਂ ਆ ਰਹੀ। ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਪੇਂਡੂ ਅਤੇ ਖੇਤ ਮਜ਼ਦੂਰਾਂ ਨੂੰ ਸਾਂਝੇ ਮੋਰਚੇ ਵਲੋਂ 12 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰਨ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣ ਦਾ ਸੱਦਾ ਦਿੱਤਾ ਹੈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਆਗੂ ਹੰਸ ਰਾਜ ਪੱਬਵਾਂ, ਰਾਜ ਕੁਮਾਰ ਪੰਡੋਰੀ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਮੰਗਾਂ ਸਿੰਘ ਵੈਰੋਕੇ ਅਤੇ ਹਰੀ ਰਾਮ ਰਸੂਲਪੁਰੀ ਵੀ ਹਾਜਰ ਸਨ।
Boota Singh Basi
President & Chief Editor