ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ
ਚੰਡੀਗੜ੍ਹ, 10 ਮਾਰਚ:
ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਉਨ੍ਹਾਂ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ਵਿਚ 27 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।
ਇੱਥੋਂ ਜਾਰੀ ਇਕ ਬਿਆਨ ਵਿਚ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਲ 2023-24 ਦੇ ਬਜਟ ਵਿਚ 1987 ਕਰੋੜ ਰੁਪਏ ਦੀ ਵੰਡ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਕੀਤੀ ਗਈ ਹੈ। ਇਹ ਰਕਮ ਸਾਲ 2022-23 ਦੇ ਬਜਟ ਨਾਲੋਂ 27 ਫੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਤੇ ਬੇਹਤਰ ਸੈਨੀਟੇਸ਼ਨ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਰਾਸ਼ੀ ਨਾਲ ਟੀਚੇ ਦੀ ਪੂਰਤੀ ਕਰਨ ਵਿਚ ਅਸਾਨੀ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਧਰਤੀ ਹੇਠਲਾਂ ਪਾਣੀ ਪੀਣਯੋਗ ਨਹੀਂ ਜਾਂ ਜਿੱਥੇ ਪਾਣੀ ਦੀ ਘਾਟ ਹੈ, ਉਨ੍ਹਾਂ ਪਿੰਡਾਂ ਨੂੰ ਤਰਜੀਹੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।
ਜਿੰਪਾ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਲਈ 400 ਕਰੋੜ ਰੁਪਏ, ਜਲ ਜੀਵਨ ਮਿਸ਼ਨ ਲਈ 200 ਕਰੋੜ ਰੁਪਏ, ਜਲ ਸਪਲਾਈ ਨਾਲ ਸਬੰਧਤ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਰੱਖ ਰਖਾਅ ਲਈ 20 ਕਰੋੜ ਰੁਪਏ ਅਤੇ ਮੋਹਾਲੀ ਵਿਖੇ ਜਲ ਭਵਨ ਦੀ ਉਸਾਰੀ ਲਈ 40 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿਚ ਵੱਸਦਾ ਹੈ ਅਤੇ ਇਸ ਰਾਸ਼ੀ ਨਾਲ ਸੂਬੇ ਦੇ ਪਿੰਡ ਵਾਸੀਆਂ ਨੂੰ ਸਾਫ ਪਾਣੀ ਅਤੇ ਸਾਫ-ਸਫਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਦੇਣ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੋਈ ਕਸਰ ਨਹੀਂ ਛੱਡੇਗਾ। ਬਜਟ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਖਰਚ ਕੀਤਾ ਜਾਵੇਗਾ।