ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ
– ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਮੁਲਜ਼ਮ ਫਰਾਰ ਹੋਣ ‘ਚ ਕਾਮਯਾਬ, ਉਸ ਨੂੰ ਫੜਨ ਲਈ ਛਾਪੇਮਾਰੀ ਜਾਰੀ: ਡੀਜੀਪੀ ਗੌਰਵ ਯਾਦਵ
– ਫਰਾਰ ਮੁਲਜ਼ਮ ਡਰੋਨਾਂ ਰਾਹੀਂ ਸਰਹੱਦ ਪਾਰੋਂ ਗੈਰ-ਕਾਨੂੰਨੀ ਸਮੱਗਰੀ ਕਰ ਰਿਹਾ ਸੀ ਪ੍ਰਾਪਤ, ਜਾਂਚ ਦੌਰਾਨ ਹੋਇਆ ਖੁਲਾਸਾ
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ:
ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਅਤੇ ਜੀਓ ਡੋਂਗਲ ਵੀ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਜਾਫ਼ਰਪੁਰ ਦਾ ਇੱਕ ਵਿਅਕਤੀ ਨਸ਼ਿਆਂ/ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਟਾਲਾ-ਗੁਰਦਾਸਪੁਰ ਵਿੱਚ ਭਾਰਤ-ਪਾਕਿ ਸਰਹੱਦੀ ਇਲਾਕੇ ਤੋਂ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਅਸਲੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਜਾਫਰਪੁਰ ਵਿਖੇ ਛਾਪੇਮਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਆਪਣਾ ਬੈਗ ਸੁੱਟ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀ ਦੇ ਬੈਗ ਵਿੱਚੋਂ ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕੀਤਾ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਫਰਾਰ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ/ਹਥਿਆਰਾਂ/ਗੋਲੀ ਸਿੱਕਾ ਦੀ ਤਸਕਰੀ ਵਿੱਚ ਸ਼ਾਮਲ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 59 ਮਿਤੀ 28.09.2024 ਨੂੰ ਐਨਡੀਪੀਐਸ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
——-