ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 7 ਜੁਲਾਈ ਨੂੰ ਜਲੰਧਰ ‘ਚ ਰੋਸ ਰੈਲੀ ਕਰਨ ਦਾ ਐਲਾਨ
ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 7 ਜੁਲਾਈ ਨੂੰ ਜਲੰਧਰ ‘ਚ ਰੋਸ ਰੈਲੀ ਕਰਨ ਦਾ ਐਲਾਨ
ਦਲਜੀਤ ਕੌਰ
ਬਰਨਾਲਾ, 22 ਜੂਨ, 2024: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਵੀ ਫਰੰਟ ਵੱਲੋਂ ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟੇ ਨਹੀਂ ਮੁਹਿੰਮ ਚਲਾਈ ਗਈ ਸੀ। ਜਿਸ ਨੂੰ ਭਰਪੂਰ ਹੁੰਗਾਰਾ ਮਿਲਿਆ ਤੇ ਇਸਦਾ ਖਮਿਆਜਾ ਸੱਤਾਧਿਰ ਪਾਰਟੀ ਨੂੰ ਭੁਗਤਣਾ ਪਿਆ।
ਅੱਜ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ ਆਗੂਆਂ ਨੇ ਫ਼ੈਸਲਾ ਕੀਤਾ ਕਿ ਜਲੰਧਰ ਜਿਮਨੀ ਚੋਣਾਂ ਦੇ ਮੱਦੇਨਜਰ ਫਰੰਟ ਵੱਲੋਂ 7 ਜੁਲਾਈ ਨੂੰ ਜਲੰਧਰ ਵੈਸਟ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਜਿਸ ਰੋਸ ਰੈਲੀ ਵਿੱਚ ਪੰਜਾਬ ਭਰ ਦੇ ਮੁਲਾਜ਼ਮ ਸ਼ਮੂਲੀਅਤ ਕਰਨਗੇ। ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਡੇ ਨਾਲ ਪੰਜਾਬ ਪੇਅ ਸਕੇਲ ਬਹਾਲ ਕਰਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ। ਜਿਸ ਦਾ ਨਤੀਜਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾ ਵਿੱਚ 3 ਸੀਟਾਂ ਤੇ ਸਿਮਟ ਕੇ ਭੁਗਤਿਆ ਹੈ। ਉਹਨਾਂ ਕਿਹਾ ਕਿ ਜੇਕਰ ਜਲਦੀ ਹੀ ਸਾਡੇ ਤੇ ਪੰਜਾਬ ਪੇਅ ਸਕੇਲ ਬਹਾਲ ਨਾ ਕੀਤਾ ਤਾਂ ਅਸੀਂ ਜਿਮਨੀ ਚੋਣਾਂ ਵਿੱਚ ਵੀ ਸੱਤਾਧਿਰ ਪਾਰਟੀ ਦਾ ਵਿਰੋਧ ਜਾਰੀ ਰੱਖਾਂਗੇ।
ਇਸ ਮੌਕੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਸਲਿੰਦਰ ਕੰਬੋਜ, ਹਰਜਿੰਦਰ ਸਿੰਘ, ਯੁੱਧਜੀਤ ਸਿੰਘ, ਸੰਦੀਪ ਸਿੰਘ, ਸਸ਼ਪਾਲ ਸਿੰਘ, ਨਵਜੀਵਨ ਸਿੰਘ, ਸੁਖਚੈਨ ਸਿੰਘ, ਮਨਪ੍ਰੀਤ ਕੌਰ, ਸੁਖਜੀਤ ਕੌਰ, ਰਵੀ ਸਭਰਵਾਲ, ਰਜਨੀ, ਬਿਮਲਜੀਤ ਕੌਰ, ਮੁਹੰਮਦ ਆਰਿਫ਼, ਪਵਨ ਕੁਮਾਰ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।