ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

0
40

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 11 ਮਈ  :

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਕੁੱਲ 371  ਬੈਂਚਾਂ ਵਿੱਚ ਲੱਗਭਗ 2.87 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਅਤੇ  ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਸ੍ਰੀਮਤੀ ਸਮ੍ਰਿਤੀ ਧੀਰ ਵਧੀਕ ਮੈਂਬਰ ਸਕੱਤਰ ਨੇ ਕੋਰਟ ਕੰਪਲੈਕਸ ਲੁਧਿਆਣਾ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ।

ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।

ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਮੈਂਬਰ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

—–

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਮਈ:

ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ  ਪਦਮ ਸ੍ਰੀ ਸ. ਸੁਰਜੀਤ ਪਾਤਰ ਦੇ  ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ.ਬੈਂਸ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਸਾਰ ਅਤੇ ਪ੍ਰਚਾਰ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਦੇ ਬੇਵਕਤੀ ਤੁਰ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਘਾਟਾ ਪਿਆ ਹੈ ਜ਼ੋ ਕਦੀ ਵੀ ਪੂਰਾ ਨਹੀਂ ਹੋਣਾ।

ਸ.ਬੈਂਸ ਨੇ ਕਿਹਾ ਕਿ ਸ.ਪਾਤਰ ਦੀ ਨਿਮਰਤਾ ,ਹਲੀਮੀ, ਮਿੱਠ ਬੋਲੜੀ ਸ਼ਖ਼ਸੀਅਤ ਤੋਂ ਮੈਂ ਆਪਣੇ ਬਚਪਨ  ਦੇ ਦਿਨਾਂ ਤੋਂ ਹੀ ਬਹੁਤ ਪ੍ਰਭਾਵਿਤ ਰਿਹਾ ਹੈ ਅਤੇ ਉਨ੍ਹਾਂ ਨੇ ਮੇਰੇ ਜੀਵਨ ਨੂੰ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਭਾਸ਼ਾ ਮੰਤਰੀ ਪੰਜਾਬ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

——–

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 11 ਮਈ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ’ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ।

ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਸ. ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀਤੀ।

ਸ. ਸੰਧਵਾਂ ਨੇ ਕਿਹਾ ਕਿ ਸ. ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਯਾਦ ਕੀਤਾ ਕਿ ਸ. ਪਾਤਰ ਨੇ ਗੂਗਲ ਦੇ ਜੇਮਿਨੀ ਆਈਐਪ (ਆਰਟੀਫੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ’ਤੇ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮੁੱਦੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ, ਭਾਵੇਂ ਕਿ ਇਸ ਪਲੇਟਫਾਰਮ ਵਿਚ ਗੁਜਰਾਤੀ ਸਮੇਤ ਕਈ ਹੋਰ ਖੇਤਰੀ ਭਾਸ਼ਾਵਾਂ ਸ਼ਾਮਲ ਸਨ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ. ਪਾਤਰ ਅਤੇ ਹੋਰਨਾਂ ਨਾਲ ਮਿਲ ਕੇ ਪੰਜਾਬੀ ਦਾ ਡਾਟਾ ਤੇਜੀ ਨਾਲ ਤਿਆਰ ਕਰਕੇ ਗੂਗਲ ਦੇ ਜੈਮਿਨੀ ਆਈਐਪ ’ਤੇ ਆਨਲਾਈਨ ਅਪਲੋਡ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਨੂੰ ਅਸਲ ਸ਼ਰਧਾਂਜਲੀ ਉਸ ਮਿਸ਼ਨ ਨੂੰ ਪੂਰਾ ਕਰਨਾ ਹੀ ਹੋਵੇਗੀ।

ਸਪੀਕਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

——–

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

– ਰੈਕਟ ਦੇ ਮੁੱਖ ਸਰਗਨਾ ਸਮੇਤ 7 ਵਿਅਕਤੀ ਕਾਬੂ; 70.42 ਲੱਖ ਨਸ਼ੀਲੀਆਂ ਗੋਲੀਆਂ, 725 ਕਿਲੋਗ੍ਰਾਮ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ: ਡੀਜੀਪੀ ਗੌਰਵ ਯਾਦਵ

– ਪੰਜ ਸੂਬਿਆਂ ਵਿੱਚ ਤਿੰਨ-ਮਹੀਨੇ ਚੱਲੀ ਕਾਰਵਾਈ

ਚੰਡੀਗੜ੍ਹ/ਅੰਮ੍ਰਿਤਸਰ, ਮਈ 11:

ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਅੰਤਰਰਾਜੀ ਗੈਰ-ਕਾਨੂੰਨੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਗ੍ਰਿਫ਼ਤਾਰ ਕੀਤੇ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਦੇ ਸੁਖਵਿੰਦਰ ਸਿੰਘ ਉਰਫ ਧਾਮੀ ਅਤੇ ਅੰਮ੍ਰਿਤਸਰ ਦੇ ਗੋਵਿੰਦ ਨਗਰ ਦੇ ਜਸਪ੍ਰੀਤ ਸਿੰਘ ਉਰਫ ਜੱਸ ਨਾਮੀ ਦੋ ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਤਿੰਨ ਮਹੀਨਿਆਂ ਤੱਕ ਕੀਤੀ ਬਾਰੀਕੀ ਨਾਲ ਜਾਂਚ ਉਪਰੰਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹਨਾਂ ਤਸਕਰਾਂ ਨੂੰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੰਜ ਸੂਬਿਆਂ ਵਿੱਚ ਚਲਾਏ ਇਸ ਪੂਰੇ ਆਪ੍ਰੇਸ਼ਨ ਦੌਰਾਨ, ਪੁਲਿਸ ਵੱਲੋਂ ਕੁੱਲ 7 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 70.42 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 2.37 ਲੱਖ ਰੁਪਏ ਦੀ ਡਰੱਗ ਮਨੀ ਅਤੇ 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਦੀ ਪ੍ਰਭਾਵੀ ਬਰਾਮਦਗੀ ਹੋਈ ਹੈ। ਇਹਨਾਂ ਪੰਜ ਸੂਬਿਆਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਸਪੀ ਐਸਟੀਐਫ ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਐਸਟੀਐਫ ਵਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਇਸ ਰੈਕੇਟ ਦੇ ਮੁੱਖ ਸਰਗਨਾ ਐਲੇਕਸ ਪਾਲੀਵਾਲ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਟਰੇਸ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਸ ਦੇ ਕਬਜ਼ੇ ’ਚੋਂ 9.04 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.37 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਦੋਸ਼ੀ ਐਲੇਕਸ ਪਾਲੀਵਾਲ ਦੇ ਖੁਲਾਸੇ ਉਪਰੰਤ, ਹਿਮਾਚਲ ਪ੍ਰਦੇਸ਼ ਵਿੱਚ ਕਾਰਵਾਈ ਕਰਦਿਆਂ ਡਰੱਗ ਕੰਟਰੋਲ ਅਫਸਰ ਸੁਖਦੀਪ ਸਿੰਘ ਅਤੇ ਰਮਨੀਕ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਜਾਂਚ ਕੀਤੀ ਅਤੇ ਰਿਕਾਰਡ ਜ਼ਬਤ ਕੀਤੇ। ਇਹਨਾਂ ਰਿਕਾਰਡਾਂ ਤੋਂ ਪਤਾ ਲੱਗਾ ਕਿ ਕੰਪਨੀ ਨੇ ਸਿਰਫ਼ ਅੱਠ ਮਹੀਨਿਆਂ ਵਿੱਚ 20 ਕਰੋੜ ਤੋਂ ਵੱਧ ਅਲਪਰਾਜ਼ੋਲਮ ਗੋਲੀਆਂ ਦਾ ਨਿਰਮਾਣ ਕੀਤਾ। ਰਿਕਾਰਡਾਂ ਤੋਂ ਮਹਾਰਾਸ਼ਟਰ ਦੀ ਮੈਸਰਜ਼ ਐਸਟਰ ਫਾਰਮਾ ਨੂੰ ਕੀਤੀ ਜਾਂਦੀ ਸਪਲਾਈ ਦਾ ਵੀ ਪਤਾ ਲੱਗਾ। ਇਸ ਸਬੰਧੀ ਹੋਰ ਜਾਂਚ ਨਾਲ ਬੱਦੀ ਸਥਿਤ ਬਾਇਓਜੈਨੇਟਿਕ ਡਰੱਗ ਪ੍ਰਾਈਵੇਟ ਲਿਮਟਿਡ ਦੀ ਦੂਜੀ ਫਾਰਮਾ ਨਿਰਮਾਣ ਕੰਪਨੀ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਦਾ ਪਰਦਾਫਾਸ਼ ਹੋਇਆ।

ਡੀਜੀਪੀ ਨੇ ਕਿਹਾ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਵਿਰੁੱਧ ਕੀਤੀ ਗਈ ਕਾਰਵਾਈ ਦੌਰਾਨ 47.32 ਨਸ਼ੀਲੇ ਕੈਪਸੂਲ ਅਤੇ 725.5 ਕਿਲੋ ਨਸ਼ੀਲੇ ਟਰਾਮਾਡੋਲ ਪਾਊਡਰ — ਜੋ ਕਿ 1.5 ਕਰੋੜ ਕੈਪਸੂਲ ਬਣਾਉਣ ਲਈ ਕਾਫੀ ਸੀ, ਬਰਾਮਦ ਹੋਇਆ। ਰਿਕਾਰਡ ਤੋਂ ਪਤਾ ਲੱਗਾ ਹੈ ਕਿ ਸਮਾਈਲੈਕਸ ਫਾਰਮਾ ਕੈਮ ਡਰੱਗ ਇੰਡਸਟਰੀਜ਼ ਨੇ ਇਕ ਸਾਲ ਦੇ ਅੰਦਰ 6500 ਕਿਲੋਗ੍ਰਾਮ ਨਸ਼ੀਲਾ ਟਰਾਮਾਡੋਲ ਪਾਊਡਰ ਖਰੀਦਿਆ ਸੀ।

ਉਨ੍ਹਾਂ ਕਿਹਾ ਕਿ ਇਸੇ ਦੌਰਾਨ ਹੀ ਨਸ਼ੀਲੇ ਪਦਾਰਥਾਂ ਦੀ ਟਰਾਂਸਪੋਰਟੇਸ਼ਨ ਅਤੇ ਵੰਡ ਸਬੰਧੀ ਜਾਂਚ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਅੰਤਰਰਾਜੀ ਨੈਟਵਰਕ ਦੀ ਜਾਂਚ ਕਰਦਿਆਂ 4 ਹੋਰ ਸਪਲਾਇਰ ਜਿਹਨਾਂ ਦੀ ਪਛਾਣ ਇੰਤਜ਼ਾਰ ਸਲਮਾਨੀ, ਪ੍ਰਿੰਸ ਸਲਮਾਨੀ, ਬਲਜਿੰਦਰ ਸਿੰਘ ਅਤੇ ਸੂਬਾ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਟੀਮਾਂ ਨੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੇੜੇ ਟਰਾਂਸਪੋਰਟੇਸ਼ਨ ਵਾਹਨ ਵਿੱਚੋਂ 9.80 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਐਫਆਈਆਰ ਨੰਬਰ 31 ਮਿਤੀ 20.02.2024 ਨੂੰ ਥਾਣਾ ਐਸ.ਟੀ.ਐਫ., ਐਸ.ਏ.ਐਸ.ਨਗਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22-ਸੀ, 25, 27-ਏ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਡੱਬੀ: ਕਾਰਜ ਵਿਧੀ

ਇਹ ਸਮਝਣ ਲਈ ਕਿ ਨਸ਼ੇ ਪੰਜਾਬ ਵਿੱਚ ਕਿਵੇਂ ਦਾਖਲ ਹੋਏ, ਜਾਂਚ ਟੀਮ ਨੇ ਪਤਾ ਲਗਾਇਆ ਕਿ ਇਨ੍ਹਾਂ ਨਸ਼ੀਲੇ ਪਦਾਰਥਾਂ ਦੇ ਨਿਰਮਾਣ ਵਿੱਚ ਸ਼ਾਮਲ ਲੋਕਾਂ ਨੇ ਕਾਨੂੰਨੀ ਜ਼ਰੂਰਤਾਂ ਨੂੰ ਅਣਗੌਲਿਆਂ ਕੀਤਾ ਅਤੇ ਕਾਨੂੰਨ ਦੀ ਉਲੰਘਣਾ ਕੀਤੀ। ਨਤੀਜੇ ਵਜੋਂ, ਇਨ੍ਹਾਂ ਪਦਾਰਥਾਂ ਦੀ ਵੰਡ ਸਮੇਂ ਇਹ ਆਪਣੇ ਇੱਛਤ ਪ੍ਰਾਪਤਕਰਤਾਵਾਂ ਤੱਕ ਨਹੀਂ ਪਹੁੰਚੇ, ਸਗੋਂ ਇਹਨਾਂ ਨੂੰ ਵਾਪਸ ਭੇਜ ਦਿੱਤਾ ਗਿਆ ਅਤੇ ਆਖਰਕਾਰ ਇਹ ਪੰਜਾਬ ਵਿੱਚ ਪਹੁੰਚ ਗਏ।

————

LEAVE A REPLY

Please enter your comment!
Please enter your name here