* ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ (ਸਾਂਝੀ ਸੋਚ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਆਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਆਗੂ ਵੀ ਮੌਜੂਦ ਸਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਸੀਨੀਅਰ ਐਡਵੋਕੇਟਜ਼ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਦੇ ਪੜੇ ਲਿਖੇ ਲੋਕ ਪੰਜਾਬ ਦੀ ਰਾਜਨੀਤੀ ਵਿੱਚ ਪਰਿਵਰਤਨ ਲਿਆਉਣਾ ਚਾਹੁੰਦੇ ਹਨ। ਲੰਮੇ ਸਮੇਂ ਤੋਂ ਪੰਜਾਬ ਨੂੰ ਲੁੱਟ ਰਹੀਆਂ ਰਿਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਸੂਬੇ ਨੂੰ ਬਚਾਉਣ ਲਈ ਆਮ ਲੋਕਾਂ ਦੇ ਨਾਲ ਨਾਲ ਡਾਕਟਰਜ਼, ਅਫ਼ਸਰ, ਅਧਿਆਪਕ ਅਤੇ ਐਡਵੋਕੇਟਜ਼ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਉਨਾਂ ਨੂੰ ਪੂਰਾ ਮਾਨ ਸਨਮਾਨ ਦੇਵੇਗੀ। ਇਸ ਮੌਕੇ ਐਡਵੋਕੇਟ ਐਚ.ਪੀ.ਐਸ. ਰਾਹੀਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਲੋਕਾਂ ਲਈ ਕੀਤੇ ਜਾਂਦੇ ਕੰਮਾਂ ਤੋਂ ਵਕੀਲ ਭਾਈਚਾਰਾ ਬਹੁਤ ਪ੍ਰਭਾਵਿਤ ਹੋਇਆ ਹੈ, ਜਿਸ ਕਰਕੇ ਉਨਾਂ ‘ਆਪ‘ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਕਾਰਜਕਰਨੀ ਮੈਂਬਰ ਦਲਪ੍ਰੀਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਫ਼ੈਸਲਾ ਕਰ ਲਿਆ ਹੈ।
Boota Singh Basi
President & Chief Editor