ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ

0
43

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਲੋਕ ਸਭਾ ਚੋਣਾਂ-2024
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ
– ਮੁੱਖ ਚੋਣ ਅਧਿਕਾਰੀ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ
– ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ
ਚੰਡੀਗੜ੍ਹ, 17 ਮਈ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ।  ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ।  ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਹੁਣ ਜਦੋਂ ਇਹ ਸਾਫ ਹੋ ਗਿਆ ਹੈ ਕਿ ਕਿਹੜੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਤਾਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਦੂਜਿਆਂ ਦੀ ਆਲੋਚਨਾ ਕਰਦੇ ਸਮੇਂ ਬੇਬੁਨਿਆਦ ਦੋਸ਼ ਲਗਾਉਣ ਅਤੇ ਵਿਵਾਦਤ ਬਿਆਨ ਦੇਣ ਤੋਂ ਬਚਣ ਲਈ ਕਿਹਾ ਹੈ।
ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸਥਾਨਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚੋਣ ਪ੍ਰਚਾਰ ਵਿੱਚ ਲੱਗੇ ਸਾਰੇ ਰਾਜਨੀਤਿਕ ਵਰਕਰਾਂ ਨੂੰ ਬੈਜ ਜਾਂ ਸ਼ਨਾਖਤੀ ਕਾਰਡ ਦਿਖਾਉਣ ਅਤੇ ਚੋਣ ਪ੍ਰਚਾਰ ਦੌਰਾਨ ਤੇ ਚੋਣਾਂ ਵਾਲੇ ਦਿਨ ਵਾਹਨਾਂ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਗੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ (ਚਿੱਟੇ) ਕਾਗਜ਼ ’ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਅਤੇ ਵੋਟਰਾਂ ਉੱਤੇ ਕਿਸੇ ਵੀ ਤਰੀਕੇ ਦਾ ਪ੍ਰਭਾਵ ਅਤੇ ਹੋਰ ਚੋਣ ਅਪਰਾਧ, ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਅੰਦਰ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ ਹੈ।
ਉਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਨਕਦ ਲੈਣ-ਦੇਣ ਅਤੇ ਵੱਡੀ ਮਾਤਰਾ ਵਿੱਚ ਨਕਦੀ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਦੂਜੀਆਂ ਪਾਰਟੀਆਂ ਦੀਆਂ ਮੀਟਿੰਗਾਂ ਅਤੇ ਜਲੂਸਾਂ ਵਿੱਚ ਗੜਬੜੀ ਕਰਨ ਦੀ ਮਨਾਹੀ ਹੈ ਅਤੇ ਪੋਲਿੰਗ ਬੂਥਾਂ ਦੇ ਨੇੜੇ ਪ੍ਰਚਾਰ ਸਮੱਗਰੀ ਪ੍ਰਦਰਸ਼ਿਤ ਨਹੀਂ ਹੋਣੀ ਚਾਹੀਦੀ।
ਸਿਬਿਨ ਸੀ ਨੇ ਕਿਹਾ ਕਿ ਨਿੱਜੀ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਜਾਂ ਧਰਨਾ ਲਗਾਉਣਾ ਵੀ ਮਨ੍ਹਾ ਹੈ ਅਤੇ ਸਿਆਸੀ ਮੀਟਿੰਗਾਂ ਵਿਚ ਕਿਸੇ ਵੀ ਵਿਘਨ ਵਿਰੁੱਧ ਪੁਲਿਸ ਦੀ ਮਦਦ ਲੈਣੀ ਚਾਹੀਦੀ ਹੈ। ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 127 ਦੇ ਅਨੁਸਾਰ, ਕੋਈ ਵੀ ਵਿਅਕਤੀ ਜੋ ਜਨਤਕ ਮੀਟਿੰਗਾਂ ਵਿੱਚ ਮਾਹੌਲ ਨੂੰ ਵਿਗਾੜਦਾ ਹੈ, ਉਹ ਛੇ ਮਹੀਨੇ ਦੀ ਕੈਦ, ਦੋ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਦੇ ਯੋਗ ਹੋ ਸਕਦਾ ਹੈ।
ਕਿਸ ਲੋਕ ਸਭਾ ਹਲਕੇ ਤੋਂ ਕਿੰਨੇ ਉਮੀਦਵਾਰ-
ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਮਰਦ ਅਤੇ 3 ਮਹਿਲਾਵਾਂ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਮਹਿਲਾਵਾਂ ਸ਼ਾਮਲ ਹਨ।  ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ।
ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ  ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ  41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।  ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।
———
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
— 79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ
– ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ  ਕਰਦੇ  ਸਨ ਵਰਤੋਂ: ਡੀਜੀਪੀ ਗੌਰਵ ਯਾਦਵ
– ਦੋ ਸਰਗਨਾਹ ਦੀ ਹੋਈ  ਪਛਾਣ , ਜਲਦ ਹੀ ਕੀਤੇ ਜਾਣਗੇ ਗ੍ਰਿਫਤਾਰ : ਏਡੀਜੀਪੀ ਵੀ. ਨੀਰਜਾ
– ਹੁਣ ਤੱਕ ਕੀਤੀ ਹੋਈ ਕੁੱਲ ਧੋਖਾਧੜੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਡੀਜੀਪੀ ਸਾਈਬਰ ਕ੍ਰਾਈਮ
ਚੰਡੀਗੜ੍ਹ, 17 ਮਈ:
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੁਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ  ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ ’ਤੇ  ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ।
ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ  ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸਨੂੰ  ਰੀਡੀਮ ਕਰਵਾ ਲੈਂਦਾ ਸੀ।
ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਵਿੱਚ ਚੱਲ ਰਹੇ  ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕਰਾਈਮ ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀਆਈਟੀਏਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ।
ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਐਸਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਅਤੇ  ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫਰਾਰ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ  ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ।
ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ।
ਇਸ ਸਬੰਧੀ  ਐਫਆਈਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਡੱਬੀ: ਤਿੰਨ ਮੋਡਸ ਓਪਰੇਂਡੀ ਦੀ ਵਰਤੋਂ ਕਰਦੇ ਸਨ ਫਰਜ਼ੀ  ਕਾਲ ਸੈਂਟਰ
ਪੇ-ਡੇ ਫਰਾਡ: ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ ਯੂ.ਐੱਸ. ਵਿੱਚ ਘੱਟ ਕਰੈਡਿਟ ਸਕੋਰ ਹੋਣ ਦੇ ਬਾਵਜੂਦ ਲੋਕਾਂ ਨੂੰ ਘੱਟ ਵਿਆਜ ’ਤੇ ਲੋਨ ਪ੍ਰਦਾਨ ਕਰਨ ਦਾ ਪੇਸ਼ਕਸ਼ ਕਰਦਾ ਸੀ  ਅਤੇ ਇਸਦੇ ਬਦਲੇ ਫੀਸ ਵਜੋਂ ਗਾਹਕ ਗਿਫਟ ਕਾਰਡ ਖਰੀਦਣ ਲਈ ਕਹਿੰਦਾ ਸੀ ।  ਉਹ ਗਿਫਟ ਕਾਾਰਡ ਸਰਗਾਹ ਨੂੰ ਭੇਜ ਦਿੱਤਾ ਜਾਂਦਾ ਸੀ ਜੋ ਉਸਨੂੰ ਰੀਡੀਮ ਕਰਵਾ ਲੈਂਦਾ ਸੀ ।
ਐਮਾਜ਼ਾਨ ਫਰਾਡ : ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ, ਐਮਾਜ਼ਾਨ ਦੇ ਨਮੁਾਇੰਦੇ ਹੋਣ ਦਾ ਦਿਖਾਵਾ ਕਰਦੇ ਹੋਏ, ਗਾਹਕ (ਅਮਰੀਕਾ ਦੇ ਨਾਗਰਿਕਾਂ) ਨੂੰ ਧਮਕੀ ਦਿੰਦਾ ਸੀ ਕਿ ਉਹਨਾਂ ਵੱਲੋਂ ਆਰਡਰ ਕੀਤੇ ਗਏ ਪਾਰਸਲ ਵਿੱਚ ਗੈਰ-ਕਾਨੂੰਨੀ ਚੀਜ਼ਾਂ ਹਨ ਅਤੇ ਫੈਡਰਲ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਰਕਮ ਦੀ ਪੁਸ਼ਟੀ ਕਿਸੇ ਹੋਰ ਕਾਲਰ ਦੁਆਰਾ ਕੀਤੀ ਜਾਂਦੀ ਹੈ, ਜੋ ਬੈਂਕਰ ਹੋਣ ਦਾ ਦਿਖਾਵਾ ਕਰਦਾ ਸੀ। ਆਰਡਰ ਨੂੰ ਰੱਦ ਕਰਨ ਲਈ ਇੱਕ ਨਿਸ਼ਚਤ ਸਮੇਂ ਅੰਦਰ ਰਕਮ ਕੈਸ਼ ਐਪ ਦੁਆਰਾ ਜਾਂ ਐਮਾਜ਼ਾਨ ਗਿਫਟ ਕਾਰਡ ਲੈਣ ਲਈ ਕਿਹਾ ਜਾਂਦਾ ਸੀ ਅਤੇ ਗੱਲ ਨਾ ਮੰਨਣ ਦੀ ਸੂਰਤ ਵਿੱਚ ਫੈਡਰਲ ਪੁਲਿਸ ਨੂੰ ਸੂਚਿਤ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ । ਗਿਫ਼ਟ ਕਾਰਡਾਂ ਦੇ ਨੰਬਰਾਂ ਨੂੰ ਫਿਰ ਅਮਰੀਕਾ ਵਿੱਚ ਭਾਈਵਾਲਾਂ ਨਾਲ ਸਾਂਝਾ ਕੀਤਾ ਜਾਂਦਾ ਸੀ, ਜੋ ਰਕਮ ਨੂੰ ਰੀਡੀਮ ਕਰਦੇ ਸਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਕਿੰਗਪਿਨ ਨੂੰ ਨਕਦ ਭੇਜਦੇ ਸਨ।
ਮਾਈਕਰੋਸਾਫਟ ਫਰਾਡ : ਨਿਸ਼ਾਨਾ ਬਣਾਏ ਗਏ ਲੋਕਾਂ ਨੂੰ ਕੰਪਿਊਟਰ ’ਤੇ ਇੱਕ ਪੌਪ-ਅੱਪ ਮਿਲਦਾ ਹੈ, ਜਿਵੇਂ ਕਿ ਮਾਈਕਰੋਸਾਫਟ ਦੇ ਕਸਟਮਰ ਕੇਅਰ ਵੱਲੋਂ ਇੱਕ ਚੇਤਾਵਨੀ ਰੂਪੀ ਸੰਦੇਸ਼ ਭੇਜਿਆ ਜਾਂਦਾ ਹੈ ਅਤੇ ਤੁਰੰਤ ਕਾਲ ਕਰਨ ਲਈ ਇੱਕ ਸੰਪਰਕ ਨੰਬਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ, ਵਿਅਕਤੀ ਨੂੰ ਡਾਊਨਲੋਡ ਕਰਨ ਲਈ ਇੱਕ ਲਿੰਕ ਮਿਲਦਾ ਹੈ। ਲਿੰਕ ਇੱਕ ਐਪ ਨੂੰ ਸਥਾਪਿਤ ਕਰਦਾ ਹੈ ਜੋ ਸਕ੍ਰੀਨ ਦੇਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਬਾਅਦ, ਬੈਂਕ ਖਾਤਿਆਂ ਵਿੱਚੋਂ ਪੈਸੇ ਧੋਖੇ ਨਾਲ ਅਮਰੀਕਾ ਦੇ ਮਿਊਲ ਖਾਤਿਆਂ ਵਿੱਚ ਭੇਜੇ ਜਾਦੇ ਹਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਪ੍ਰਾਪਤ ਕੀਤੇ ਜਾਂਦੇ ਹਨ।
——
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਲੋਕ ਸਭਾ ਚੋਣਾਂ: 2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
– ਦੂਜੇ ਫੇਸਬੁੱਕ ਲਾਈਵ ਦੌਰਾਨ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਤੋਂ ਮੰਗੇ ਸੁਝਾਅ ਅਤੇ ਫੀਡਬੈਕ
– ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ
– ਕਿਸੇ ਵੀ ਚੋਣ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਐਨ.ਜੀ.ਐਸ. ਪੋਰਟਲ ਦੀ ਕੀਤੀ ਜਾਵੇ ਵਰਤੋਂ: ਸਿਬਿਨ ਸੀ
– ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ
ਚੰਡੀਗੜ੍ਹ, 17 ਮਈ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ’ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ।
ਪੋਲਿੰਗ ਬੂਥਾਂ ’ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।
ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ’ਤੇ ਹੀ ਲਗਾਏ ਜਾ ਸਕਦੇ ਹਨ ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ’ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ’ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ ’ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ ’ਤੇ ਆਪਣੀ ਵੋਟ ਪਾਉਣਗੇ।
———–

LEAVE A REPLY

Please enter your comment!
Please enter your name here